ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਆਜ਼ਾਦੀ ਦਿਵਸ ਸਮਾਰੋਹ ਲਈ ਹੋਈ ਅੰਤਿਮ ਰੀਹਰਸਲ ਦਾ ਲਿਆ ਜਾਇਜ਼ਾ

ਮੋਗਾ 13 ਅਗਸਤ:(ਜਸ਼ਨ): ਜ਼ਿਲਾ ਪੱਧਰੀ ਆਜ਼ਾਦੀ ਦਿਹਾੜੇ ‘ਤੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਅਨਾਜ ਮੰਡੀ ਮੋਗਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਸ ਤੋ ਬਾਅਦ ਵਿੱਤ ਮੰਤਰੀ ਵੱਲੋ ਜ਼ਿਲਾ ਕੰਪਲੈਕਸ ਵਿਖੇ ਕਰੈਚ ਅਤੇ ਮੋਗਾ ਦੇ ਪਿੰਡ ਖੋਸਾ ਰਣਧੀਰ ਵਿਖੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਅੰਤਿਮ ਤੇ ਫੁੱਲ ਡਰੈਸ ਰੀਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋ ਬਾਅਦ ਮਾਰਚ ਪਾਸਟ ਤੋ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿੱਚ ਹਿੱਸਾ ਲਿਆ। ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਬਾਅਦ ਵਿੱਚ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨਾਂ ਰੀਹਰਸਲ ਦੌਰਾਨ ਸੱਭਿਆਚਾਰਕ ਪ੍ਰੋਗਰਾਮ ‘ਚ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਆਪਕਾਂ ਨੂੰ ਹਦਾਇਤ ਕੀਤੀ। ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਵਿਸ਼ੇਸ਼ ਕਾਰਗੁਜ਼ਾਰੀ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਲੋੜਵੰਦ ਵਿਅਕਤੀਆਂ ਨੂੰ ਟ੍ਰਾਈ ਸਾਈਕਲ/ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਮੱਦੇ-ਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਂ ਦੱਸਿਆ ਕਿ ਆਜਾਦੀ ਦਿਵਸ ਵਿੱਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਇੱਕ-ਇੱਕ ਬੂਟੇ ਦੀ ਵੰਡ ਕੀਤੀ ਜਾਵੇਗੀ ਤਾਂ ਜੋ ਸਾਡਾ ਵਾਤਾਵਰਨ ਸਾਫ ਸੁਥਰਾ ਅਤੇ ਸੁੱਧ ਰਹੇ।ਅਲਤਬਸਉਨਾਂ ਦੱਸਿਆ ਕਿ ਆਜਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਅਭਿਆਨਾਂ ਜਿਵੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਝਾਕੀ, ‘ਪਾਣੀ ਬਚਾਓ ਪੈਸਾ ਪਾਓ‘, ‘ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ‘, ‘ਘਰ-ਘਰ ਹਰਿਆਲੀ‘,‘ਸਵੱਛ ਭਾਰਤ‘ ‘ਮਿਸ਼ਨ ਤੰਦਰੁਸਤ ਪੰਜਾਬ‘, ‘ਨਸ਼ਾ ਵਿਰੋਧੀ ਮੁਹਿੰਮ‘, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ-ਘਰ ਰੋਜ਼ਗਾਰ, ਸ਼ਹਿਰੀ ਵਾਤਾਵਰਨ ਸੁਧਾਰ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਆਦਿ ਬਾਰੇ ਜਾਣਕਾਰੀ ਦੇਣ ਲਈ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਟਾਲ ਵੀ ਲਗਾਏ ਜਾਣਗੇ। ਇਸ ਮੌਕੇ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਜਿੰਦਰ ਬਤਰਾ, ਵਧੀਕ ਡਿਪਟੀ ਕਮਿਸ਼ਨਰ ਜਰਨਰਲ ਸ੍ਰੀਮਤੀ ਅਨੀਤਾ ਦਰਸ਼ੀ ਸਹਾਇਕ ਕਮਿਸ਼ਨਰ (ਜ) ਸ੍ਰੀ ਲਾਲ ਵਿਸ਼ਵਾਸ ਬੈਸ, ਅਤੇ ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਬਿੰਦਰ ਸਿੰਘ ਜੌਹਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕ੍ਰਮਚਾਰੀ ਹਾਜ਼ਰ ਸਨ।