ਮੋਗਾ ਜ਼ਿਲ੍ਹੇ ਦੇ 63 ਹਜ਼ਾਰ 835 ਬੱਚਿਆਂ ਨੂੰ ਦਿੱਤਾ ਜਾ ਰਿਹੈ ਮਿਡ-ਡੇ-ਮੀਲ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ

ਮੋਗਾ 10 ਸਤੰਬਰ: (ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦਾ ਆਖਣਾ ਏ ਕਿ ਮੋਗਾ ਜ਼ਿਲੇ ‘ਚ ਮਿਡ-ਡੇ-ਮੀਲ ਸਕੀਮ ਨਿਰਵਿਘਨ ਜਾਰੀ ਹੈ ਜੋ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਜ਼ਿਲੇ ਵਿੱਚ ਮਿਡ ਡੇ ਮੀਲ ਨੂੰ ਸਫ਼ਲਤਾ-ਪੂਰਵਿਕ ਚਲਾਉਣ ਲਈ 2 ਕਰੋੜ 64 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸ਼੍ਰੀ ਹੰਸ ਨੇ ਆਖਿਆ ਕਿ ਮੋਗਾ ਜ਼ਿਲੇ ਵਿੱਚ 239 ਅਪਰ ਪ੍ਰਾਇਮਰੀ ਸਕੂਲ ਅਤੇ 373 ਪ੍ਰਾਇਮਰੀ ਸਕੂਲ ਹਨ। ਅੱਪਰ-ਪ੍ਰਾਇਮਰੀ ਸਕੂਲਾਂ ‘ਚ ਪੜਨ ਵਾਲੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਗਿਣਤੀ 25,781 ਅਤੇ ਪ੍ਰਾਇਮਰੀ ਸਕੂਲਾਂ ਵਿੱਚ ਪੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ 38,054 ਹੈ। ਇੰਨਾਂ ਸਾਰੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਮੀਨੂ ਅਨੁਸਾਰ ਬਿਲਕੁੱਲ ਮੁਫ਼ਤ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਦੇਣ, ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਤੇ ਨਿਯਮਤਤਾ ਹਾਜ਼ਰੀ ਵਧਾਉਣ ਦੇ ਮਕਦ ਨਾਲ ਸਾਰੇ ਸਰਕਾਰੀ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ/ਮਾਨਤਾ ਪ੍ਰਾਪਤ ਸਕੂਲਾਂ ਵਿੱਚ ਮਿਡ-ਡੇ-ਮੀਲ ਸਕੀਮ ਲਾਗੂ ਕੀਤੀ ਗਈ ਹੈ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ ਨੇ ਦੱਸਿਆ ਕਿ ਖਾਣਾ ਬਣਾਉਣ ਲਈ ਜ਼ਿਲੇ ਦੇ ਸਾਰੇ ਸਕੂਲਾਂ ਲਈ 1,468 ਕੁੱਕ ਰੱਖੇ ਹੋਏ ਹਨ, ਜਿੰਨਾਂ ਨੂੰ ਪ੍ਰਤੀ ਮਹੀਨਾ ਪ੍ਰਤੀ ਕੁੱੱਕ 1,700 ਰੁਪਏ ਮਾਣ-ਭੱਤਾ ਦਿੱਤਾ ਜਾਂਦਾ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਮਿਡ-ਡੇ-ਮੀਲ ਬਣਾਉਣ ਲਈ ਕਿਚਨ ਸ਼ੈਡਾਂ ਦੀ ਉਸਾਰੀ ਕੀਤੀ ਗਈ ਹੈ ਅਤੇ ਇਸ ਸਮੇਂ ਇਕ ਕਿਚਨ ਸ਼ੈਡ ਦੀ ਉਸਾਰੀ ਲਈ 1 ਲੱਖ 10 ਹਜ਼ਾਰ ਰੁਪਏ ਦੀ ਗ੍ਰਾਂਟ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2019-20 ਦੌਰਾਨ ਹੁਣ ਤੱਕ ਪ੍ਰਾਇਮਰੀ ਸਕੂਲਾਂ ਲਈ 1 ਕਰੋੜ 38 ਲੱਖ ਰੁਪਏ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਲਈ 1 ਕਰੋੜ 26 ਲੱਖ ਰੁਪਏ ਕੁਕਿੰਗ ਕੋਸਟ ‘ਤੇ ਖਰਚ ਕੀਤੇ ਗਏ। ਇਸ ਤੋਂ ਇਲਾਵਾ ਕੁੱਕਾਂ ਦੇ ਮਾਣ-ਭੱਤੇ ’ਤੇ 99 ਲੱਖ 37 ਹਜਾਰ ਰੁਪਏ ਖਰਚ ਕੀਤੇ ਗਏ ਹਨ। ਸ. ਔਲਖ ਨੇ ਅੱਗੇ ਦੱਸਿਆ ਕਿ ਜ਼ਿਲੇ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਗੈਸ ਕੁਨੈਕਸ਼ਨ ਅਤੇ ਗੈਸੀ ਭੱਠੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿਚ ਅੱਗ ਬੁਝਾਊ ਯੰਤਰ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਖਾਣਾ ਖਾਣ ਲਈ ਸਾਰੇ ਸਕੂਲਾਂ ਨੂੰ ਬੱਚਿਆਂ ਦੀ ਗਿਣਤੀ ਅਨੁਸਾਰ ਬਰਤਨ ਵੀ ਸਪਲਾਈ ਕੀਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਵਿੱਤੀ ਸਾਲ 2019-20 ਲਈ ਹੁਣ ਤੱਕ ਪ੍ਰਾਇਮਰੀ ਸਕੂਲਾਂ ਲਈ 2,180 ਕੁਇੰਟਲ ਚਾਵਲ ਅਤੇ 2,050 ਕੁਇੰਟਲ ਕਣਕ ਸਪਲਾਈ ਕੀਤੀ ਜਾ ਚੁੱਕੀ ਹੈ, ਜਦ ਕਿ ਅੱਪਰ ਪ੍ਰਾਇਮਰੀ ਸਕੂਲਾਂ ਲਈ 2,120 ਕੁਇੰਟਲ ਚਾਵਲ ਅਤੇ 2,020 ਕੁਇੰਟਲ ਕਣਕ ਸਪਲਾਈ ਕੀਤੀ ਜਾ ਚੁੱਕੀ ਹੈ।