ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਵਾਲਾ ਮਤਾ ਵਿਧਾਨ ਸਭਾ ‘ਚ ਪੇਸ਼ ਕਰਨਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉੱਦਮ : ਗੁਰਸੇਵਕ ਸਿੰਘ ਚੀਮਾ

ਮੋਗਾ,7 ਨਵੰਬਰ (ਜਸ਼ਨ):  ‘‘ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਨਿਭਾਉਣ ਦੀ ਆਗਿਆ ਦੇਣ ਵਾਸਤੇ ਸ਼ੋ੍ਰਮਣੀ ਕਮੇਟੀ ਨੂੰ ਅਪੀਲ ਕਰਨ ਵਾਲਾ ਮਤਾ,ਪੰਜਾਬ ਵਿਧਾਨ ਸਭਾ ਵਿਚ ਪੇਸ਼ ਕਰਨਾ, ਪੰਜਾਬ ਸਰਕਾਰ ਦਾ ਸਵਾਗਤਯੋਗ ਕਦਮ ਹੈ ,ਜੋ ਗੁਰੂ ਨਾਨਕ ਪਾਤਿਸ਼ਾਹ ਦੇ ਸਿਧਾਂਤ ਜਿਸ ਵਿਚ ਕਿਸੇ ਮਨੁੱਖ ਨਾਲ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਜਾਂ ਔਰਤ-ਮਰਦ ਦੇ ਅਧਾਰ ਉੱਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ ਅਤੇ  ‘‘ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨੁ ’’ ਦੇ ਆਸ਼ੇ ਮੁਤਾਬਕ ਸਿੱਖੀ ਸਿਧਾਤਾਂ ਦੇ ਪਾਸਾਰ ਲਈ ਸਹਾਈ ਹੋਵੇਗਾ ’’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪਲੈਨਿੰਗ ਐਂਡ ਕੋਆਰਡੀਨੇਸ਼ਨ ਸੈੱਲ ਦੇ ਸੀਨੀਅਰ ਵਾਈਸ ਚੇਅਰਮੈਨ ਸ. ਗੁਰਸੇਵਕ ਸਿੰਘ ਚੀਮਾ ਨੇ ਮੋਗਾ ਵਿਖੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੱਲ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਚ ਬੀਬੀਆਂ ਨੂੰ ਕੀਰਤਨ ਕਰਨ ਦੀ ਇਜਾਜ਼ਤ ਦੇਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕਰਨ ਵਾਲੇ ਪ੍ਰਸਤਾਵ ਨੂੰ ਸਦਨ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸ.ਚੀਮਾ ਨੇ ਕਿਹਾ ਕਿ ਅੱਜ 550 ਸਾਲ ਬੀਤਣ ਤੋਂ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਬੀਬੀਆਂ ਨੂੰ ਕੀਰਤਨ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਕਰਨ ਦੀ ਇਜਾਜ਼ਤ ਨਹੀਂ ਹੈ। ਚੀਮਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਮਤੇ ’ਤੇ ਤੁਰੰਤ ਵਿਚਾਰ ਕਰਕੇ ਅਮਲ ਵਿਚ ਲਿਆਉਣ ਦੀ ਅਪੀਲ ਕੀਤੀ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ