ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ’ਚ ਸਕੂਲੀ ਪ੍ਰੀਖਿਆਵਾਂ ਮੁਲਤਵੀ, 31 ਮਾਰਚ ਤੱਕ ਸਟਾਫ਼ ਨੂੰ ਵੀ ਛੁੱਟੀ ’ਤੇ ਭੇਜਿਆ,ਲੋੜ ਪੈਣ ’ਤੇ ਸਕੂਲੀ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ਵਜੋਂ ਵਰਤਣ ਲਈ ਕਰ ਦਿੱਤਾ ਜਾਵੇਗਾ ਖ਼ਾਲੀ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 19 ਮਾਰਚ:(ਜਸ਼ਨ):  ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਅਤੇ ਅਧਿਆਪਕਾਂ ਨੂੰ ਛੁੱਟੀ ’ਤੇ ਭੇਜਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ ਅਤੇ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਸਟਾਫ਼ ਨੂੰ 31 ਮਾਰਚ ਤੱਕ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਗਤੀਵਿਧੀ ’ਤੇ ਆਪ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਇਸ ਵਾਇਰਸ ਨੂੰ ਲੈ ਕੇ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਆਇਸੋਲੇਸ਼ਨ ਵਾਰਡਾਂ ’ਚ ਤਬਦੀਲ ਕਰਨ ਲਈ ਵੀ ਖ਼ਾਲੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਅਣਸੁਖਾਵੀਂ ਸਥਿਤੀ ਦੇ ਸਨਮੁਖ ਸਿਹਤ ਵਿਭਾਗ ਵੱਲੋਂ ਮੰਗ ਕਰਨ ’ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਤੁਰੰਤ ਖ਼ਾਲੀ ਕਰ ਦਿੱਤਾ ਜਾਵੇਗਾ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਕੂਲੀ ਗਤੀਵਿਧੀਆਂ ’ਤੇ ਅਸਥਾਈ ਤੌਰ ’ਤੇ ਰੋਕ ਲਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਵਿਚ ਸਿਹਤ ਵਿਭਾਗ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਇਹਤਿਆਤੀ ਕਦਮਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ