ਲੀਪਾ-ਪੋਚੀ ਦਾ ਕਦਮ ਕਿਸਾਨਾਂ ਦੀਆਂ ਮੁੱਖ ਚਿੰਤਾਵਾਂ ਨੂੰ ਹੱਲ ਕਰਨ ’ਚ ਅਸਫਲ -ਪੰਜਾਬ ਦੇ ਮੁੱਖ ਮੰਤਰੀ ਦੀ ਘੱਟੋ ਘੱਟ ਸਮਰਥਨ ਮੁੱਲ ’ਚ ਵਾਧੇ ’ਤੇ ਟਿਪਣੀ

ਚੰਡੀਗੜ, 4 ਜੁਲਾਈ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਵੱਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਲੀਪਾ-ਪੋਚੀ ਤੋਂ ਵੱਧ ਹੋਰ ਕੁੱਝ ਵੀ ਨਹੀਂ ਹੈ ਕਿਉਂਕਿ ਇਹ ਕਦਮ ਕਿਸਾਨੀ ਭਾਈਚਾਰੇ ਦੀਆਂ ਮੁੱਖ ਚਿੰਤਾਵਾਂ ਨੂੰ ਸੰਬੋਧਿਤ ਨਹੀਂ ਹੈ। ਅੱਜ ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਸੂਬਾ ਸਰਕਾਰ ਦੀ ਉਹ ਮੰਗ ਪੂਰੀ ਨਹੀਂ ਹੁੰਦੀ ਜਿਸ ਵਿੱਚ ਸੂਬਾ ਸਰਕਾਰ ਨੇ ਫਸਲ ਦੀ ਲਾਗਤ ’ਤੇ 50 ਫੀਸਦੀ ਵਾਧਾ ਦਿੱਤੇ ਜਾਣ ਦੀ ਮੰਗ ਕੀਤੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਮੰਗ ਡਾ. ਸਵਾਮੀਨਾਥਨ ਦੀਆਂ ਘੱਟੋ ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਸਬੰਧੀ ਸਿਫਾਰਸ਼ਾਂ ਦੇ ਆਧਾਰ ’ਤੇ ਕੀਤੀ ਸੀ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਮੰਗ ਐਮ ਐਸ ਸਵਾਮੀਨਾਥਨ ਕਮੀਸ਼ਨ ਦੀ ਰਿਪੋਰਟ ਨੂੰ ਹੂ-ਬਹੂ ਲਾਗੂ ਕੀਤੇ ਜਾਣ ਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ  ਕੇਂਦਰ ਸਰਕਾਰ ਵਲੋਂ ਕੀਤਾ ਗਿਆ ਵਾਧਾ ਮੁਸੀਬਤਾਂ ਵਿੱਚ ਘਿਰੇ ਪਏ ਕਿਸਾਨੀ ਭਾਈਚਾਰੇ ਦੀਆਂ ਖਾਹਿਸ਼ਾਂ ਨੂੰ ਪੂਰਾ ਨਹੀਂ ਕਰਦਾ ਅਤੇ ਨਾ ਹੀ ਇਹ ਉਨ੍ਹਾਂ ਸਮੱਸਿਆ ਦੀਆਂ ਜੜ੍ਹਾਂ ਨੂੰ ਢੁੱਕਵੇਂ ਰੂਪ ਵਿੱਚ ਸੰਬੋਧਿਤ ਹੁੰਦਾ ਹੈ ਜਿਨ੍ਹਾਂ ਦੀ ਸ਼ਨਾਖਤ ਸਵਾਮੀਨਾਥਨ ਕਮਿਸ਼ਨ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਕਰਜ਼ੇ ਹੇਠ ਰੀਂਘ ਰਹੀ ਅਤੇ  ਮੁਸੀਬਤਾਂ ਵਿੱਚ ਘਿਰੀ ਕਿਸਾਨੀ ਲਈ ਨਿਗੁਣਾ ਵਾਧਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਪਰਾਲੀ ਦੀ ਰਹਿੰਦ ਖੁਹੰਦ ਦੇ ਪ੍ਰਬੰਧਨ ਲਈ ਮੁਆਵਜ਼ਾ ਦੇਣ ਸਬੰਧੀ ਸੂਬਾ ਸਰਕਾਰ ਦੀ ਮੰਗ ਨੂੰ ਪ੍ਰਵਾਨ ਕਰਨ ਵਿੱਚ ਨਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੀ ਸੱਮਸਿਆ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਅਤੇ ਅਹਿਮ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਘੱਟੋ ਘੱਟ ਸਮਰਥਨ ਮੁੱਲ ’ਤੇ ਹੋਰਨਾ ਫਸਲਾਂ ਦੀ ਖਰੀਦ ਵੱਲ ਨੂੰ ਕੋਈ ਕਦਮ ਨਹੀ ਪੁਟਿਆ ਜੋ ਅਥਾਹ ਪਾਣੀ ਦੀ ਖਪਤ ਵਾਲੀ ਝੋਨੇ ਦੀ ਫਸਲ ਤੋਂ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਪ੍ਰੇਰਿਤ ਕਰਨ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਨਕਾਮ ਰਹਿਣ ਦੇ ਕਾਰਨ ਇਸ ਦਾ ਕੇਵਲ ਪੰਜਾਬ ਲਈ ਹੀ ਗੰਭੀਰ ਪਰਿਨਾਮ ਨਹੀਂ ਹੋਵੇਗਾ ਸਗੋਂ ਧਰਤੀ ਹੇਠਲੇ ਪਾਣੀ ਦੇ ਗੰਭੀਰ ਸੰਕਟ ਦੇ ਮੱਦੇਨਜ਼ਰ ਇਹ ਸਮੁੱਚੇ ਦੇਸ਼ ਲਈ ਵੀ ਗੰਭੀਰ ਗੱਲ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਸੱਮਸਿਆਵਾਂ ਨੂੰ ਹੱਲ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਮਰੇ ਮਨ ਨਾਲ ਕੋਸ਼ਿਸ਼ਾਂ ਕਰਨ ਦੀ ਥਾਂ ਖੁਲ੍ਹ ਦਿੱਲੀ ਅਪਣਾਉਣੀ  ਪਵੇਗੀ ਅਤੇ ਉਸ ਨੂੰ ਰਾਸ਼ਟਰੀ ਕਰਜ਼ਾ ਮੁਆਫੀ ਸਕੀਮ ਸਣੇ ਇਕ ਵਿਆਪਕ ਪੈਕੇਜ਼ ਨਾਲ ਅੱਗੇ ਆਉਣਾ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਨਾਲ ਕਿਰਤੀਆਂ ਵਾਂਗ ਨਹੀਂ ਸਗੋਂ ਵੱਧੀਆ ਤਰੀਕੇ ਨਾਲ ਪੇਸ਼ ਆਉਣਾ ਚਾਹੀਦਾ ਹੈ ਕਿਉਂਕਿ ਇਸਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸੁਰੱਖਿਅਤ ਬਣਾਇਆ ਹੈ।   

***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ