ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਤਖਤੂਪੁਰਾ ਦੇ ਮਾਘੀ ਮੇਲੇ ‘ਚ ਸੁਚਾਰੂ ਪ੍ਰਬੰਧ ਕੀਤੇ ਜਾਣਗੇ-ਸੰਦੀਪ ਹੰਸ

ਮੋਗਾ 26 ਦਸੰਬਰ: (ਜਸ਼ਨ): ਤਿੰਨ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਪਿੰਡ ਤਖਤੂਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਘੀ ਦੇ ਮੇਲੇ ਸਬੰਧੀ ਸਮਾਗਮਾਂ ਦੇ ਉੱਤਮ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀਮਤੀ ਅਨੀਤਾ ਦਰਸ਼ੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਘੀ ਮੇਲੇ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਲਈ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸ੍ਰੀ ਰਾਮ ਸਿੰਘ ਮੇਲੇ ਦੇ ਇੰਚਾਰਜ ਅਫ਼ਸਰ ਵੱਜੋਂ ਕੰਮ ਕਰਨਗੇ, ਜਦ ਕਿ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਬਤੌਰ ਸਹਾਇਕ ਮੇਲਾ ਅਫ਼ਸਰ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ‘ਤੇ ਸਥਿਤ ਸਿਹਤ ਵਿਭਾਗ ਦੀ ਡਿਸਪੈਂਸਰੀ ਵਿਖੇ ਸਿਵਲ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ। ਇਸ ਤੋ ਇਲਾਵਾ ਪੁਲਿਸ ਪ੍ਰਸਾਸ਼ਨ ਵੱਲੋ ਪੁਲਿਸ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਗਠਿਤ ਕੀਤੀਆਂ ਜਾਣ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੁਚਾਰੂ ਬਿਜਲੀ ਸਪਲਾਈ ਨੂੰ ਯਕੀਨੀ ਬਨਾਉਣ ਲਈ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੇਲੇ ਵਾਲੀ ਥਾਂ ਅਤੇ ਪਿੰਡ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਫ਼ਸਰਾਂ ਨੂੰ ਮੇਲੇ ਦੇ ਸਥਾਨ ਤੱਕ ਪਹੁੰਚ ਸੜਕਾਂ ਚੈੱਕ ਕਰਨ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਲੇ-ਦੁਆਲੇ ਦੀਆਂ ਮੇਲੇ ਤੱਕ ਪਹੁੰਚ ਸੜਕਾਂ ਦੀ ਲੋੜੀਂਦੀ ਮੁਰੰਮਤ ਕਰਨ ਦੇ ਆਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵਾਹਨਾਂ ਲਈ ਪਾਰਕਿੰਗ ਅਤੇ ਟ੍ਰੈਫ਼ਿਕ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਸਫ਼ਾਈ, ਸਟਰੀਟ ਲਾਈਟਾਂ, ਆਰਜ਼ੀ ਪਖਾਨੇ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸਤਵੰਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿਂੱਧੂ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਜੇ.ਐਸ. ਚਾਹਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਜਸਪਾਲ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਨੇਕ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਮੀਤ ਸਿੰਘ, ਸਹਾਇਕ ਖੇਡ ਅਫ਼ਸਰ ਇੰਦਰਪਾਲ ਸਿੰਘ ਢਿੱਲੋ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਨੁਮਾਇੰਦਿਆਂ ਨੇ ਹਿੱਸਾ ਲਿਆ।