ਮਿਸ਼ਨ ਤੰਦਰੁਸਤ ਪੰਜਾਬ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਵਿੱਚ ਹੋਵੇਗਾ ਸਹਾਈ-ਗੁਰਵਿੰਦਰ ਸਿੰਘ ਜੌਹਲ

ਧਰਮਕੋਟ ,4 ਜੁਲਾਈ: (ਜਸ਼ਨ)-‘ਤੰਦਰੁਸਤ ਪੰਜਾਬ‘ ਮਿਸ਼ਨ ਤਹਿਤ ਘਰ-ਘਰ ਹਰਿਆਲੀ ਲਿਆਉਣ ਦੇ ਮਸਕਦ ਨਾਲ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ. ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਸਿਵਲ ਵੈਟਰਨਰੀ ਹਸਪਤਾਲ ਧਰਮਕੋਟ ਵਿਖੇ ਲਗਭੱਗ 50 ਪੌਦੇ ਲਗਾਏ ਗਏ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ: ਗੁਰਮੀਤ ਸਿੰਘ ਅਤੇ ਵੈਟਰਨਰੀ ਅਫ਼ਸਰ ਡਾ: ਹਿਮਾਸ਼ੂ ਸਿਆਲ ਵੀ ਮੌਜੂਦ ਸਨ। ਇਸ ਮੌਕੇ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਪੌਦੇ ਲਗਾ ਕੇ ਆਮ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਪ੍ਰਦਾਨ ਕਰਨਾ ਮਿਸ਼ਨ ਤੰਦਰੁਸਤ ਪੰਜਾਬ ਦਾ ਅਹਿਮ ਹਿੱਸਾ ਹੈ ਤੇ ਜੰਗਲਾਤ ਵਿਭਾਗ ਵੱਲੋਂ ਵੀ ਘਰ-ਘਰ ਹਰਿਆਲੀ ਮੁਹਿੰਮ ਅਧੀਨ ਹਰੇਕ ਘਰ ਵਿੱਚ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣਿਆ ਰਹੇ। ਉਨਾਂ ਵਾਤਾਵਰਣ ਦੀ ਸੁੱਧਤਾ ਲਈ ਪੋਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੁੱਖ਼ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ ਅਤੇ ਇਨਾਂ ਤੋਂ ਬਿਨਾਂ ਮਨੁੱਖ ਦਾ ਕੋਈ ਅਧਾਰ ਨਹੀਂ ਹੈ। ਉਨਾਂ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਣਾਉਣ ਲਈ ਸਾਡੇ ਵਾਤਾਵਰਨ ਦਾ ਸ਼ੁੱਧ ਤੇ ਸਾਫ਼-ਸੁਥਰਾ ਹੋਣਾ ਬਹੁਤ ਜ਼ਰੂਰੀ ਹੈ, ਜੋ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਉਨਾਂ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਦਰੱਖ਼ਤ ਲਗਾ ਕੇ ਉਨਾਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ, ਤਾਂ ਜੋ ਸਾਡਾ ਵਾਤਾਵਰਣ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਰਹਿ ਸਕੇ। ਇਸ ਮੌਕੇ ਡਾ: ਗੁਰਮੀਤ ਸਿੰਘ ਨੇ ਵੀ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।