ਯੂਨੀਵਰਸਿਟੀ ਫਰੀਦਕੋਟ ਦੇ ਮੁਲਾਜ਼ਮਾਂ ਨੂੰ ਪੱਕੇ ਕਰਾਉਣ ਲਈ ਸਾਂਝਾ ਸੰਘਰਸ਼ ਵਿੱਢਿਆ ਜਾਵੇਗਾ- ਜਗਦੀਸ਼ ਚਾਹਲ

ਮੋਗਾ, 18 ਜਨਵਰੀ (ਜਸ਼ਨ) ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਲਈ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਮੈਨੇਜਮੈਂਟ ਨਾਲ ਆਰ-ਪਾਰ ਦਾ ਸੰਘਰਸ਼ ਆਰੰਭਿਆ ਹੋਇਆ ਹੈ। ਕਈ ਦਿਨਾਂ ਤੋਂ ਮੁਲਾਜ਼ਮ ਆਗੂ ਵਾਟਰ ਵਰਕਸ ਦੀ ਟੈਂਕੀ ਉੱਪਰ ਡਟੇ ਹੋਏ ਹਨ। ਕੜਾਕੇ ਦੀ ਸਰਦੀ ਕਾਰਨ ਟੈਂਕੀ ਤੇ ਚੜ੍ਹੇ ਆਗੂਆਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਜਿਸ ਕਾਰਨ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਤੀ ਮੁਲਾਜ਼ਮਾਂ ਦਾ ਗੁੱਸਾ ਵਧ ਰਿਹਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਚੇਅਰਮੈਨ ਸਾਥੀ ਸੱਜਣ ਸਿੰਘ, ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸੀਨੀ. ਵਾਈਸ ਪ੍ਰਧਾਨ ਰਣਬੀਰ ਸਿੰਘ ਢਿੱਲੋਂ, ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ, ਸੂਬਾਈ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਭੂਪਿੰਦਰ ਸਿੰਘ ਸੇਖੋਂ, ਸੂਬਾਈ ਅਧਿਆਪਕ ਆਗੂ ਪ੍ਰੇਮ ਚਾਵਲਾ ਅਤੇ ਫੈਡਰੇਸ਼ਨ ਦੇ ਸਕੱਤਰ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਮੰਗਾਂ ਬਿਲਕੁਲ ਹੀ ਜਾਇਜ਼ ਹਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਦੀਆਂ ਹਨ। ਮੁਲਾਜ਼ਮਾਂ ਦੀ ਨਿਯੁਕਤੀ, ਬਦਲੀ, ਤਰੱਕੀ ਕਰਨ ਦੇ ਮੁਕੰਮਲ ਅਖਤਿਆਰ ਯੂਨੀਵਰਸਿਟੀ ਕੋਲ ਹਨ। ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਪਹਿਲਾਂ ਦੀ ਤਰ੍ਹਾਂ ਆਪਣੇ ਪੱਧਰ ਤੇ ਰੈਗੂਲਰ ਕੀਤੀਆਂ ਜਾ ਸਕਦੀਆਂ ਹਨ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਕਾਰਨ ਵਿੱਢੇ ਇਸ ਸੰਘਰਸ਼ ਦੌਰਾਨ ਕਿਸੇ ਵੀ ਮੁਲਾਜ਼ਮ ਦਾ ਨੁਕਸਾਨ ਹੋਇਆ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਦੇ ਇਸ ਸੰਘਰਸ਼ ਦੀ ਹਮਾਇਤ ਵਿੱਚ ਸੂਬਾ ਪੱਧਰ ਤੇ ਸਾਂਝਾ ਮੁਲਾਜ਼ਮ ਸੰਘਰਸ਼ ਵਿੱਢਿਆ ਜਾਵੇਗਾ।