ਰਾਣਾ ਵਰਿੰਦਰ ਸਿੰਘ ਨੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 3 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼):ਰਾਣਾ ਵਰਿੰਦਰ ਸਿੰਘ ਨੇ ਅੱਜ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ, ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਜੰਗਲਾਤ ਅਤੇ ਜੰਗਲੀ ਜੀਵ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਸਨ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਰਾਣਾ ਵਰਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਸੂਬੇ ਦੇ ਖੇਤੀਬਾੜੀ ਖੇਤਰ ਅਤੇ ਪੰਜਾਬ ਸਰਕਾਰ ਦਰਮਿਆਨ ਇੱਕ ਪੁਲ ਵਜੋਂ ਕੰਮ ਕਰੇ।ਸ: ਰੰਧਾਵਾ ਨੇ ਇਹ ਵੀ ਕਿਹਾ ਕਿ ਬੈਂਕ ਕਾਰੋਬਾਰ ਨੂੰ ਵਧਾਉਣ ਲਈ ਕਈ ਨਵੀਆਂ ਯੋਜਨਾਵਾਂ ਅਤੇ ਸੇਵਾਵਾਂ ਦੀ ਸ਼ੁਰੂਆਤ ਕਰ ਰਿਹਾ ਹੈ ਅਤੇ ਉਹਨਾਂ ਇਹ ਵਿਸ਼ਵਾਸ ਜ਼ਾਹਰ ਕੀਤਾ ਹੈ ਕਿ ਨਵੇਂ ਚੇਅਰਮੈਨ ਬੈਂਕ ਨੂੰ ਹੋਰ ਉੱਚਾਈਆਂ ‘ਤੇ ਲੈ ਜਾਣਗੇ। ਆਪਣੇ ਸੰਬੋਧਨ ਵਿੱਚ ਰਾਣਾ ਵਰਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੇਂਡੂ ਖੇਤਰ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਕਿਸਾਨੀ ਭਾਈਚਾਰੇ ਦੀ ਭਲਾਈ ਲਈ ਉਚੇਚੇ ਉਪਰਾਲੇ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਚੌਧਰੀ ਦਰਸ਼ਨ ਲਾਲ, ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਸ. ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ., ਵਿਧਾਇਕ ਸ. ਲਖਬੀਰ ਸਿੰਘ ਲੱਖਾ, ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ, ਸਾਬਕਾ ਮੰਤਰੀ ਸ. ਜਗਮੋਹਨ ਸਿੰਘ ਕੰਗ, ਐਸ.ਐਸ. ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਐਨ ਆਰ ਆਈ ਕਮਿਸ਼ਨ ਦੇ ਮੈਂਬਰ ਸ. ਗੁਰਜੀਤ ਸਿੰਘ ਲੇਹਲ, ਲੀਗਲ ਸੈੱਲ ਪੀ ਸੀ ਸੀ ਦੇ ਸਾਬਕਾ ਪ੍ਰਧਾਨ ਪੰਡਿਤ ਵਿਨੋਦ ਸ਼ਰਮਾ, ਡੀ ਸੀ ਸੀ ਦੇ ਸਾਬਕਾ ਪ੍ਰਧਾਨ ਡਾ. ਸਿਕੰਦਰ ਸਿੰਘ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਮਾਰਕਫੈੱਡ ਦੇ ਐਮ ਡੀ ਸ੍ਰੀ ਵਰੁਣ ਰੂਜ਼ਮ ਅਤੇ ਸੀਨੀਅਰ ਵਕੀਲ/ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਨੌਕਰਸ਼ਾਹ/ਪੁਲਿਸ ਅਧਿਕਾਰੀ, ਪੀ.ਸੀ.ਸੀ. ਦੇ ਮੈਂਬਰ, ਪ੍ਰਮੁੱਖ ਕਾਂਗਰਸ ਅਤੇ ਸਮਾਜਿਕ ਆਗੂ ਸ਼ਾਮਿਲ ਸਨ।