ਧਰਨਿਆਂ ਦੀ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰੇ ਕਾਂਗਰਸ -ਹਰਪਾਲ ਸਿੰਘ ਚੀਮਾ,ਜੇਕਰ ਕੈਪਟਨ ਪੰਜਾਬ ਦੀ ਜ਼ਿੰਮੇਵਾਰੀ ਨਹੀਂ ਸਾਂਭ ਸਕਦੇ ਤਾਂ ਅਸਤੀਫ਼ਾ ਦੇਣ

ਚੰਡੀਗੜ੍ਹ, 15 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਵੱਲੋਂ ਅੱਜ ਜ਼ਿਲ੍ਹਾ ਪੱਧਰ 'ਤੇ ਦਿੱਤੇ ਧਰਨਿਆਂ ਨੂੰ ਡਰਾਮਾ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਲੋਕਾਂ ਨੂੰ ਇੱਕ ਵਾਰ ਫੇਰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਅਜਿਹੇ ਡਰਾਮੇਬਾਜ਼ੀ ਦੀ ਥਾਂ 'ਤੇ ਕਾਂਗਰਸ ਨੂੰ ਆਪਣੀ ਪੀੜੀ ਥੱਲੇ ਸੋਟੀ ਫੇਰਨ ਦੀ ਜ਼ਰੂਰਤ ਹੈ ਅਤੇ ਕਾਂਗਰਸੀ ਆਗੂ ਲੋਕਾਂ ਨੂੰ ਦੱਸਣ ਕਿ ਉਨ੍ਹਾਂ ਨੇ 192 ਪੇਜਾਂ ਦੇ ਚੋਣ ਮੈਨੀਫੈਸਟੋ ਵਿਚੋਂ ਹੁਣ ਤੱਕ ਇੱਕ ਵੀ ਵਾਅਦਾ ਪੂਰਾ ਕਿਉਂ ਨਹੀਂ ਕੀਤਾ?
'ਆਪ' ਦੇ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਭਰ 'ਚ ਧਰਨਾ ਪ੍ਰਦਰਸ਼ਨ ਕਰਕੇ ਆਪਣੇ ਦਵਾਲਿਆਪਨ ਦਾ ਪ੍ਰਗਟਾਵਾ ਕਰ ਰਹੀ ਹੈ। ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਜੋ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ। ਕੈਪਟਨ ਨੇ ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਅੱਜ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ 'ਤੇ ਧਰਨੇ-ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿਸ ਵਿਚ ਅਧਿਆਪਕ, ਮੁਲਾਜ਼ਮ, ਕਿਸਾਨ-ਮਜ਼ਦੂਰ, ਬੇਰੁਜ਼ਗਾਰ, ਵਿਦਿਆਰਥੀ, ਦਲਿਤ, ਗ਼ਰੀਬ ਸ਼ਾਮਲ ਹਨ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਮਹਿੰਗਾਈ ਆਸਮਾਨ ਛੂ ਰਹੀ ਹੈ, ਜਿਸ ਕਾਰਨ ਲੋਕ ਆਪਣੇ ਘਰ ਦੀ ਦਾਲ-ਰੋਟੀ ਚਲਾਉਣ ਵਿਚ ਅਸਮਰਥ ਸਾਬਿਤ ਹੋ ਰਹੇ ਹਨ। ਚੀਮਾ ਕੈਪਟਨ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਨੂੰ ਸਸਤੇ ਪਿਆਜ਼ ਆਦਿ ਦੇਣ ਲਈ ਥਾਂ-ਥਾਂ 'ਤੇ ਪਿਆਜ਼ ਆਦਿ ਦੀਆਂ ਦੁਕਾਨਾਂ ਖੋਲ੍ਹ ਕੇ ਲੋਕਾਂ ਸਸਤੇ ਪਿਆਜ਼ ਦਿੱਤੇ ਸਨ ਉਸੀ ਤਰਜ਼ 'ਤੇ ਕੈਪਟਨ ਸਰਕਾਰ ਨੂੰ ਵੀ ਪੰਜਾਬ ਵਿਚ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣ ਲਈ ਸਸਤੇ ਪਿਆਜ਼ ਆਦਿ ਦੇਣ ਲਈ ਸਰਕਾਰੀ ਦੁਕਾਨਾਂ ਖੋਲ੍ਹਣੀ ਚਾਹੀਦੀ ਹੈ। ਚੀਮਾ ਨੇ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਹੀ ਪੰਜਾਬੀਆਂ ਨੂੰ ਸਸਤੀ ਬਿਜਲੀ ਦੇਣ ਵੀ ਮੰਗ ਕੀਤੀ। ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਸੱਚਮੁੱਚ ਸੂਬੇ ਦੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਉਣਾ ਚਾਹੁੰਦੇ ਹਨ ਤਾਂ ਉਹ ਪੈਟਰੋਲ ਅਤੇ ਡੀਜ਼ਲ 'ਤੇ ਸੂਬੇ ਦੇ ਹਿੱਸੇ ਦਾ ਵੈਟ ਛੱਡਣ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਭਰ 'ਚ ਧਰਨੇ ਲਗਾਉਣ ਦੀ ਡਰਾਮੇਬਾਜ਼ੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ, ਕਿਉਂਕਿ 2017 'ਚ ਲੋਕਾਂ ਨੇ ਬੜੀ ਉਮੀਦਾਂ ਨਾਲ ਪੰਜਾਬ ਦੀ ਸੱਤਾ ਕੈਪਟਨ ਦੇ ਹੱਥ ਸੌਂਪੀ ਸੀ। ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜ਼ਿੰਮੇਵਾਰੀ ਨਹੀਂ ਸਾਂਭ ਸਕਦੇ ਤਾਂ ਉਹ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ