ਕੇਂਦਰ ਨੇ ਸਾਜਿਸ਼ ਤਹਿਤ ਨਾਗਰਿਕਤਾ ਸੋਧ ਬਿੱਲ ਰਾਹੀਂ ਘੱਟ ਗਿਣਤੀਆਂ ਦੇ ਅਧਿਕਾਰਾਂ ਤੇ ਡਾੱਕਾ ਮਾਰਿਆ : ਬੈਂਸ

ਲੁਧਿਆਣਾ, 13 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ ਦਿਨੀਂ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੀ ਲੋਕ ਇਨਸਾਫ ਪਾਰਟੀ ਨੇ ਭਰਪੂਰ ਨਿੰਦਾ ਕੀਤੀ  ਹੈ ਅਤੇ ਇਸ ਬਿੱਲ ਨੂੰ ਭਾਜਪਾ ਦੇ ਏਜੰਡਾ ਮੰਨਦੇ ਹੋਏ ਦੇਸ਼ ਵਿੱਚ ਘੱਟ ਗਿਣਤੀਆਂ  ਦੇ ਹੱਕਾਂ ਤੇ ਡਾੱਕਾ ਕਰਾਰ ਦਿੱਤਾ ਹੈ। ਇਸ ਸਬੰਧੀ ਅੱਜ ਕੋਟ ਮੰਗਲ ਸਿੰਘ ਵਿੱਖੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ।ਇਸ ਦੌਰਾਨ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਸ ਬਿੱਲ ਰਾਹੀਂ ਦੇਸ਼ ਦੀ ਸੱਤਾ ਤੇ ਕਾਬਜ ਭਾਜਪਾ ਨੇ ਇਸ ਸਾਜਿਸ਼ ਤਹਿਤ ਦੇਸ਼ ਵਿੱਚ ਘੱਟ ਗਿਣਤੀਆਂ ਦੇ ਹੱਕਾਂ ਅਤੇ ਅਧਿਕਾਰਾਂ ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਪਰ ਲੋਕ ਇਨਸਾਫ ਪਾਰਟੀ ਇਸ ਦਾ ਜਿੱਥੇ ਜਬਰਦਸਤ ਵਿਰੋਧ ਕਰਦੀ ਹੈ ਉੱਥੇ ਦੇਸ਼ ਦੇ ਘੱਟ ਗਿਣਤੀ ਸਮਾਜ ਨੂੰ ਵੀ ਅਪੀਲ ਕਰਦੀ ਹੈ ਕਿ ਇਸ ਬਿੱਲ ਦਾ ਵਿਰੋਧ ਕੀਤਾ ਜਾਵੇ, ਕਿਉਂਕਿ ਭਾਜਪਾ ਦਾ ਆਪਣਾ ਏਜੰਡਾ ਹੈ, ਜਿਸ ਨਾਲ ਭਾਜਪਾ ਸਿਰਫ ਤੇ ਸਿਰਫ ਘੱਟ ਗਿਣਤੀਆਂ ਦਾ ਮੂੰਹ ਬੰਦ ਕਰਨਾ ਚਾਹੁੰਦੀ ਹੈ, ਜਿਸ ਨੂੰ ਕਦੀ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਦੂਜੇ ਪਾਸੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਇਸ ਬਿੱਲ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਘੱਟ ਹੈ, ਕਿਉਂਕਿ ਦੇਸ਼ ਵਿੱਚ ਘੱਟ ਗਿਣਤੀ ਕੌਮਾਂ ਪਹਿਲਾਂ ਹੀ ਮਹਿੰਗਾਈ, ਬੇਰੁਜਗਾਰੀ ਜਿਹੇ ਮੁੱਦਿਆਂ ਕਾਰਣ ਪਿੱਛੇ ਹੈ ਅਤੇ ਇਸ ਬਿੱਲ ਨਾਲ ਘੱਟਗਿਣਤੀਆਂ ਨੂੰ ਸਰਕਾਰ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਘੱਟ ਗਿਣਤੀ ਕੌਮਾਂ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਕੇਂਦਰ ਵਲੋਂ ਪਾਸ ਕੀਤੇ ਇਸ ਮਤੇ ਦਾ ਵਿਰੋਧ ਕੀਤਾ ਜਾਵੇ, ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਹੱਕਾਂ ਦੀ ਰਾਖੀ ਕਰਨ ਲਈ ਕੋਈ ਵੀ ਆਵਾਜ ਉੱਠਣ ਨਹੀਂ ਦਿੱਤੀ ਜਾਵੇਗੀ, ਇਸ ਲਈ ਹੁਣ ਤੋਂ ਹੀ ਇਸ ਦੇ ਖਿਲਾਫ ਇੱਕ ਜੰਗ ਛੇੜਨ ਦੀ ਬੇਹੱਦ ਜਰੂਰਤ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ