ਉਤਰਾਖੰਡ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ 11 ਮੈਂਬਰੀ ਟੀਮ ਨੇ ਕੀਤਾ ਪਿੰਡ ਦੌਧਰ ਦਾ ਦੌਰਾ

ਮੋਗਾ 30 ਜੂਨ:(ਜਸ਼ਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਗਏ ਨਿਵੇਕਲੇ ਪ੍ਰੋਜੈਕਟ ‘ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਦੱਸਿਆ ਕਿ ਜ਼ਿਲੇ ਦੇ 316 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜਲ ਸਪਲਾਈ ਸੇਵਾ ਸੁਧਾਰ ਅਧੀਨ 85 ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਹੈ ਅਤੇ ਬਾਕੀ ਪਿੰਡਾਂ ਵਿੱਚ ਪਹਿਲ ਦੇ ਅਧਾਰ ‘ਤੇ ਆਉਣ ਵਾਲੇ 2 ਸਾਲਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਹਰ ਘਰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਹੈ। ਉਨਾਂ ਕਿਹਾ ਕਿ ਪਾਣੀ ਦੀ ਕੁਆਲਟੀ ਵਿੱਚ ਸੁਧਾਰ ਹਿੱਤ 202 ਆਰ.ਓ. ਲਗਾਏ ਗਏ ਹਨ ਅਤੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਲੋਕਾਂ ਨੂੰ ਜਲ ਸੰਭਾਲ ਮੁਹਿੰਮ ਤਹਿਤ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਮੋਗਾ ਜੇ.ਐਸ.ਚਾਹਲ ਨੇ ਦੱਸਿਆ ਕਿ ਉਤਰਾਖੰਡ ਸਰਕਾਰ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ 11 ਮੈਂਬਰੀ ਟੀਮ ਵੱਲੋਂ ਪ੍ਰੋਜੈਕਟ ਐਡਵਾਈਜ਼ਰ ਵੀ.ਕੇ.ਸਿਨਹਾ ਦੀ ਅਗਵਾਈ ਹੇਠ ਜ਼ਿਲੇ ਦੇ ਪਿੰਡ ਦੌਧਰ ਦਾ ਦੌਰਾ ਕਰਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਆਰੰਭ ਕੀਤੀਆਂ ਗਈਆਂ ਜਲ ਸਪਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਟੀਮ ਮੈਂਬਰਾਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੋਗਾ ਦੇ ਅਧਿਕਾਰੀਆਂ ਨਾਲ ਜਲ ਸਪਲਾਈ ਬਾਰੇ ਸ਼ਿਕਾਇਤ ਨਿਵਾਰਨ ਕੇਂਦਰ (ਐਸ.ਐਨ.ਕੇ), ਨਹਿਰੀ ਪਾਣੀ ਦੇ ਅਧਾਰਿਤ ਜਲ ਸਪਲਾਈ, ਪਿੰਡਾਂ ਵਿੱਚ 24 ਘੰਟੇ ਪ੍ਰੰਤੂ ਘੱਟੋ-ਘੱਟ 10 ਘੰਟੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਜਲ ਸਪਲਾਈ ਲਈ ਪੈਸੇ ਇਕੱਠੇ ਕਰਨ ਦੀ ਵਿਧੀ ਆਦਿ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨਾਂ ਦੱਸਿਆ ਕਿ ਉਤਰਾਖੰਡ ਦੀ ਟੀਮ ਨੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਸੂਬੇ ਉਤਰਾਖੰਡ ਵਿੱਚ ਇਨਾਂ ਸਕੀਮਾਂ ਨੂੰ ਲਾਗੂ ਕਰਨ ਦੀ ਸਹਿਮਤੀ ਪ੍ਰਗਟਾਈ। ਇਸ ਮੌਕੇ ਵਿਭਾਗ ਦੇ ਉਪ ਮੰਡਲ ਅਫ਼ਸਰ ਮੱਖਣ ਸਿੰਘ ਤੇ ਕੁਲਦੀਪ ਸਿੰਘ ਅਤੇ ਸਮੂਹ ਜੂਨੀਅਰ ਇੰਜੀਨੀਅਰ ਹਾਜ਼ਰ ਸਨ।