ਦੋ ਲੱਖ ਨਕਦ ਅਤੇ ਅੱਠ ਲੱਖ ਦਾ ਚੈੱਕ ਲੈਂਦਿਆਂ ਇੱਕ ਨਾਇਬ ਤਹਿਸੀਲਦਾਰ ਵਿਜੀਲੈਂਸ ਨੇ ਕੀਤਾ ਗਿ੍ਰਫਤਾਰ, ਰਿਸ਼ਵਤ ਦੇ ਦੋਸ਼ਾਂ ‘ਚ ਇਕ ਹੋਰ ਨਾਇਬ ਤਹਿਸੀਲਦਾਰ ਖਿਲਾਫ਼ ਵੀ ਮਾਮਲਾ ਦਰਜ

ਚੰਡੀਗੜ੍ਹ, 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਨਾਇਬ ਤਹਿਸੀਲਦਾਰਾਂ ਵਿਰੁੱਧ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਇੱਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਰਗਟ ਸਿੰਘ ਦੀ ਸ਼ਿਕਾਇਤ ’ਤੇ ਰਾਜਪੁਰਾ (ਜ਼ਿਲ੍ਹਾ ਪਟਿਆਲਾ) ਦੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੰੂ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਆਪਣੀ ਜ਼ਮੀਨ ਦੀ ਵੰਡ ਸਬੰਧੀ ਪਟੀਸ਼ਨ ਨਾਇਬ ਤਹਿਸੀਲਦਾਰ ਬਨੂੜ ਰੁਪਿੰਦਰ ਕੁਮਾਰ ਕੋਲ ਵਿਚਾਰ ਅਧੀਨ ਸੀ ਜਿਸਨੇ ਸ਼ਿਕਾਇਤਕਰਤਾ ਨੂੰ ਨਾਇਬ ਤਹਿਸੀਲਦਾਰ ਰਾਜਪੁਰਾ ਉਸ ਨੰੂ ਕੋਲ ਜਾਣ ਲਈ ਕਿਹਾ । ਬੁਲਾਰੇ ਨੇ ਅੱਗੇ ਦੱਸਿਆ ਕਿ ਨਾਇਬ ਤਹਿਸੀਲਦਾਰ ਰਾਜਪੁਰਾ ਨੇ ਨਾਇਬ ਤਹਿਸੀਲਦਾਰ ਬਨੂੜ ਅਤੇ  ਐਸਏਐਸ ਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਕੋਲ ਚੱਲ ਰਹੇ ਦੋ ਮਾਲ ਕੇਸਾਂ ਦਾ ਫੈਸਲਾ ਸ਼ਿਕਾਇਤ ਕਰਤਾ ਦੇ ਹੱਕ ਵਿੱਚ ਕਰਵਾਉਣ ਬਦਲੇ ਦਸ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।ਉਕਤ ਜਾਣਕਾਰੀ ਦੀ ਪੁਸ਼ਟੀ ਕਰਨ ਤੋਂ ਬਾਅਦ ਬਿਊਰੋ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋ ਲੱਖ ਰੁਪਏ ਨਕਦ ਅਤੇ 8 ਲੱਖ ਰੁਪਏ ਦੀ ਰਾਸ਼ੀ  ਦਾ ਚੈਕ ਲੈਂਦਿਆਂ ਦੋਸ਼ੀ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਬਨੂੜ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦੋਵਾਂ ਅਧਿਕਾਰੀਆਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13 (2) ਤਹਿਤ ਵਿਜੀਲੈਂਸ ਬਿਊਰੋ, ਥਾਣਾ ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫ਼ਤੀਸ਼ ਜਾਰੀ ਹੈ।