ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇ,ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣਗੇ ਡਿਪਟੀ ਕਮਿਸ਼ਨਰ

ਚੰਡੀਗੜ, 9 ਅਕਤੂਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੂਬੇ ਵਿੱਚ ਪਰਾਲੀ ਸਾੜਣ ਵਿਰੁੱਧ ਚੁੱਕੇ ਜਾ ਰਹੇ ਕਦਮਾਂ ਨੂੰ ਹੇਠਲੇ ਪੱਧਰ ’ਤੇ ਹੋਰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ ਸਭਾਵਾਂ ਅਤੇ ਖੁਦਮੁਖ਼ਤਿਆਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਇਸ ਵਿੱਚ ਸ਼ਾਮਲ ਕਰਦਿਆਂ ਉਨਾਂ ਦੀ ਮਾਲਕੀ ਵਾਲੇ ਜਾਂ ਖੁਦ ਦੀ ਕਾਸ਼ਤ ਵਾਲੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਉਨਾਂ ਦੀ ਜਵਾਬਦੇਹੀ ਤੈਅ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਵਿਸਥਾਰ ਵਿੱਚ ਹਦਾਇਤਾਂ ਜਾਰੀ ਕਰਦਿਆਂ ਸਰਕਾਰ ਨੇ ਸਮੂਹ ਕਰਮਚਾਰੀਆਂ ਨੂੰ ਉਨਾਂ ਵੱਲੋਂ ਝੋਨੇ ਦੀ ਕਾਸ਼ਤ ਹੇਠ ਆਪਣੀ ਜ਼ਮੀਨ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਜੇਕਰ ਕੋਈ ਮੁਲਾਜ਼ਮ ਇਨਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਅਜਿਹੇ ਮੁਲਾਜ਼ਮਾਂ ਵਿਰੁੱਧ ਸੇਵਾ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਇਹ ਵੀ ਦੱਸਿਆ ਕਿ ਮੁਲਾਜ਼ਮਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪਰਾਲੀ ਸਾੜਣ ਦੇ ਖਤਰਨਾਕ ਰੁਝਾਨ ਨੂੰ ਠੱਲ ਪਾਉਣ ਲਈ ਬਾਕੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਕਿਉਂ ਜੋ ਇਹ ਅਮਲ ਵਾਤਾਵਰਣ ਅਤੇ ਸਿਹਤ ਲਈ ਬਹੁਤ ਮਾਰੂ ਸਾਬਤ ਹੁੰਦਾ ਹੈ। ਇਸੇ ਤਰਾਂ ਮੁਲਾਜ਼ਮਾਂ ਨੂੰ ਇਹ ਵੀ ਪਾਬੰਦ ਕੀਤਾ ਗਿਆ ਹੈ ਕਿ ਜੇਕਰ ਕਿਧਰੇ ਪਰਾਲੀ ਸਾੜਣ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹ ਤੁਰੰਤ ਸਬੰਧਤ ਅਥਾਰਟੀ ਦੇ ਨੋਟਿਸ ਵਿੱਚ ਲਿਆਉਣਗੇ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀ ਜਿੱਥੇ ਖੁਦ ਪਰਾਲੀ ਸਾੜਣ ਦੇ ਅਮਲ ਤੋਂ ਲਾਂਭੇ ਰਹਿਣਗੇ, ਉੱਥੇ ਹੀ ਪਰਾਲੀ ਸਾੜਣ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵ ਬਾਰੇ ਜਾਗਰੂਕਤਾ ਪੈਦਾ ਕਰਨਗੇ। ਖੇਤੀਬਾੜੀ ਸਕੱਤਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲਾ ਪੁਲੀਸ ਮੁਖੀਆਂ ਤੇ ਹੋਰ ਪੁਲੀਸ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਜ਼ੋਰ ਦੇ ਕੇ ਆਖਣ। ਇਸੇ ਤਰਾਂ ਸਾਰੇ ਮਾਲ ਪਟਵਾਰੀਆਂ ਨੂੰ ਵੀ ਇਹ ਆਦੇਸ਼ ਦਿੱਤੇ ਗਏ ਹਨ ਕਿ ਜਿਸ ਖੇਤ ਵਿੱਚ ਵੀ ਪਰਾਲੀ ਸਾੜੀ ਜਾਂਦੀ ਹੈ, ਉਸ ਜ਼ਮੀਨ ਦੀ ਗਿਰਦਾਵਰੀ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਖੇਤ ਸਬੰਧੀ ਵੀ ਕਰਮਚਾਰੀ ਆਪਣੀ ਅਥਾਰਟੀ ਨੂੰ ਤੁਰੰਤ ਸੂਚਿਤ ਕਰੇ। ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਨੰਬਰਦਾਰ ਪਰਾਲੀ ਸਾੜਣ ਦੀ ਗਤੀਵਿਧੀ ’ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਲਈ ਸਬੰਧਤ ਅਥਾਰਟੀ ਵੱਲੋਂ ਨੋਟਿਸ ਜਾਰੀ ਕੀਤਾ ਜਾਵੇ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪੁਲੀਸ ਮੁਖੀ ਸਬੰਧਤ ਧਿਰਾਂ ਨਾਲ ਸਾਂਝੀ ਮੀਟਿੰਗ ਕਰ ਕੇ ਪਰਾਲੀ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮਾਂ ਨੂੰ ਸਖ਼ਤੀ ਨਾਲ ਅਮਲ ਵਿੱਚ ਲਿਆਉਣਗੇ। ਇਸੇ ਤਰਾਂ ਪੰਜਾਬ ਵਿੱਚ ਖੇਤੀਬਾੜੀ ਉਤਪਾਦਨ ਮਾਰਕੀਟ ਕਮੇਟੀਆਂ ਨਾਲ ਰਜਿਸਟਰਡ ਆੜਤੀਆਂ ਨੂੰ ਵੀ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਆਦੇਸ਼ ਦਿੱਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਵੀ ਇਸ ਗੈਰ-ਸਿਹਤਮੰਦ ਅਮਲ ਵਿਰੁੱਧ ਚੁਣੇ ਹੋਏ ਪੰਚਾਇਤੀ ਨੁਮਾਇੰਦਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਸ੍ਰੀ ਪੰਨੂੰ ਨੇ ਅੱਗੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਵੀ ਆਪੋ-ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਦੀ ਹਦਾਇਤ ਕੀਤੀ ਗਈ ਹੈ। ਇਸੇ ਤਰਾਂ ਨਹਿਰੀ ਪਟਵਾਰੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਜੇਕਰ ਉਨਾਂ ਦੇ ਸਬੰਧਤ ਇਲਾਕੇ ਵਿੱਚ ਪਰਾਲੀ ਸਾੜਣ ਦੀ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਜਾਵੇ।