ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਮੋਗਾ 21 ਅਕਤੂਬਰ:(ਜਸ਼ਨ): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਰੰਭੀ ਜਾਗਰੂਕਤਾ ਮੁਹਿੰਮ ਸਦਕਾ ਪਿਛਲੇ ਸਾਲ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ’ਤੇ ਕਮੀ ਆਈ ਸੀ ਅਤੇ ਇਸ ਸਾਲ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਕਿਸਾਨ ਝੌਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਅਤੇ ਇਸ ਕੰਮ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਮਨੁੱਖੀ ਸਿਹਤ ਨੂੰ ਕਈ ਗੰਭੀਰ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ ਜੋ ਕਿ ਸਾਰਿਆਂ ਲਈ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਕਾਰਨ ਅੱਜ ਸਾਡਾ ਵਾਤਾਵਰਣ ਅਜਿਹਾ ਹੋ ਗਿਆ ਹੈ ਕਿ ਧਰਤੀ ’ਤੇ ਮਨੁੱਖੀ ਜੀਵਨ ਵੀ ਕਾਫੀ ਔਖਾ ਹੋ ਗਿਆ ਹੈ ਅਤੇ ਜੇਕਰ ਅਸੀਂ ਇਸ ਨੂੰ ਹੁਣ ਵੀ ਨਾ ਰੋਕਿਆ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਇਸ ਧਰਤੀ ’ਤੇ ਜੀਵਨ ਜਿਊਣਾ ਵੀ ਕਾਫੀ ਔਖਾ ਹੋ ਜਾਵੇਗਾ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜਿਨਾਂ ਨਾਲ ਮਨੁੱਖੀ ਸਿਹਤ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਕਈ ਸੜਕੀ ਹਾਦਸੇ ਵੀ ਵਾਪਰਦੇ ਹਨ ਜਿਨਾਂ ਵਿੱਚ ਕਈ ਅਨਮੋਲ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾਂ ਲਈ ਖਤਮ ਕਰਨ ਦਾ ਪ੍ਰਣ ਲੈਣ ਤਾਂ ਜੋ ਸਾਡਾ ਵਾਤਾਵਰਣ ਬਣਿਆ ਰਹਿ ਸਕੇ। ਉਨਾਂ ਕਿਹਾ ਕਿ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੇ ਲਘੂ ਤੱਤ ਬਰਕਰਾਰ ਰਹਿੰਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ। ਇਸ ਤੋਂ ਇਲਾਵਾ ਜਮੀਨ ਵਿੱਚ ਜੈਵਿਕ ਮਾਦੇ ਦੀ ਮਾਤਰਾ ਅਤੇ ਪਾਣੀ ਨੂੰ ਜ਼ਜ਼ਬ ਕਰਨ ਦੀ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਉਪਰਲੀ ਤਹਿ ਵਿੱਚ ਕਿਸਾਨ ਦੇ ਮਿੱਤਰ ਜੀਵਾਂ ਦੀ ਸੰਖਿਆ ਵਿੱਚ ਵੀ ਵਾਧਾ ਹੁੰਦਾ ਹੈ। ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ।