ਚੰਦ ਪੁਰਾਣੇ ਦਾ ਸਲਾਨਾ ਸ਼ਹੀਦੀ ਜੋੜ ਮੇਲਾ 15 ਮਾਰਚ ਨੂੰ ,ਸਜਣਗੇ ਭਾਰੀ ਦੀਵਾਨ: ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲੇ

ਬਾਘਾਪੁਰਾਣਾ,15 ਫਰਵਰੀ (ਜਸ਼ਨ): ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਚੰਦ ਪੁਰਾਣਾ (ਮੋਗਾ) ਵਿਖੇ ਹਰ ਸਾਲ ਦੀ ਤਰਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਵੱਲੋਂ ਸਲਾਨਾ ਸ਼ਹੀਦੀ ਜੋੜ ਮੇਲਾ ਅਤੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ ਸਲਾਨਾ ਬਰਸੀ 15 ਮਾਰਚ 2 ਚੇਤ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ । ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਮਾਰਚ ਨੂੰ 101 ਸ਼੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ ਜਿਸ ਦੀ ਸਮਾਪਤੀ 14 ਮਾਰਚ ਨੂੰ ਹੋਵੇਗੀ ਅਤੇ ਅਗਲੇ ਦਿਨ 15 ਮਾਰਚ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ,ਸੰਤ ਮਹਾਪੁਰਖ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਗੁਰਦੁਆਰਾ ਸਾਹਿਬ ਨੂੰ ਰੰਗ ਰੋਗਨ ਅਤੇ ਸਜਾਵਟੀ ਲਾਈਟਾਂ ਨਾਲ ਸਜਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਇਸ ਜੋੜ ਮੇਲੇ ’ਤੇ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਸੰਗਤਾਂ ਵਾਸਤੇ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਗੁਰੂ ਕੇ ਲੰਗਰ ਅਤੇ ਛਬੀਲਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪਾਰਕਿੰਗ ਵਾਸਤੇ 20 ਏਕੜ ਜ਼ਮੀਨ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਉਹਨਾਂ ਨੂੰ ਵਾਹਨਾਂ ਦੀ ਪਾਰਕਿੰਗ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ । ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸਮਾਗਮਾਂ ਵਿਚ ਪਹੁੰਚਣ ਅਤੇ ਗੁਰੂ ਸਾਹਿਬਾਨਾਂ ਦੀ ਪਵਿੱਤਰ  ਬਾਣੀ ਨਾਲ ਜੁੜ ਕੇ ਆਪਣੇ ਜੀਵਨ ਸਫ਼ਲੇ ਕਰਨ। ਬਾਬਾ ਗੁਰਦੀਪ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹਨਾਂ ਸਮਾਗਮਾਂ ਵਿਚ ਹੋਰਨਾਂ ਸੂਬਿਆਂ ਤੋਂ ਆਉਣ ਵਾਲੀਆਂ ਸੰਗਤਾਂ ਦੀ ਠਹਿਰ ਲਈ ਵੀ ਪੁਖਤਾ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ।