ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੋਗਾ,9 ਦਸੰਬਰ(ਜਸ਼ਨ):ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਜਨਤਕ ਸ਼ਿਕਾਇਤਾਂ ਨੂੰ ਸੁਲਝਾਉਣ ਦਾ ਆਦੇਸ਼ ਦਿੱਤਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਅਤੇ ਚੇਅਰਮੈਨ ਨਗਰ ਸੁਧਾਰ ਟਰਸਟ ਸ੍ਰੀ ਵਿਨੋਦ ਬਾਂਸਲ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਸ੍ਰੀ ਸਰਕਾਰੀਆ ਨੇ ਮੀਟਿੰਗ ਵਿੱਚ ਹਾਜ਼ਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਕਾਰਾਤਮਕ ਸੋਚ  ਰੱਖਣ ਤਾਂ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਕਿਸੇ ਵੀ ਕਿਸਮ ਦੀ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੀਟਿੰਗ ਵਿੱਚ ਲੁਧਿਆਣਾ-ਤਲਵੰਡੀ ਭਾਈ ਚਹੁ ਮਾਗਰੀ ਨੈਸ਼ਨਲ ਹਾਈਵੇ ਦੀ ਖਸਤਾਹਾਲਤ ਅਤੇ ਅਧੂਰੇ ਪਏ ਕੰਮਾਂ ਦੇ ਮੁੱਦੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਮੰਤਰੀ ਨੂੰ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨਐਚਏਆਈ) ਨੇ ਇਸ ਹਾਈਵੇ ਦੀ ਮੁਰੰਮਤ ਅਤੇ ਅਧੂਰੇ ਪਏ ਕੰਮਾਂ ਦੀ ਉਸਾਰੀ ਲਈ ਸਬੰਧਤ ਕੰਪਨੀ ਨੂੰ 13 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਜਲਦ ਹੀ ਇਸ ਨੈਸ਼ਨਲ ਹਾਈਵੇ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਸਮੱਸਿਆ ਨੂੰ ਜਲਦੀ ਹੱਲ ਲਈ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਕੁੱਤਿਆਂ ਦੀ ਨਸਬੰਦੀ ਲਈ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਤਾਂ ਂਜੋ ਅਵਾਰਾ ਕੁੱਤਿਆਂ ਦੇ ਉਤਪਾਦਨ ਨੂੰ ਘਟਾਇਆ ਜਾ ਸਕੇ।ਮੀਟਿੰਗ ਦੌਰਾਨ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਵੱਖ-ਵੱਖ ਖਾਣ ਪੀਣ ਵਾਲੀਆਂ ਅਤੇ ਦੁੱਧ ਦੀਆਂ ਵਸਤਾਂ ਦੀ ਮਿਲਾਵਟਖੋਰੀ ‘ਤੇ ਨਜ਼ਰ ਰੱਖਣ ਲਈ ਡੇਅਰੀਆਂ ਅਤੇ ਮਠਿਆਈਆਂ ਦੀਆਂ ਦੁਕਾਨਾਂ‘ ਤੇ ਸੈਂਪਲਿੰਗ ਕਰਨ ਅਤੇ ਛਾਪੇਮਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਸੂਬੇਦਾਰ ਜੋਗਿੰਦਰ ਸਿੰਘ ਚੌਕ ਵਿਖੇ ਟ੍ਰੈਫਿਕ ਦੀ ਸਮੱਸਿਆ ਦੇ ਉਠਾਏ ਮੁੱਦੇ ‘ਤੇ ਸੀਨੀਅਰ ਪੁਲਿਸ ਕਪਤਾਨ ਅਮਰਜੀਤ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਨੂੰ ਜਲਦ ਤੋਂ ਜਲਦ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਉਪ ਮੰਡਲ ਮੈਜਿਸਟ੍ਰੇਟ ਮੋਗਾ ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ ਅਤੇ ੳਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗਗੜਾ, ਐਡਵੋਕੇਟ ਨਸੀਬ ਬਾਵਾ, ਕਰਨਲ ਬਾਬੂ ਸਿੰਘ, ਸੂਬੇਦਾਰ ਬਲਦੇਵ ਸਿੰਘ ਸੁਖਾਨੰਦ, ਕਾਮਰੇਡ ਕੁਲਦੀਪ ਸਿੰਘ ਭੋਲਾ, ਰਾਧੇ ਮੋਹਨ ਗਰਗ, ਪਰਮਜੀਤ ਸਿੰਘ ਤੇ ਹੋਰ ਮੈਬਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।