ਕੈਪਟਨ ਅਮਰਿੰਦਰ ਸਿੰਘ ਵੱਲੋਂ ਬਰਗਾੜੀ ਜਾਂਚ ’ਚ ਅੜਿੱਕੇ ਡਾਹੁਣ ’ਤੇ ਅਕਾਲੀਆਂ ਦੀ ਸਖ਼ਤ ਆਲੋਚਨਾ, ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਸਰਕਾਰ ਅਦਾਲਤ ’ਚ ਪਹੁੰਚੀ -- ਮੁੱਖ ਮੰਤਰੀ

ਐਸ.ਏ.ਐਸ.ਨਗਰ (ਮੋਹਾਲੀ), 20 ਅਗਸਤ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਜਾਂਚ ਕਰ ਕੇ ਕਾਨੂੰਨੀ ਸਿੱਟੇ ’ਤੇ ਲਿਜਾਇਆ ਜਾ ਸਕੇ।

        ਅੱਜ ਇੱਥੇ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀ.ਬੀ.ਆਈ ਦੇ ਹੱਥਾਂ ਵਿੱਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਬੰਦ ਕਰ ਦਿੱਤਾ।

        ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਦੇ ਸੰਦਰਭ ਵਿੱਚ ਰਾਜੀਵ ਗਾਂਧੀ ਬਾਰੇ ਤੱਥਾਂ ਨੂੰ ਤੋੜਨ-ਮਰੋੜਣ ਦੀ ਕੋਸ਼ਿਸ਼ ਕਰਨ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਦੋਂ ਇਹ ਦੰਗੇ ਹੋਏ ਸਨ ਤਾਂ ਉਸ ਵੇਲੇ ਸੁਖਬੀਰ ਖੁਦ ਤਾਂ ਅਮਰੀਕਾ ਵਿੱਚ ਸੀ ਅਤੇ ਉਸ ਨੂੰ ਕੁਝ ਵੀ ਨਹੀਂ ਪਤਾ ਕਿ ਉਸ ਵੇਲੇੇ ਭਾਰਤ ਵਿੱਚ ਕੀ ਵਾਪਰਿਆ ਸੀ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋੋਸ ਗੱਲ ਤੋਂ ਯਭਲੀਆਂ ਮਾਰਨਾ ਸੁਖਬੀਰ ਬਾਦਲ ਦੀ ਪੁਰਾਣੀ ਆਦਤ ਹੈ।

        ਭਾਰਤ-ਪਾਕਿ ਸਬੰਧਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਾਕਿਸਤਾਨ ਆਪਣੀ ਵਚਨਬੱਧਤਾ ਨੂੰ ਨਿਭਾਏਗਾ ਅਤੇ ਉਲੀਕੀ ਗਈ ਯੋਜਨਾ ਦੇ ਮੁਤਾਬਕ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਕਰੇਗਾ।

        ਮੋਹਲੇਧਾਰ ਮੀਂਹ ਨਾਲ ਆਏ ਹੜ੍ਹਾਂ ਕਾਰਨ ਸੂਬੇ ਵਿੱਚ ਹੋਏ ਨੁਕਸਾਨ ਬਾਰੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੇ ਜੀਵਨ ਨੂੰ ਹਰ ਹੀਲੇ ਸੁਰੱਖਿਅਤ ਬਣਾਇਆ ਜਾਵੇਗਾ।