ਪਾਣੀਆਂ ਦੇ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ,ਸੂਬੇ ਦੇ ਮਹੱਤਵਪੂਰਨ ਮਸਲਿਆਂ ’ਤੇ ਹਰੇਕ ਛਿਮਾਹੀ ‘ਚ ਸਰਬ ਪਾਰਟੀ ਮੀਟਿੰਗ ਸੱਦੀ ਜਾਇਆ ਕਰੇਗੀ

ਚੰਡੀਗੜ੍ਹ,23 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਦਾ ਪਾਣੀ ਕਿਸੇ ਵੀ ਹਾਲਤ ਵਿੱਚ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਨਾ ਕੀਤਾ ਜਾਵੇ। ਸਾਰੀਆਂ ਹੀ ਪਾਰਟੀਆਂ ਨੇ ਸਰਬਸੰਮਤੀ ਨਾਲ ਨਵੇਂ ਟਿ੍ਰਬਿੳੂਨਲ ਦੀ ਸਥਾਪਨਾ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਵਿਵਾਦ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਮੰਗ ਕੀਤੀ ਤਾਂ ਕਿ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਮੀਟਿੰਗ ਵਿੱਚ ਪੜ੍ਹੇ ਗਏ ਮਤੇ ਮੁਤਾਬਕ, ‘‘ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟਣ ਕਰਕੇ ਅਤੇ ਦਰਿਆਈ ਪਾਣੀਆਂ ਦੀ ਕਮੀ ਕਾਰਨ ਪੰਜਾਬ ਦੇ ਮਾਰੂਥਲ ਬਣਨ ਦਾ ਖਦਸ਼ਾ ਹੈ। ਪੰਜਾਬ ’ਚ ਧਰਤੀ ਹੇਠਲਾ ਪਾਣੀ ਜੋ ਸੂਬੇ ਦੀਆਂ 73 ਪ੍ਰਤੀਸ਼ਤ ਸਿੰਚਾਈ ਲੋੜਾਂ ਪੂਰੀਆਂ ਕਰਦਾ ਹੈ, ਹੁਣ ਬਹੁਤ ਥੱਲ੍ਹੇ ਜਾ ਚੁੱਕਾ ਹੈ ਜਿਸ ਕਾਰਨ ਕਿਸਾਨਾਂ ਅਤੇ ਗਰੀਬ ਲੋਕਾਂ ਦੀ ਰੋਜ਼ੀ-ਰੋਟੀ ਨੂੰ ਬਹੁਤ ਵੱਡਾ ਖਤਰਾ ਬਣਿਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਇਹ ਸਰਬਸੰਮਤੀ ਨਾਲ ਸੰਕਲਪ ਕੀਤਾ ਜਾਂਦਾ ਹੈ ਕਿ ਭਾਰਤ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਤਿੰਨ ਦਰਿਆਵਾਂ (ਰਾਵੀ, ਸਤਲੁਜ ਅਤੇ ਬਿਆਸ) ਦੇ ਬੇਸਿਨ ਤੋਂ ਨਾਨ-ਬੇਸਿਨ ਇਲਾਕਿਆਂ ਵਿੱਚ ਦੁਨੀਆਂ ਭਰ ’ਚ ਪ੍ਰਵਾਨਿਤ ਰਿਪੇਅਰੀਅਨ ਸਿਧਾਂਤ ਮੁਤਾਬਕ ਕਿਸੇ ਵੀ ਸੂਰਤ ਵਿੱਚ ਤਬਦੀਲ ਨਾ ਕੀਤਾ ਜਾਵੇ। ਇਸ ਸਬੰਧ ਵਿੱਚ ਢੁਕਵੇਂ ਬਦਲ, ਜਿਨ੍ਹਾਂ ਵਿੱਚ ਪਾਣੀਆਂ ਦੀ ਉਪਲਬਧਤਾ ਦਾ ਮੁੜ ਤੋਂ ਮੁਲਾਂਕਣ ਕਰਨ ਲਈ ਪ੍ਰਸਤਾਵਿਤ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ ਐਕਟ ਅਧੀਨ ਨਵਾਂ ਟਿ੍ਰਬਿਊਨਲ ਸਥਾਪਤ ਕਰਨ ਸਬੰਧੀ ਸੋਧ ਕਰਨੀ ਵੀ ਸ਼ਾਮਲ ਹੈ, ਅੰਤਮ ਫੈਸਲੇ ਤੋਂ ਪਹਿਲਾਂ, ਲੱਭੇ ਅਤੇ ਵਿਕਸਤ ਕੀਤੇ ਜਾਣ ਤਾਂ ਜੋ ਇਨਸਾਫ ਅਤੇ ਇਕਸਾਰਤਾ ਅਨੁਸਾਰ ਪੰਜਾਬ ਨੂੰ ਇਸ ਦੀ ਕੁੱਲ ਮੰਗ ਅਤੇ ਭਵਿੱਖੀ ਪੀੜ੍ਹੀਆਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨ ਲਈ ਵਾਧੂ ਪਾਣੀ ਮੁਹੱਈਆ ਕਰਵਾਇਆ ਜਾ ਸਕੇ।’’ ਮੁੱਖ ਮੰਤਰੀ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਮਤਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੇਸ਼ ਕੀਤਾ ਤਾਂ ਕਿ ਸੂਬੇ ਦੇ ਪਾਣੀ ਦੇ ਸੰਕਟ ਨੂੰ ਹੱਲ ਲੱਭਣ ਲਈ ਰਾਹ ਤਲਾਸ਼ਿਆ ਜਾ ਸਕੇ। ਭਾਵੇਂ ਕਿ ਮਤੇ ਵਿੱਚ ਸਤਲੁਜ ਯਮੁਨਾ ਲਿੰਕ ਨਹਿਰ ਦਾ ਜ਼ਿਕਰ ਨਹੀਂ ਕੀਤਾ ਗਿਆ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿੱਚ ਆਖਿਆ ਕਿ ਨਹਿਰ ਦੀ ਉਸਾਰੀ ਵੱਲ ਚੁੱਕਿਆ ਕੋਈ ਵੀ ਕਦਮ ਸੂਬੇ ਲਈ ਘਾਤਕ ਹੋਵੇਗਾ। ਸਾਰੀਆਂ ਪਾਰਟੀਆਂ ਨੇ ਇਸ ਨਾਜ਼ੁਕ ਮਸਲੇ ’ਤੇ ਸਰਬ ਪਾਰਟੀ ਮੀਟਿੰਗ ਸੱਦਣ ਲਈ ਮੁੱਖ ਮੰਤਰੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਹਾਂ-ਪੱਖੀ ਅਤੇ ਉਸਾਰੂ ਸੁਝਾਅ ਪੇਸ਼ ਕਰਨ ਦਾ ਸਵਾਗਤ ਕਰਦਿਆਂ ਆਖਿਆ ਕਿ ਸਰਬ ਪਾਰਟੀ ਵਫ਼ਦ ਵੱਲੋਂ ਪੰਜਾਬ ਦਾ ਕੇਸ ਰੱਖਣ ਲਈ ਉਨ੍ਹਾਂ ਦੀ ਸਰਕਾਰ ਪ੍ਰਧਾਨ ਮੰਤਰੀ ਪਾਸੋਂ ਮਿਲਣ ਦਾ ਸਮਾਂ ਮੰਗੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਦਰਿਆਈ ਪਾਣੀਆਂ ਦੀ ਵੰਡ ਮੌਕੇ ਕੌਮਾਂਤਰੀ ਪੱਧਰ ’ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਨੂੰ ਦਰਕਿਨਾਰ ਕੀਤਾ ਗਿਆ ਸੀ। ਉਨ੍ਹਾਂ ਨੇ ਇਸ ਨੂੰ ਦਰੁਸਤ ਕਰਨ ਦੀ ਲੋੜ ’ਤੋ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਸਲਿਆਂ ਨੂੰ ਵਿਚਾਰਨ ਲਈ ਹਰੇਕ ਛਿਮਾਹੀ ਸਰਬ ਪਾਰਟੀ ਮੀਟਿੰਗ ਸੱਦੀ ਜਾਇਆ ਕਰੇਗੀ। ਮੀਟਿੰਗ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਮੱਸਿਆ ਦੀਆਂ ਚਿੰਤਾਵਾਂ ਸਿਰਫ ਉਨ੍ਹਾਂ ਦੀ ਸਰਕਾਰ ਜਾਂ ਕਾਂਗਰਸ ਪਾਰਟੀ ਲਈ ਨਹੀਂ ਸਗੋਂ ਪੂਰੇ ਪੰਜਾਬ ਲਈ ਹਨ। ਮੀਟਿੰਗ ਦਾ ਪਿੜ ਬੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਸਮੀ ਤਬਦੀਲੀਆਂ ਅਤੇ ਪਿਘਲ ਰਹੇ ਗਲੇਸ਼ੀਅਰਾਂ ਦੇ ਮੱਦੇਨਜ਼ਰ ਪਾਣੀ ਇਕ ਆਲਮੀ ਮਸਲਾ ਬਣ ਕੇ ਉੱਭਰਿਆ ਹੈ ਅਤੇ ਦੁਨੀਆ ਭਰ ਵਿੱਚ ਸ਼ਹਿਰਾਂ ਦੇ ਪਾਣੀ ਹੇਠ ਆਉਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਸਾਡੇ ਜ਼ਮਾਨੇ ਵਿੱਚ ਨਾ ਵਾਪਰੇ, ਪਰ ਅਸੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹੱਲ ਲੱਭਾਂਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਸੱਦਣ ਦਾ ਮਕਸਦ ਇਸ ਮਸਲੇ ’ਤੇ ਵਿਚਾਰ-ਵਟਾਂਦਰਾ ਕਰਕੇ ਇਸ ਸਬੰਧ ਵਿੱਚ ਦੂਰਗਾਮੀ ਨੀਤੀ ਘੜਨ ਲਈ ਸਰਬਸੰਮਤੀ ’ਤੇ ਪਹੁੰਚਣਾ ਹੈ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਰਾਡੀ ਕਮਿਸ਼ਨ ਅਨੁਸਾਰ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ 17.ਐਮ.ਏ.ਐਫ.  ਤੋਂ ਘਟ ਕੇ ਹੁਣ 13 ਐਮ.ਏ.ਐਫ. ਰਹਿ ਗਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅੱਗੇ ਮੰਗ ਰੱਖੀ ਗਈ ਹੈ ਕਿ ਪੰਜਾਬ ਦੇ ਤਿੰਨ ਦਰਿਆਵਾਂ ਵਿੱਚ ਪਾਣੀ ਦਾ ਮੌਜੂਦਾ ਪੱਧਰ ਪਤਾ ਕਰਨ ਲਈ ਨਵਾਂ ਕਮਿਸ਼ਨ ਸਥਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀਆਂ ਨੂੰ ਦੇਖਦਿਆਂ ਇਹ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਸਾਫ ਕੀਤਾ ਕਿ ਬੈਂਸ ਭਰਾਵਾਂ ਨੂੰ ਮੀਟਿੰਗ ਲਈ ਸੱਦਾ ਪੱਤਰ ਨਹੀਂ ਦਿੱਤਾ ਗਿਆ ਸੀ ਕਿਉਕਿ ਸਿਰਫ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਨੂੰ ਹੀ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਗਿਆ ਸੀ।ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਪਾਣੀ ਦੀ ਸੰਭਾਲ ਲਈ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਪਰਾਲਿਆਂ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸੁਪਰੀਮ ਕੋਰਟ ਵਿੱਚ ਹੋਰ ਰਿੱਟ ਦਾਇਰ ਕਰ ਕੇ ਪੰਜਾਬ ਵਿੱਚ ਪਾਣੀਆਂ ਦੀਆਂ ਮੌਜੂਦਾ ਸਥਿਤੀਆਂ ਦਾ ਤਾਜ਼ਾ ਮੁਲਾਂਕਣ ਕਰਨ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਰਿਪੇਅਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਮੁੜ ਵੰਡ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਲਵਾ ਦੀ ਸਥਿਤੀ ਹੋਰ ਵੀ ਬੁਰੀ ਹੈ। ਉਨ੍ਹਾਂ ਕਿਹਾ ਕਿ ਸਨਅਤੀ ਪਾਣੀ ਦੇ ਪ੍ਰਦੂਸ਼ਣ ਖਾਸ ਕਰ ਕੇ ਬੁੱਢੇ ਨਾਲੇ ਵਿੱਚ ਪਾਏ ਜਾਂਦੇ ਪ੍ਰਦੂਸ਼ਿਤ ਪਾਣੀ ਕਰਕੇ ਕੈਂਸਰ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਆਪ ਦੇ ਅਮਨ ਅਰੋੜਾ ਨੇ ਸੂਬਾ ਸਰਕਾਰ ਕੋਲ ਮੰਗ ਕੀਤੀ ਕਿ ਇਸ ਵਿਆਪਕ ਮੁੱਦੇ ਉਤੇ ਹੋਰ ਕੰਮ ਕਰਨ ਲਈ ਸਬ ਕਮੇਟੀ ਬਣਾਈ ਜਾਵੇ ਜਿਸ ਵਿੱਚ ਮੰਤਰੀ, ਅਧਿਕਾਰੀ ਅਤੇ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ। ਸ਼ੋ੍ਰਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀਆਂ ਨੂੰ ਇਕ-ਦੂਜੇ ਖਿਲਾਫ ਦੂਸ਼ਣਬਾਜ਼ੀ ਕਰਨ ਦੀ ਬਜਾਏ ਪੰਜਾਬ ਦੇ ਜਲ ਵਸੀਲਿਆਂ ਦੀ ਰਾਖੀ ਲਈ ਏਕਤਾ ਦਿਖਾਉਣੀ ਚਾਹੀਦੀ ਹੈ। ਐਸ.ਵਾਈ.ਐਲ. ਨੂੰ ਵੱਡਾ ਮੁੱਦਾ ਦੱਸਦਿਆਂ ਉਨ੍ਹਾਂ ਕਿਹਾ ਕਿ ਕਾਨੂੰਨੀ ਹੱਲ ਦੇ ਨਾਲ-ਨਾਲ ਇਸ ਮੁੱਦੇ ਦੀ ਰਾਜਸੀ ਤੌਰ ’ਤੇ ਵੀ ਪੈਰਵੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਆਪਣੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਮਸਲੇ ਦੇ ਹੱਲ ਲਈ ਕੋਈ ਕਦਮ ਚੁੱਕੇ ਜਾਣ ’ਤੇ ਪੂਰਾ ਸਾਥ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਰਿਆਵਾਂ ਦੇ ਮੌਜੂਦਾ ਪੱਧਰ ਦਾ ਮੁੜ ਮੁਲਾਂਕਣ ਕਰਨਾ ਅਤਿ ਜ਼ਰੂਰੀ ਹੈ। ਐਸ.ਵਾਈ.ਐਲ. ਨੂੰ ਪੰਜਾਬ ਲਈ ਆਤਮਘਾਤੀ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਦੇ ਉਸ ਚਿਤਾਵਨੀ ਭਰੇ ਕਥਨ ਦੀ ਪੁਸ਼ਟੀ ਕੀਤੀ ਜਿਸ ਵਿੱਚ ਉਨ੍ਹਾਂ ਸ਼ੰਕਾ ਪ੍ਰਗਟਾਈ ਸੀ ਕਿ ਇਹ ਮੁੱਦਾ ਸੂਬੇ ਵਿੱਚ ਹਿੰਸਾ ਅਤੇ ਅਤਿਵਾਦ ਦੀ ਮੁੜ ਸੁਰਜੀਤੀ ਦੀ ਕਾਰਨ ਬਣ ਸਕਦਾ ਹੈ। ਉਨ੍ਹਾਂ ਮਹਿਸੂਸ ਕੀਤਾ ਕਿ ਸੁਪਰੀਮ ਕੋਰਟ ਨੂੰ ਤਾਜ਼ੀ ਪਟੀਸ਼ਨ ਸੁਣਨੀ ਚਾਹੀਦੀ ਹੈ ਅਤੇ ਐਸ.ਵਾਈ.ਐਲ. ਦੀ ਉਸਾਰੀ ਦੇ ਫੁਰਮਾਨ ਉਤੇ ਰੋਕ ਲਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵੱਲੋਂ ਨਵਾਂ ਟਿ੍ਰਬਿੳੂਨਲ ਬਣਾਉਣ ਦਾ ਕਾਨੂੰਨ ਪਾਸ ਹੋ ਗਿਆ ਤਾਂ ਇਹ ਪੰਜਾਬ ਲਈ ਤਬਾਹੀ ਹੋਵੇਗਾ। ਉਨ੍ਹਾਂ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅੰਤਰ-ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿੱਲ, 2019 ਦੀ ਧਾਰਾ 12 ਬਦਲਣ ਲਈ ਆਖਿਆ। ਉਨ੍ਹਾਂ ਨੇ ਇਸ ਮਾਮਲੇ ਉਤੇ ਇਕੱਠੇ ਹੋ ਕੇ ਲੜਾਈ ਲੜਨ ਦੀ ਲੋੜ ’ਤੇ ਜ਼ੋਰ ਦਿੱਤਾ।ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਇਸ ਮਾਮਲੇ ਉਤੇ ਆਪਣੀ ਗੱਲ ਰੱਖਦਿਆਂ ਪੰਜਾਬ ਵਿੱਚ ਪਾਣੀਆਂ ਦੀ ਵੰਡ ਰਿਪੇਅਰੀਅਨ ਕਾਨੂੰਨਾਂ ਅਨੁਸਾਰ ਕਰਨ ਦੀ ਗੱਲ ਕਹੀ।ਭਾਜਪਾ ਦੇ ਮਦਨ ਮੋਹਨ ਮਿੱਤਲ ਨੇ ਇਸ ਨਾਜ਼ੁਕ ਮੁੱਦੇ ਉਤੇ ਸਾਰੀਆਂ ਪਾਰਟੀਆਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਣਕ/ਝੋਨੇ ਦੇ ਫਸਲੀ ਚੱਕਰ ਨੂੰ ਤੋੜਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਧਰਤੀ ਹੇਠਲੇ ਪਾਣੀ ਨੂੰ ਮੁੜ ਪੈਦਾ ਕਰਨ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਵਿੱਚ ਚੋਖਾ ਯੋਗਦਾਨ ਪਾਉਣ ਦੇ ਬਾਵਜੂਦ ਕਿਸਾਨੀ ਵੱਡੇ ਕਰਜ਼ੇ ਹੇਠ ਆਈ ਹੋਈ ਹੈ। ਉਨ੍ਹਾਂ ਸਰਕਾਰ ਦੇ ਕੇਂਦਰ ਵੱਲੋਂ ਫਸਲੀ ਵਿਭਿੰਨਤਾ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੇ ਸਟੈਂਡ ਉਤੇ ਵੀ ਸਹਿਮਤੀ ਜਤਾਈ।ਸੀ.ਪੀ.ਆਈ. ਦੇ ਬੰਤ ਬਰਾੜ ਤੇ ਸੀ.ਪੀ.ਆਈ. (ਐਮ.) ਦੇ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪਾਣੀ ਦੀ ਵੰਡ ਲੌਗੋਵਾਲ ਸਮਝੌਤੇ ਅਨੁਸਾਰ ਹੋਣੀ ਚਾਹੀਦੀ ਹੈ। ਸੇਖੋਂ ਨੇ ਕਿਹਾ ਕਿ ਕਿਸਾਨਾਂ ਦੀ ਹਿੱਤਾਂ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਹੂ-ਬ-ਹੂ ਲਾਗੂ ਕਰਨੀ ਚਾਹੀਦੀ ਹੈ।ਬਸਪਾ ਦੇ ਜਸਬੀਰ ਸਿੰਘ ਗੜੀ ਨੇ ਕਿਹਾ ਕਿ ਪੰਜਾਬ ਨੂੰ ਬਣਦਾ ਪਾਣੀਆਂ ਦਾ ਹਿੱਸਾ ਨਾ ਦੇ ਕੇ ਕੇਂਦਰ ਨੇ ਪਹਿਲਾਂ ਹੀ ਵਿਤਕਰੇਬਾਜ਼ੀ ਕੀਤੀ ਹੈ।ਤਿ੍ਰਣਮੂਲ ਕਾਂਗਰਸ ਦੇ ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਾਣੀ ਬਚਾਉਣ ਖਾਸ ਕਰ ਕੇ ਫਸਲੀ ਵਿਭਿੰਨਤਾ ਰਾਹੀਂ ਬਚਾਉਣ ਦੇ ਮੁੱਦੇ ਉਤੇ ਸੂਬਾ ਸਰਕਾਰ ਦੇ ਨਾਲ ਹੈ। ਪਾਣੀ ਦੀ ਦੁਰਵਰਤੋਂ ਰੋਕਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਟਿੳੂਬਵੈਲਾਂ ਨੂੰ ਮੁਫਤ ਬਿਜਲੀ ਬੰਦ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਧਰਤੀ ਹੇਠਲਾ ਪਾਣੀ ਬਚਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਾਲ ਮੀਂਹ ਵਾਲੇ ਪਾਣੀ ਦੀ ਸੰਭਾਲ ਲਈ ਹੰਭਲੇ ਮਾਰਨੇ ਚਾਹੀਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਪਾਣੀ ਰਿਚਾਰਜ ਲਈ ਡਿੱਗੀਆਂ ਬਣਾਉਣ ਲਈ 100 ਫੀਸਦੀ ਸਬਸਿਡੀ ਦੇਣੀ ਚਾਹੀਦੀ ਹੈ।ਐਮ.ਸੀ.ਪੀ. ਦੇ ਸਵਰਨ ਸਿੰਘ ਨੇ ਵੀ ਪੰਜਾਬ ਵਿੱਚ ਪਾਣੀ ਦੇ ਪੱਧਰ ਦੇ ਮੁੜ ਮੁਲਾਂਕਣ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਇਸ ਦਾ ਬਣਦਾ ਹੱਕ ਦੇਣ ਵਿੱਚ ਧੋਖਾ ਨਾ ਹੋਵੇ।ਆਪਣੇ ਸਮਾਪਤੀ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਲਈ ਆਪਣੀ ਹਉਮੇ ਤਿਆਗ ਕੇ ਸਾਰਿਆਂ ਨੂੰ ਸਾਂਝੀ ਇੱਛਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਰਬ ਪਾਰਟੀ ਵਫਦ ਨੂੰ ਰਹਿਮ ਦੀ ਅਪੀਲ ਨਾਲ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਕਿ  ਇਸ ਸਮੱਸਿਆ ਦਾ ਛੇਤੀ ਹੱਲ ਨਾ ਹੋਣ ’ਤੇ ਲੋਕ ਮਰਨਾ ਸ਼ੁਰੂ ਕਰ ਦੇਣਗੇ।ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਰਨਾਂ ਆਗੂਆਂ ਵਿੱਚ ਆਮ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਸ਼ੋ੍ਰਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੀ.ਪੀ.ਆਈ. ਆਗੂ ਭੁਪਿੰਦਰ ਸਾਂਭਰ, ਡਾ.ਜੋਗਿੰਦਰ ਦਿਆਲ, ਸੀ.ਪੀ.ਆਈ. (ਐਮ.) ਦੇ ਭੂਪ ਚੰਦ, ਬਸਪਾ ਦੇ ਸੂਬਾਈ ਜਨਰਲ ਸਕੱਤਰ ਨਛੱਤਰ ਪਾਲ, ਸੂਬਾਈ ਸਕੱਤਰ ਡਾ.ਜਸਪ੍ਰੀਤ ਸਿੰਘ, ਤਿ੍ਰਣਮੂਲ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਚੌਹਾਨ, ਰੌਸ਼ਨ ਲਾਲ ਗੋਇਲ ਤੇ ਐਨ.ਸੀ.ਪੀ. ਆਗੂ ਗੁਰਿੰਦਰ ਸਿੰਘ ਸ਼ਾਮਲ ਸਨ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਿਪਾਲ ਸਿੰਘ ਤੇ ਵਿਸ਼ੇਸ਼ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਗਗਨਦੀਪ ਸਿੰਘ ਬਰਾੜ ਹਾਜ਼ਰ ਸਨ।