ਵਿਧਾਇਕ ਡਾ. ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ ਅਤੇ ਸੁਖਜੀਤ ਸਿੰਘ ਲੋਹਗੜ ਵੱਲੋਂ ਜ਼ਿਲੇ ਦੇ ਲੋਕਾਂ ਨੂੰ ‘ਗਰੀਨ ਦਿਵਾਲੀ‘ ਮਨਾਉਣ ਦੀ ਅਪੀਲ

ਮੋਗਾ 25 ਅਕਤੂਬਰ:(ਜਸ਼ਨ): ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਧਰਮਕੋਟ ਸ੍ਰ. ਸੁਖਜੀਤ ਸਿੰਘ ਲੋਹਗੜ ਨੇ ਜ਼ਿਲੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ‘ਹਰੀ ਦਿਵਾਲੀ‘ ਮਨਾਉਣ ਦੀ ਅਪੀਲ ਕੀਤੀ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਮਨੁੱਖੀ ਸਿਹਤ ਸੰਭਾਲ ਤਹਿਤ ਪਟਾਕਿਆਂ ਅਤੇ ਆਤਿਸ਼ਬਾਜ਼ੀ ਦੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਜ਼ਿਆਦਾ ਸ਼ੋਰ ਪੈਦਾ ਕਰਨ ਵਾਲੇ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਣ ਗੰਧਲਾ ਹੁੰਦਾ ਹੈ, ਉੱਥੇ ਕਈ ਮਨੁੱਖੀ ਬੀਮਾਰੀਆਂ ਪੈਦਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ। ਉਨਾਂ ਗੈਰ-ਸਰਕਾਰੀ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਨੂੰ ਵੀ ‘ਗਰੀਨ ਦੀਵਾਲੀ’ ਮਨਾਉਣ ਲਈ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਪਟਾਕਿਆਂ ਦੇ ਪ੍ਰਦੂਸ਼ਣ ਤੋਂ ਰੋਕਣ ਦੀ ਅਪੀਲ ਕੀਤੀ। ਉਨਾਂ ਲੋਕਾਂ ਨੂੰ ਮਿਲਾਵਟੀ ਖਾਣ-ਪੀਣ ਵਾਲੀਆਂ ਵਸਤਾਂ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜ਼ਿਲੇ ਦੇ ਸਮੂਹ ਵਿਧਾਇਕਾਂ ਨੇ ਕਿਹਾ ਕਿ ਸਮਾਜ ਦੇੇ ਹਰ ਵਰਗ ਦੇ ਲੋਕਾਂ ਨੂੰ ਭਾਈਚਾਰਕ ਸਾਂਝ ਦੇ ਪ੍ਰਤੀਕ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਰਲ-ਮਿਲ ਕੇ ਆਪਸੀ ਪਿਆਰ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ, ਜਿਸ ਨਾਲ ਸਾਡੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।