ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸੁਲਤਾਨਪੁਰ ਲੋਧੀ ਵਿਖੇ 11 ਤੇ 12 ਨਵੰਬਰ ਨੂੰ ਸਾਂਝੇ ਸਮਾਗਮ ਕਰਵਾਉਣ ਦਾ ਸੁਝਾਅ ਦਿੱਤਾ

ਚੰਡੀਗੜ੍ਹ, 26 ਅਕਤੂਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਇਕ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ ਕਿ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਵੇ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸ਼ਮੂਲੀਅਤ ਕਰ ਰਹੇ ਹਨ ਜਦੋਂ ਕਿ 11 ਨਵੰਬਰ ਨੂੰ ਹੋਣ ਵਾਲਾ ਸਮਾਗਮ ਸ਼੍ਰੋਮਣੀ ਕਮੇਟੀ ਦੀ ਕਮਾਨ ਹੇਠ ਹੋਵੇ ਜਿਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਹ ਸੁਝਾਅ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਕੀਤੀ ਮੀਟਿੰਗ ਵਿੱਚ ਦਿੱਤਾ ਜੋ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਦੇ ਸੱਦੇ ਉਤੇ ਹੋਈ ਸੀ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਇਸ ਗੱਲ ਉਤੇ ਗੰਭੀਰਤਾ ਜ਼ਾਹਰ ਕੀਤੀ ਕਿ ਇਤਿਹਾਸਕ ਦਿਹਾੜੇ ਨੂੰ ਮਨਾਉਣ ਲਈ ਏਕਤਾ ਦੀ ਘਾਟ ਮਹਿਸੂਸ ਹੋ ਰਹੀ ਹੈ ਜਦੋਂ ਕਿ ਵੱਖ-ਵੱਖ ਸਮਾਗਮਾਂ ਵਿੱਚ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਕਈ ਉਘੀਆਂ ਸਖਸ਼ੀਅਤਾਂ ਸ਼ਾਮਲ ਹੋਣ ਜਾ ਰਹੀਆਂ ਹਨ।ਸਾਂਝੇ ਸਮਾਗਮਾਂ ਲਈ ਏਕਤਾ ਨਾ ਹੋਣ ਦੀ ਸੂਰਤ ਵਿੱਚ ਸਾਰੀਆਂ ਧਿਰਾਂ ਲਈ ਨਮੋਸ਼ੀ ਦਾ ਸਾਹਮਣਾ ਕਰਨ ਦੀ ਸੰਭਾਵਨਾ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮਿਆਂ ਵਿੱਚ ਅਜਿਹੇ ਸਮਾਗਮਾਂ ਨੂੰ ਮਨਾਉਣ ਸਮੇਂ ਸਮੁੱਚਾ ਸਿੱਖ ਭਾਈਚਾਰਾ ਇਕਜੁੱਟ ਹੁੰਦਾ ਸੀ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪਿੱਛੇ ਤੋਂ ਚੱਲੀਆਂ ਆ ਰਹੀਆਂ ਰਵਾਇਤਾਂ ਨੂੰ ਤੋੜਨ ਦੇ ਨਾਲ ਸਿੱਖ ਭਾਈਚਾਰੇ ਨੂੰ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਵੇਗਾ। ਭਾਈ ਲੌਗੋਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ 11 ਨਵੰਬਰ ਤੇ ਰਾਸ਼ਟਰਪਤੀ 12 ਨਵੰਬਰ ਨੂੰ ਸ਼ਮੂਲੀਅਤ ਕਰਨਗੇ।ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਲੱਗਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਟੇਜ ਨੂੰ ਸਾਂਝੀ ਸਟੇਜ ਬਣਾਇਆ ਜਾਵੇ ਜਿਸ ਵਿੱਚ ਸੂਬਾ ਸਰਕਾਰ ਵੀ ਸ਼ਾਮਲ ਹੋਵੇਗੀ ਜਦੋਂਕਿ 12 ਨਵੰਬਰ ਨੂੰ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੇ ਸਮਾਗਮ ਦੀ ਮੇਜ਼ਬਾਨੀ ਸੂਬਾ ਸਰਕਾਰ ਵੱਲੋਂ ਕੀਤੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਤਾਵ ਨਾਲ ਸੰਗਤ ਵਿੱਚ ਮੁੱਖ ਸਮਾਗਮਾਂ ਨੂੰ ਪਈ ਉਲਝਣ ਵਾਲੀ ਸਥਿਤੀ ਵੀ ਦੂਰ ਹੋਵੇਗੀ ਅਤੇ ਇਸ ਨਾਲ ਸਿੱਖ ਭਾਈਚਾਰੇ ਵਿੱਚ ਆਪਸੀ ਏਕਤਾ ਦਾ ਸਕਰਾਤਮਕ ਸੁਨੇਹਾ ਵੀ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਭਾਈ ਲੌਗੋਵਾਲ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਇਸ ਪ੍ਰਸਤਾਵ ਉਤੇ ਗ਼ੌਰ ਕਰੇਗੀ ਅਤੇ ਜਲਦੀ ਹੀ ਇਸ ਦਾ ਜਵਾਬ ਦੇਵੇਗੀ।

ਮੀਟਿੰਗ ਵਿੱਚ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।