ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਨੌਜਵਾਨਾਂ ਨੇ ਫੜ੍ਹਿਆ ਵਿਦੇਸ਼ਾਂ ਦਾ ਰਾਹ : ਬੈਂਸ

ਲੁਧਿਆਣਾ, 24 ਨਵੰਬਰ (ਜਸ਼ਨ):ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਮੌਜੂਦਾ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਹੀ ਅੱਜ ਸੂਬੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਵਿਦੇਸ਼ਾਂ ਵਿੱਚ ਜਾ ਰਹੇ ਹਨ ਜਦੋਂ ਕਿ ਦੂਜੇ ਪਾਸੇ ਸੂਬੇ ਦੇ ਵਿੱਤ ਮੰਤਰੀ ਖਜਾਨਾ ਖਾਲੀ ਹੋਣ ਦਾ ਰੌਲਾ ਪਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਮੋਬਾਇਲ ਦੇਣ ਦੇ ਝੂਠੇ ਲਾਰੇ ਲਗਾ ਕੇ ਗੁਮਰਾਹ ਕਰ ਰਹੇ ਹਨ। ਵਿਧਾਇਕ ਬੈਂਸ ਅੱਜ ਆਪਣੇ ਦਫਤਰ ਕੋਟ ਮੰਗਲ ਸਿੰਘ ਨਗਰ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਬੈਂਸ ਨੇ ਕਿਹਾ ਕਿ ਅੱਜ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਸੂਬੇ ਦੇ ਨੌਜਵਾਨ ਪਰੇਸ਼ਾਨ ਹੋ ਚੁੱਕੇ ਹਨ ਅਤੇ ਲੱਖਾਂ ਰੁਪਏ ਖਰਚ ਕਰਕੇ ਬਾਹਰਲੇ ਮੁਲਕਾਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਵਾਅਦੇ ਕੀਤੇ ਸਨ ਕਿ ਨੌਜਵਾਨਾਂ ਨੂੰ ਬੇਰੁਜਗਾਰੀ ਭੱਤਾ ਦਿੱਤਾ ਜਾਵੇਗਾ, ਕਿਸਾਨਾਂ ਦਾ ਕਰਜ ਮੁਆਫ ਹੋਵੇਗਾ, ਨੌਜਵਾਨਾਂ ਨੂੰ ਮੋਬਾਇਲ ਦਿੱਤੇ ਜਾਣਗੇ, ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇਗਾ, ਪਰ ਸੂਬੇ ਦੇ ਵਿੱਤ ਮੰਤਰੀ ਖਜਾਨਾ ਖਾਲੀ ਹੋਣ ਦਾ ਦਾਅਵਾ ਕਰ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਇੱਕ ਵਾਰ ਫਿਰ ਨੌਜਵਾਨਾਂ ਨੂੰ ਮੋਬਾਇਲ ਦੇਣ ਦੇ ਵਾਅਦੇ ਕਰਕੇ ਨੌਜਵਾਨਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਸਾਫ ਕੀਤਾ ਕਿ ਕਾਂਗਰਸ ਸਮੇਤ ਅਕਾਲੀ ਦਲ ਹਮੇਸ਼ਾਂ ਚੋਣਾਂ ਦੌਰਾਨ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰ ਲੈਂਦੇ ਹਨ ਅਤੇ ਬਾਅਦ ਵਿੱਚ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਹੁਣ ਜਦੋਂ ਕਿ ਸੂਬੇ ਵਿੱਚ ਸਰਕਾਰ ਬਣੀ ਨੂੰ ਤਿੰਨ ਸਾਲ ਦਾ ਸਮਾਂ ਹੋਣ ਜਾ ਰਿਹਾ ਹੈ ਅਤੇ ਕੈਪਟਨ ਫਿਰ ਝੂਠ ਤੇ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਕਾਰਣਾਂ ਕਰਕੇ ਹੀ ਅੱਜ ਪੰਜਾਬ ਦਾ ਹਰ ਵਾਸੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਅਤੇ ਆਪਣੇ ਹੋਣਹਾਰ ਬੱਚਿਆਂ ਨੂੰ ਲੱਖਾਂ ਰੁਪਏ ਖਰਚ ਕਰਕੇ ਬਾਹਰਲੇ ਦੇਸ਼ਾਂ ਵਿੱਚ ਭੇਜ ਰਿਹਾ ਹੈ। ਉਨ੍ਹਾਂ ਸਾਫ ਕੀਤਾ ਕਿ ਪਿਛਲੇ ਦਿਨਾਂ ਦੌਰਾਨ ਅਨੇਕਾਂ ਪੰਜਾਬ ਦੇ ਨੌਜਵਾਨ ਜੋ ਪੜਾਈ ਵਿੱਚ ਵੀ ਹੁਸ਼ਿਆਰ ਹਨ ਅਤੇ ਜਿਨ੍ਹਾਂ ਕੋਲ ਵੱਡੀਆਂ ਵੱਡੀਆਂ ਡਿਗਰੀਆਂ ਹਨ, ਲੱਖਾਂ ਰੁਪਏ ਖਰਚ ਕਰਕੇ ਕਨੇਡਾ, ਅਮਰੀਕਾ, ਆਸਟਰੇਲਿਆ ਅਤੇ ਹੋਰਨਾਂ ਬਾਹਰਲੇ ਮੁਲਕਾਂ ਵਿੱਚ ਜਾ ਚੁੱਕਿਆ ਹੈ ਅਤੇ ਅਨੇਕਾਂ ਹੋਰ ਨੌਜਵਾਨ ਲੜਕੇ ਤੇ ਲੜਕੀਆਂ ਜਾਣ ਲਈ ਤਿਆਰ ਹਨ ਅਤੇ ਪਿੰਡਾਂ ਦੇ ਪਿੰਡ ਖਾਲੀ ਹੁੰਦੇ ਜਾ ਰਹੇ ਹਨ। ਉਨ੍ਹਾਂ ਕੈਪਟਨ ਸਰਕਾਰ ਤੇ ਦੋਸ਼ ਲਗਾਇਆ ਕਿ ਸੂਬੇ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਹੀ ਪੰਜਾਬ ਖਾਲੀ ਹੋਣ ਜਾ ਰਿਹਾ ਹੈ।
--