ਪੰਜਾਬ ਵਿਧਾਨ ਸਭਾ ਵਲੋਂ ਜਾਰੀ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਭੇਜੀ ਜਾਵੇ : ਬੈਂਸ,ਸਪੀਕਰ ਪੰਜਾਬ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਮੰਗ ਦੁਹਰਾਈ

ਲੁਧਿਆਣਾ, 2 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਜਾਰੀ ਕੀਤੀ ਜਾ ਰਹੀ ਪੂਰਣ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਜਾਰੀ ਕੀਤੀ ਜਾਵੇ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵਿਧਾਇਕ ਬੈਂਸ ਨੇ ਪੱਤਰ ਵੀ ਲਿਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਉਨ•ਾਂ ਪਹਿਲਾਂ ਵੀ ਮੁੱਖ ਮੰਤਰੀ ਸਮੇਤ ਸਪੀਕਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾਵੇ ਅਤੇ ਘੱਟੋ ਘੱਟ ਉਨ•ਾਂ ਨੂੰ ਜਾਰੀ ਕੀਤੀ ਜਾਣ ਵਾਲੀ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਹੀ ਭੇਜੀ ਜਾਵੇ, ਪਰ ਵਿਧਾਨ ਸਭਾ ਵਲੋਂ ਜਾਰੀ ਸਮੱਗਰੀ ਅਜੇ ਤੱਕ ਅੰਗਰੇਜੀ ਭਾਸ਼ਾ ਵਿੱਚ ਹੀ ਭੇਜੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਾਡੀ ਮਾਂ ਬੋਲੀ ਹੈ ਅਤੇ ਪੰਜਾਬੀ ਨੂੰ ਲਾਗੂ ਕਰਨ ਲਈ ਪੰਜਾਬ ਤੋਂ ਇਲਾਵਾ ਹੇਰਨਾਂ ਸੂਬਿਆਂ ਸਮੇਤ ਬਾਹਰਲੇ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਵਲੋਂ ਲਾਗੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਉੱਥੇ ਪੰਜਾਬ ਵਿੱਚ ਹੀ ਪੰਜਾਬੀਆਂ ਵਲੋਂ ਹੀ ਬਣਾਈ ਗਈ ਸੂਬਾ ਸਰਕਾਰ ਪੰਜਾਬੀ ਭਾਸ਼ਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਸੁਹਿਹਦ ਨਹੀਂ ਜਾਪਦੀ। ਵਿਧਾਇਕ ਬੈਂਸ ਨੇ ਦੱਸਿਆ ਕਿ ਉਨ•ਾਂ ਪੰਜਾਬ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਪੱਤਰ ਲਿਖਦੇ ਹੋਏ ਮੰਗ ਕੀਤੀ ਹੈ ਕਿ ਉਨ•ਾਂ ਨੂੰ ਜਾਰੀ ਕੀਤੀ ਜਾਣ ਵਾਲੀ ਪੂਰਨ ਸਮੱਗਰੀ ਪੰਜਾਬੀ ਭਾਸ਼ਾ ਵਿੱਚ ਜਾਰੀ ਕੀਤੀ ਜਾਵੇ ਅਤੇ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਨੂੰ ਹਰ ਪੱਧਰ ਤੇ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਜਾਵੇ।