ਬਹੁਤ ਹੋ ਚੁੱਕਾ- ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾ ਤਸਕਰਾਂ ਨੂੰ ਚੇਤਾਵਨੀ,ਨਸ਼ਿਆਂ ਦੀ ਤਸਕਰੀ ਛੱਡਣ ਜਾਂ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨ ਲਈ ਰਹਿਣ ਤਿਆਰ

ਚੰਡੀਗੜ੍ਹ, 3 ਜੁਲਾਈ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਨੂੰ ਲਗਾਤਾਰ ਤਬਾਹ ਕਰਨ ਲਈ ਨਸ਼ਿਆਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਂ ਤਾਂ ਨਸ਼ਿਆਂ ਦੀ ਸਮਗਿਗ ਛੱਡ ਦਿਓ ਨਹੀਂ ਤਾਂ ਸਖ਼ਤ ਅਤੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ। ਮੁੱਖ ਮੰਤਰੀ ਨੇ ਇਕ ਵੀਡੀਓ ਰਿਕਾਰਡਿੰਗ ਰਾਹੀਂ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੀ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਮੱਸਿਆ ਨਾਲ ਨਿਪਟਣ ਲਈ ਕਾਨੂੰਨ ਵਿਚ ਤਬਦੀਲੀ ਲਿਆਂਦੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ, ‘‘ਨਸ਼ਾ ਤਸਕਰਾਂ ਨੇ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈ ਅਤੇ ਮੈ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਇਸ ਨੂੰ ਲਗਾਤਾਰ ਜਾਰੀ ਰਹਿਣ ਲਈ ਆਗਿਆ ਨਹੀਂ ਦੇਵਾਂਗੇ।’’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਸਕਰਾਂ ਵਿਰੁੱਧ ਸਖ਼ਤ ਸੰਭਵੀ ਕਾਰਵਾਈ ਕਰੇਗੀ।ਸੂਬੇ ਵਿਚ ਨਸ਼ਿਆਂ ਨਾਲ ਸਬੰਧਤ ਮੌਤਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਆਦਾ ਨਸ਼ਾ ਲੈਣ ਕਾਰਨ ਕੁਹਰਾਮ ਸਾਹਮਣੇ ਆਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਸਮਗਲਰਾਂ ਨੂੰ ਕਰੜੇ ਹੱਥੀਂ ਨਿਪਟਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੀ ਸਰਕਾਰ ਵੱਲੋਂ ਕਈ ਮਹੱਤਵਪੂਰਨ ਫੈਸਲੇ ਲਈੇ ਗਏ ਹਨ ਅਤੇ ਜਦੋਂ ਤੱਕ ਉਹ ਇੱਥੇ ਹਨ ਉਹ ਇਸ ਸਮੱਸਿਆ ਦੇ ਖਾਤਮੇ ਨੂੰ ਯਕੀਨੀ ਬਨਾਉਣਗੇ। ਨਸ਼ਿਆਂ ਨਾਲ ਪੀੜਤ ਲੋਕਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਆਖਿਆ ਹੈ ਤਾਂ ਜੋ ਨਸ਼ਈਆਂ ਨੂੰ ਢੁੱਕਵਾਂ ਇਲਾਜ਼ ਮੁਹੱਈਆ ਕਰਵਾਇਆ ਜਾ ਸਕੇ।