ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ,ਅਧਿਕਾਰੀਆਂ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਦੀ ਕੀਤੀ ਹਦਾਇਤ

ਕਿੱਲੀ ਚਾਹਲਾਂ (ਮੋਗਾ) 15 ਅਕਤੂਬਰ:(ਜਸ਼ਨ): ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਜ਼ਿਲੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ਿਲਾ ਅਧਿਕਾਰੀਆ ਪਾਸੋਂ ਝੋਨੇ ਦੀ ਸਮੁੱਚੀ ਖਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੈਡਮ ਆਸ਼ਾ ਕੁਮਾਰੀ ,ਮੋਗਾ ਹਲਕੇ ਦੇ ਵਿਧਾਇਕ ਮੋਗਾ ਡਾ. ਹਰਜੋਤ ਕਮਲ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ,ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਅਤੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ  ਤੋਂ ਇਲਾਵਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੇਜਰ ਗੁਰਪ੍ਰੀਤ ਸਿੰਘ ਕੰਗ ਅਤੇ ਐਸ.ਡੀ.ਐਮ ਮੋਗਾ ਨਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ 15 ਹਜ਼ਾਰ 397 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 13 ਹਜ਼ਾਰ 378 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋ 5 ਹਜ਼ਾਰ 232 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 13,05,805 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਲਗਭੱਗ 13 ਲੱਖ ਮੀਟਿ੍ਰਕ ਟਨ ਝੋਨਾ ਮੰਡੀਆਂ ‘ਚ ਪੁੱਜਣ ਦੀ ਆਸ ਹੈ। ਉਨਾਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 3192 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 2651 ਮੀਟਿ੍ਰਕ ਟਨ, ਪਨਸਪ ਵੱਲੋਂ 838 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 987 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5710 ਮੀਟਿ੍ਰਕ ਟਨ ਝੋਨਾ ਖ੍ਰੀਦਿਆ ਗਿਆ ਹੈ।