ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ,31 ਦਸੰਬਰ ਤੱਕ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਯੂ.ਡੀ.ਆਈ.ਡੀ. ਬਨਾਉਣ ਦੀ ਅਪੀਲ

ਚੰਡੀਗੜ੍ਹ, 1 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜੋ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ 2019 ਤੱਕ ਚੱਲੇਗੀ।ਇਸ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਦਾ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਉਨ੍ਹਾਂ ਨੂੰ ਅਸਾਨੀ ਨਾਲ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਇੱਕ ਪਾਸੇ ਦਿਵਿਆਂਗ ਵਿਅਕਤੀ ਸਾਰੀਆਂ ਸਹੂਲਤਾਂ ਪ੍ਰਾਪਤ ਕਰ ਸਕਣਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪਿੰਡ, ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ ’ਤੇ ਮੁੱਖਧਾਰਾ ਵਿੱਚ ਲਿਆਂਦਾ ਜਾ ਸਕੇਗਾ।ਮੰਤਰੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ ਦੇਣ ਲਈ ਯੂ.ਡੀ.ਆਈ.ਡੀ. (ਯੂਨੀਕ ਆਈ.ਡੀ. ਫਾਰ ਪਰਸਨਜ਼ ਵਿੱਦ ਡਿਸਅਬਿਲਟਿਜ਼) ਹੇਠ www.swaviambancard.gov.in ਪੋਰਟਲ ਬਣਾਇਆ ਗਿਆ ਹੈ। ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕ ਸਾਇਬਰ ਕੈਫੇ, ਗ੍ਰਾਮ ਸੁਵਿਧਾ ਕੇਂਦਰ, ਸੇਵਾ ਕੇਂਦਰ, ਸਾਂਝ ਕੇਂਦਰ, ਸੋਸ਼ਲ ਸਕਿਉਰਟੀ ਦਫ਼ਤਰ, ਪ੍ਰਕਾਸ਼ਨ ਦੁਆਰਾ ਲਗਾਏ ਜਾ ਰਹੇ ਕੈਂਪਾਂ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫ ਲਾਈਨ ਸਰਟੀਫਿਕੇਟ ਹੈ, ਉਹ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਵਾਂ ਦਿਵਿਆਂਗ ਸਰਟੀਫਿਕੇਟ ਬਨਾਉਣਾ ਚਾਹੁੰਦੇ ਹਨ, ਉਹ ਨੇੜੇ ਦੇ ਸੀਨੀਅਰ ਮੈਡੀਕਲ ਅਫਸਰ/ਜ਼ਿਲ੍ਹਾ ਸਿਵਲ ਸਰਜਨ ਨਾਲ ਸੰਪਰਕ ਕਰਨ। ਇਸ ਵਿੱਚ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੇ ਹੇਠ ਹਰ ਕਿਸਮ ਦਾ ਦਿਵਿਆਂਗ ਅਪਲਾਈ ਕਰ ਸਕਦਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਲਾਭ ਉਠਾਉਣਾ ਚਾਹੀਦਾ ਹੈ।