19 ਤੋਂ 21 ਜਨਵਰੀ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1 ਲੱਖ 13 ਹਜ਼ਾਰ 404 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ

ਮੋਗਾ 14 ਜਨਵਰੀ: (ਜਸ਼ਨ):19 ਤੋਂ 21 ਜਨਵਰੀ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1 ਲੱਖ 13 ਹਜ਼ਾਰ 404 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 509 ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 20 ਤੇ 21 ਜਨਵਰੀ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਵੱਲੋ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਵੀ ਮੌਜੂਦ ਸਨ।ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 114 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ: ਹਰਿੰਦਰ ਸ਼ਰਮਾ, ਡਬਲਯੂ.ਐਚ.ਓ. ਸਲਾਹਕਕਾਰ ਡਾ. ਗਗਨ, ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗਗਨਦੀਪ ਸਿੰਘ, ਡਾ. ਨੀਮਲ ਭਾਟੀਆ, ਡਾ. ਗੁਰਮੀਤ ਲਾਲ, ਡਾ. ਚਰਨਜੀਤ ਅਤੇ ਡਾ. ਜੋਗੇਸ਼ ਖੰਨਾ ਤੋ ਇਲਾਵਾ ਹੋਰ ਅਧਿਕਾਰੀ ਤੇ ਕ੍ਰਮਚਾਰੀ ਹਾਜ਼ਰ ਸਨ।