ਨਸ਼ਾ ਤਸਕਰਾਂ ਨੂੰ ਸ਼ਜਾ-ਏ-ਮੌਤ ਦੇਣ ਦਾ ਪ੍ਰਸਤਾਵ ਕੈਪਟਨ ਅਮਰਿੰਦਰ ਸਿੰਘ ਦਾ ਇਤਿਹਾਸਕ ਫੈਸਲਾ-ਰੁਪਿੰਦਰ ਸਿੰਘ ਦੀਨਾ

ਨਿਹਾਲ ਸਿੰਘ ਵਾਲਾ,2 ਜੁਲਾਈ (ਜਸ਼ਨ)- ‘ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਦੇ ਕਾਰੋਬਾਰੀਆਂ ਅਤੇ ਨਸ਼ਾ ਤਸਕਰਾਂ ਨੂੰ ਸ਼ਜਾ-ਏ-ਮੌਤ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਲਈ ਕੇਂਦਰ ਸਰਕਾਰ ਨੂੰ ਭੇਜਣਾ ਬੇਹੱਦ ਸ਼ਲਾਘਾਯੋਗ ਕਦਮ ਹੈ ਅਤੇ ਇਸ ਫੈਸਲੇ ਨਾਲ ਜਿਥੇ ਨਸ਼ਾ ਤਸਕਰਾਂ ਦੀ ਨਕੇਲ ਕੱਸੀ ਜਾਵੇਗੀ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ ਲਈ ਵੀ ਇਹ ਫੈਸਲਾ ਮੀਲ ਪੱਥਰ ਸਾਬਤ ਹੋਵੇਗਾ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਇਹ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੈ। ਉਹਨਾਂ ਆਖਿਆ ਕਿ ਅੱਜ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿਚ ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਤਸਕਰੀ ਨੂੰ ਘੋਰ ਅਪਰਾਧ ਮੰਨਦਿਆਂ ਇਹ ਸਖ਼ਤ ਫੈਸਲਾ ਲਿਆ ਗਿਆ ਹੈ। ਦੀਨਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਬਹੁਤ ਧੰਨਵਾਦ ਕੀਤਾ ਜਿਹਨਾ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅਜਿਹਾ ਇਤਿਹਾਸਕ ਫੈਸਲਾ ਲਿਆ ਹੈ।