ਕੈਂਬਰਿਜ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਆਯੋਜਤ,ਵਿਦਿਆਰਥੀਆਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਕੀਤਾ ਪ੍ਰੇਰਿਤ-ਡੀ.ਸੀ. ਸੰਦੀਪ ਹੰਸ

ਮੋਗਾ 31 ਅਕਤੂਬਰ:(ਜਸ਼ਨ): ਸਕੂਲ ਅਤੇ ਕਾਲਜ ਦੇ ਬੱਚਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਕੈਬਰਿਜ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਸ਼ੌਕ ਦੇ ਤੌਰ ਤੇ ਹੀ ਨਸ਼ੇ ਦੇ ਚੁੰਗਲ ਵਿੱਚ ਫਸ ਜਾਂਦਾ ਹੈ ਅਤੇ ਬਾਅਦ ਵਿੱਚ ਜਦੋ ਉਸਨੂੰ ਇਹ ਅਹਿਸਾਸ ਹੁੰਦਾ ਹੈ ਕਿ ਉਹ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕਾ ਹੈ ਪਰ ਤਦ ਤੱਕ ਕਾਫੀ ਦੇਰ ਹੋ ਚੁੱਕੀ ਹੁੰਦੀ ਹੈ। ਉਨਾਂ ਹਾਜ਼ਰੀਨ ਨੂੰ ਖੁਦ ਨਸ਼ੇ ਤੋ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਉਨਾਂ ਦੇ ਧਿਆਨ ਵਿੱਚ ਨਸ਼ੇ ਦਾ ਸ਼ਿਕਾਰ ਵਿਅਕਤੀ ਆਉਦਾ ਹੈ ਤਾਂ ਉਸ ਨੂੰ ਨਸ਼ਿਆਂ ਤੋ ਨਿਜਾਤ ਦਿਵਾਉਣ ਲਈ ਸਰਕਾਰੀ ਹਸਪਤਾਲ ਜਾਂ ਨਸ਼ਾ ਛੁਡਾਊ ਕੇਦਰਾਂ ਵਿੱਚ ਦਾਖਲ ਕਰਵਾ ਕੇ ਉਸਦਾ ਇਲਾਜ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਤੁਸੀ ਕਿਸੇ ਚੀਜ਼ ਦੀ ਲਤ ਲਗਾਉਣੀ ਹੀ ਹੈ ਤਾਂ ਖੇਡ ਦੇ ਮੈਦਾਨ, ਖੇਡਾਂ, ਜਿੰਮ, ਐਥਲਿਟਕਸ ਆਦਿ ਦਾ ਆਪਣੇ ਆਪ ਵਿੱਚ ਸੌਕ ਪੈਦਾ ਕਰੋ ਤਾਂ ਜੋ ਤੰਦਰੁਸਤ ਇਨਸਾਨ ਬਣ ਕੇ ਰਾਸ਼ਟਰ ਦੇ ਨਵ ਨਿਰਮਾਣ ਵਿੱਚ ਬਣਦਾ ਯੋਗਦਾਨ ਪਾ ਸਕੋ। ਉਨਾਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਪ ਹੋਰਨਾਂ ਸਕੂਲਾਂ ਕਾਲਜਾਂ ਵਿੱਚ ਲਗਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।ਇਸ ਦੌਰਾਨ ਜ਼ਿਲਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਔਲਖ, ਚੇਅਰਮੈਨ ਕੈਬਰਿਜ ਸਕੁੂਲ ਦਵਿੰਦਰਪਾਲ ਸਿੰਘ ਰਿੰਪੀ, ਡਾਇਰੈਕਟਰ ਕੁਲਦੀਪ ਸਹਿਗਲ, ਐਨ.ਜੀ.ਓ. ਐਸ.ਕੇ. ਬਾਂਸਲ ਤੋ ਇਲਾਵਾ ਜ਼ਿਲੇ ਦੇ ਸਮੂਹ ਸਰਕਾਰੀ ਅਤੇ ਪਾਈਵੇਟ ਸਕੂਲਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਹਾਜ਼ਰ ਸਨ। ਸੈਮੀਨਾਰ ਦੌਰਾਨ ਮਨੋਵਿਗਿਆਨਕ ਡਾ. ਚਰਨਪ੍ਰੀਤ ਸਿੰਘ ਨੇ ਸਲਾਈਡ ਸੋਅ ਰਾਹੀ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਲੱਛਣਾਂ ਬਾਰੇ ਵੀ ਜਾਗਰੂਕ ਕੀਤਾ। ਉਨਾਂ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਦੀ ਸ਼ਨਾਖਤ ਕਰਕੇ ਆਪਣੇ ਅਧਿਆਪਕਾਂ ਨੂੰ ਦੱਸਣ ਲਈ ਪ੍ਰੇਰਿਤ ਕੀਤਾ ਤਾਂ ਂਜੋ ਉਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋ ਦੂਰ ਰੱਖਣ ਲਈ ਯੋਗ ਉਪਰਾਲੇ ਕੀਤੇ ਜਾ ਸਕਣ। ਇਸ ਮੌਕੇ ਸਕੂਲ ਦੇ ਵੱਖ ਵੱਖ ਖੇਤਰਾਂ ਵਿੱਚ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋ ਇਲਾਵਾ ਅਨਮੋਲ ਸ਼ਰਮਾ, ਵੀ.ਪੀ. ਸੇਠੀ, ਪਰਮਜੀਤ ਕੌਰ, ਸਤਵਿੰਦਰ ਕੌਰ ਅਤੇ ਸੰਜੀਤ ਸਿੰਘ ਆਦਿ ਹਾਜ਼ਰ ਸਨ।