ਜ਼ਬਤ ਹੋਣਗੀਆਂ ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ - ਕਾਹਨ ਸਿੰਘ ਪੰਨੂੰ ,ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਆਖਿਆ

ਚੰਡੀਗੜ, 24 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਝੋਨੇ ਦੀ ਵਢਾਈ ਉਪਰੰਤ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ. ਲਵਾਉਣ ਦੀ ਅਪੀਲ ਕੀਤੀ ਹੈ। ਉਨਾਂ ਇਹ ਵੀ ਦੱਸਿਆ ਕਿ ਇਕ ਕੰਬਾਈਨ ’ਤੇ ਸੁਪਰ ਐਸ.ਐਮ.ਐਸ ਲਵਾਉਣ ਦੀ ਲਾਗਤ 1.10 ਲੱਖ ਰੁਪਏ ਹੈ ਜਿਸ ਉੱਪਰ ਸੂਬਾ ਸਰਕਾਰ 50 ਫੀਸਦੀ ਸਬਸਿਡੀ ਦੇ ਰਹੀ ਹੈ।  ਸੂਬੇ ਵਿੱਚ ਲਗਭਗ 12 ਹਜ਼ਾਰ ਕੰਬਾਈਨਾਂ ਹਨ ਜਿਨਾਂ ਵਿੱਚ ਪੰਜ ਹਜ਼ਾਰ ਕੰਬਾਈਨਾਂ ’ਤੇ ਪਹਿਲਾਂ ਹੀ ਐਸ.ਐਮ.ਐਸ. ਲੱਗ ਚੁੱਕੇ ਹਨ। ਉਨਾਂ ਆਖਿਆ ਕਿ ਕੰਬਾਈਨ ਮਾਲਕਾਂ ਨੂੰ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ  1981 ਤਹਿਤ ਜਾਰੀ ਹੋਈਆਂ ਹਦਾਇਤਾਂ ਨੂੰ ਅਪਣਾਉਣਾ ਹੋਵੇਗਾ ਤਾਂ ਕਿ ਝੋਨੇ ਦੇ ਵਢਾਈ ਸੀਜ਼ਨ ਦੌਰਾਨ ਸਿਰਫ਼ ਐਸ.ਐਮ.ਐਸ. ਵਾਲੀਆਂ ਮਸ਼ੀਨਾਂ ਚੱਲਣ ਨੂੰ ਯਕੀਨੀ ਬਣਾਇਆ ਜਾ ਸਕੇ। ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਅਤੇ ਇਸ ਦੇ ਵਾਤਾਵਰਣ ’ਤੇ ਪੈ ਰਹੇ ਮਾਰੂ ਪ੍ਰਭਾਵ ਦੇ ਕਾਰਨ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ) ਐਕਟ  1981 ਦੀ ਧਾਰਾ 31 ਤਹਿਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਸ ਅਨੁਸਾਰ ਸੂਬੇ ਵਿੱਚ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਮਸ਼ੀਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਇਸ ਸਿਸਟਮ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਪੰਨੂੰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਜਾਰੀ ਕਰ ਕੇ ਇਨਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਟਰਾਂਸਪੋਰਟ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਾਉਣ ਲਈ ਆਖਿਆ। ਖੇਤੀਬਾੜੀ ਸਕੱਤਰ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੀ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ. ਲਾਉਣ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਕਰ ਚੁੱਕੀ ਹੈ। ਇਹ ਸਿਸਟਮ ਝੋਨਾ ਵੱਢਣ ਮੌਕੇ ਮਸ਼ੀਨ ’ਚੋਂ ਨਿਕਲਦੀ ਪਰਾਲੀ ਦਾ ਕੁਤਰਾ ਕਰ ਕੇ ਉੱਥੇ ਹੀ ਖਿਲਾਰ ਦਿੰਦਾ ਹੈ ਜਿਸ ਨਾਲ ਕਿਸਾਨਾਂ ਨੂੰ ਅਗਲੀ ਫਸਲ ਬੀਜਣ ਤੋਂ ਪਹਿਲਾਂ ਪਰਾਲੀ ਸਾੜਨ ਦੀ ਲੋੜ ਨਹੀਂ ਰਹਿੰਦੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ