ਸੁਖਬੀਰ ਬਾਦਲ ਦਾ ਇਹ ਕਹਿਣਾ ਕਿ ਸਰਕਾਰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਦੂਰ ਰਹੇ, ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ: ਚੰਨੀ

ਚੰਡੀਗੜ੍ਹ, 5 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨ ਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨੂੰ ਬੜਾ ਹੀ ਹਾਸੋ-ਹੀਣਾ ਅਤੇ ਸੁਖਬੀਰ ਬਾਦਲ ਦੀ ਸੌੜੀ ਮਾਨਸਿਕਤਾ ਦੱਸਦੇ ਕਿਹਾ ਕਿ ਸੁਖਬੀਰ ਬਾਦਲ ਖੁਦ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਵੀ ਉੱਪਰ ਸਮਝਦੇ ਹਨ।ਸ. ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਹੁਕਮਾਂ ਦੇ ਤਹਿਤ ਹੀ ਸਰਕਾਰ ਅਤੇ ਸ੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣ।ਸ. ਚੰਨੀ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਖੁਦ ਹੀ ਨਹੀਂ ਚਾਹੁੰਦੇ ਕਿ ਇਹ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣ ਅਤੇ ਉਨ੍ਹਾਂ ਵਲੋਂ ਸਰਕਾਰ ਨੂੰ ਇਨ੍ਹਾਂ ਸਮਾਗਮਾਂ ਤੋਂ ਦੂਰ ਰਹਿਣ ਲਈ ਦਿੱਤਾ ਬਿਆਨ ਸਿੱਧ ਕਰਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਹੁਕਮਾਂ ਤੱਕ ਨੂੰ ਵੀ ਟਿੱਚ ਜਾਣਦੇ ਹਨ ਅਤੇ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਉੱਪਰ ਸਮਝਦਾ ਹੈ।ਸ. ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਨੂੰ ਅਪੀਲ ਕੀਤੀ  ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਜਿਹੇ ਬਿਆਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਮੰਨਦਿਆਂ ਸੁਖਬੀਰ ਬਾਦਲ ਦੇ ਖਿਲਾਫ ਕਾਰਵਾਈ ਕੀਤੀ ਜਾਵੇ।ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਸੁਖਬੀਰ ਬਾਦਲ ਵਲੋਂ ਦਿੱਤੇ ਬਿਆਨਾਂ ਦੀ ਨਿਖੇਧੀ ਕਰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਮਸਲਾ ਸਰਕਾਰਾਂ ਦੇ ਪੱਧਰ ’ਤੇ ਹੱਲ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਲਾਂਘਾ ਖੋਲ੍ਹਣ ਲਈ ਮੁੱਖ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਰਕਾਰੀ ਪੱਧਰ ’ਤੇ ਹੀ ਮਨਾਇਆ ਜਾਣਾ ਬਣਦਾ ਹੈ।