ਆਗਾਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ- ਕੈਪਟਨ ਅਮਰਿੰਦਰ ਸਿੰਘ

ਲੁਧਿਆਣਾ, 21 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਗਾਮੀ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜਿੱਤ ਦਰਜ ਕਰੇਗੀ। ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕਰਮਵਾਰ ਦੋ ਰੋਜ਼ਾ ਕਿਸਾਨ ਮੇਲਾ ਅਤੇ ਪਸ਼ੂ ਪਾਲਣ ਮੇਲਾ ਦੇ ਉਦਘਾਟਨੀ ਸਮਾਰੋਹ ਦੌਰਾਨ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੀਆਂ ਪ੍ਰਗਤੀਸ਼ੀਲ ਅਤੇ ਭਲਾਈ ਯੋਜਨਾਵਾਂ ਦੇ ਸਿਰ ’ਤੇ ਆਗਾਮੀ ਜ਼ਿਮਨੀ ਚੋਣਾਂ ਲੜਨ ਅਤੇ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਸੂਬੇ ਦੇ ਵਿਕਾਸ ਲਈ ਕੀਤੇ ਗਏ ਉਪਰਾਲਿਆਂ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਵੋਟ ਦਾ ਇਸਤੇਮਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਕਰਨਗੇ। ਉਨ੍ਹਾਂ ਕਿਹਾ ਪਿਛੇ ਜਿਹੇ ਹੋਈਆਂ ਆਮ ਚੋਣਾਂ ਦੀ ਤਰ੍ਹਾਂ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਦੇ ਪਿਛਾਂਹਖਿੱਚੂ ਅਤੇ ਵੰਡਣ ਵਾਲੀ ਰਾਜਨੀਤੀ ਨੂੰ ਨਕਾਰ ਦੇਣਗੇ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਵਿਖੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ’ਤੇ ਪਾਕਿਸਤਾਨ ਵੱਲੋਂ ਲਗਾਏ ਜਾਣ ਵਾਲੇ 20 ਅਮਰੀਕੀ ਡਾਲਰ ਜਜ਼ੀਆ ਕਰ ਬਾਰੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਕਰ ਨੂੰ ਖ਼ਤਮ ਕਰਵਾਇਆ ਜਾਵੇ ਤਾਂ ਜੋ ਸਿੱਖ ਸੰਗਤ ਨੂੰ ਇਸ ਪਵਿੱਤਰ ਧਾਰਮਿਕ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣ। ਉਨ੍ਹਾਂ ਕਿਹਾ ਕਿ ਭਾਰਤ ਵਾਲੇ ਪਾਸੇ ਬੜੀ ਤੇਜੀ ਨਾਲ ਬਣ ਰਹੇ ਕਰਤਾਰਪੁਰ ਕੋਰੀਡੋਰ ਨਾਲ ਸੰਗਤ ਨੂੰ ਇਸ ਪਵਿੱਤਰ ਸਥਾਨ ਦੇ ਆਸਾਨੀ ਨਾਲ ਦਰਸ਼ਨ ਹੋ ਸਕਣਗੇ, ਜਿਸਦਾ ਪਾਕਿਸਤਾਨ ਨੂੰ ਸਤਿਕਾਰ ਕਰਨਾ ਚਾਹੀਦਾ ਹੈ।   ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ