ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਡਿਪਟੀ ਕਮਿਸ਼ਨਰ

ਜੁਲਾਈ:6 ਜੁਲਾਈ (ਜਸ਼ਨ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਵਿੱਚ ਲੋਕਾਂ ਦੀ ਭਾਈਵਾਲੀ ਅਤੀ ਜ਼ਰੂਰੀ ਹੈ, ਇਸ ਲਈ ਸਾਨੂੰ ਸਭ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਖੜੀ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਬੀਤੀ ਸ਼ਾਮ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਕਮਲਜੀਤ ਸਿੰਘ ਢਿੱਲੋਂ ਦੇ ਨਾਲ ਜ਼ਿਲ੍ਹੇ ਵਿੱਚੋਂ ਨਸ਼ਿਆਂ ਨੂੰ ਮੁਕੰਮਲ ਖਤਮ ਕਰਨ ਦੇ ਮੰਤਵ ਨਾਲ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਜਾਣ ਵਾਲੀ ਸਾਂਝੀ ਰਣਨੀਤੀ ਦਾ ਜਾਇਜ਼ਾ ਲੈਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਮੋਗਾ ਸੁਖਪ੍ਰੀਤ ਸਿੰਘ, ਐਸ.ਡੀ.ਐਮ ਧਰਮਕੋਟ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਬਾਘਾਪੁਰਾਣਾ ਅਮਰਬੀਰ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ਼ ਬੈਂਸ, ਸਹਾਇਕ ਕਮਿਸ਼ਨਰ(ਸ਼ਿਕਾਇਤਾਂ) ਹਰਪ੍ਰੀਤ ਸਿੰਘ ਅਟਵਾਲ ਅਤੇ ਸਿਵਲ ਸਰਜਨ ਡਾ: ਸੁਸ਼ੀਲ ਕੁਮਾਰ ਜੈਨ ਵੀ ਮੌਜੂਦ ਸਨ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟ ਦੇਣ ਲਈ ਪੂਰੀ ਤਰ੍ਹਾਂ ਦਿ੍ਰੜ ਹੈ, ਤਾਂ ਜੋ ਨੌਜਵਾਨਾਂ ਤੇ ਸਮਾਜ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਡੈਪੋ ਵਲੰਟੀਅਰਾਂ ਦਾ ਵੀ ਭਰਵਾਂ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਵੱਲੋਂ ਇੱਕ ਸਾਂਝੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਦਾ ਭਰਵਾਂ ਸਹਿਯੋਗ ਲੈਣਾ ਯਕੀਨੀ ਬਣਾਇਆ ਜਾਵੇਗਾ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਾਮਯਾਬੀ ਮਿਲ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਹਰੇਕ ਪਿੰਡ ਤੱਕ ਪਹੁੰਚ ਕਰਨ ਲਈ ਇੱਕ ਵਿਆਪਕ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਵਰਗ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਸਥਾਪਿਤ ਕੀਤੀਆਂ ਗਈਆਂ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਪੂਰੀ ਚੌੋਕਸੀ ਰੱਖਣ ਤਾਂ ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾ ਖ੍ਰੀਦਣ ਵਾਲਿਆਂ ‘ਤੇ ਸਿਕੰਜਾ ਕਸਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡਾ ਸਰਮਾਇਆ ਹਨ ਅਤੇ ਸਾਂਝੇ ਯਤਨਾਂ ਨਾਲ ਅਸੀਂ ਨਸ਼ੇ ਦਾ ਖਾਤਮਾ ਕਰ ਸਕਦੇ ਹਾਂ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਗੈਰ ਸਰਕਾਰੀ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਪਿੰਡਾਂ/ਸ਼ਹਿਰਾਂ ਵਿੱਚ ਇਹ ਮੁਹਿੰਮ ਪਿੰਡ ਪੱਧਰ ਅਤੇ ਵਾਰਡ ਵਾਈਜ਼ ਸ਼ਰੂ ਕੀਤੀ ਜਾਵੇ, ਜਿਸ ਵਿੱਚ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ, ਪਿੰਡਾਂ ਦੇ ਮੋਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਜੋੜਿਆ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਮੈਡੀਕਲ ਸਟੋਰਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਬਿਨ੍ਹਾਂ ਲਾਇਸੈਂਸ ਤੋਂ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਨਸ਼ੇ ਵਾਲੀਆਂ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਨ ਦੇ ਆਦੀ ਹੋ ਚੁੱਕੇ ਹਨ, ਉਨ੍ਹਾਂ ਨੂੰ ਵੀ ਪ੍ਰੇਰਣਾ ਦੇ ਕੇ ਨਸ਼ਾ ਛੁਡਾਉ ਕੇਂਦਰ ਰਾਹੀਂ ਉਨ੍ਹਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਜ਼ਿਲ੍ਹਾ ਰੈਡ ਕਰਾਸ ਸੋੋਸਾਇਟੀ ਦੀ ਸਹਾਇਤਾ ਨਾਲ ਮੁਫਤ ਇਲਾਜ ਕੀਤਾ ਜਾਵੇਗਾ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕਮਲਜੀਤ ਸਿੰਘ ਢਿੱਲੋਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲਾ ਪੁਲਿਸ ਵੱਲੋਂ ਨਸ਼ੇ ਵੇਚਣ ਵਾਲਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੀ ਤਸਕਰੀ ਨੂੰ ਕਾਫੀ ਹੱਦ ਤੱਕ ਠੱਲ ਪਈ ਹੈ, ਪ੍ਰੰਤੂ ਜ਼ਿਲ੍ਹੇ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਭਰਵਾਂ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ੇ ਵੇਚਣ ਵਾਲਿਆਂ ਬਾਰੇ ਪਤਾ ਲੱਗੇ ਤਾਂ ਉਸ ਬਾਰੇ ਨਜ਼ਦੀਕ ਦੇ ਥਾਣੇ ਵਿੱਚ ਜਾਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਡੈਪੋ ਦੇ ਨਾਂ ਹੇਠ ਵਿਆਪਕ ਪੱਧਰ ’ਤੇ ਲੋਕ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ ਆਮ ਲੋਕਾਂ ਦੀ ਭਾਈਵਾਲੀ ਨੂੰ ਯਕੀਨੀ ਬਣਾਉਣਾ ਹੈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਪੀ. ਵਜ਼ੀਰ ਸਿੰਘ, ਐਸ.ਪੀ.(ਹੈਡ) ਪਿ੍ਰਥੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਐਸ.ਕੇ.ਸੇਤੀਆ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸਤਿਨਾਮ ਸਿੰਘ, ਨਸ਼ਾ ਛੁਡਾਊ ਤੇ ਮੁੜ ਵਸਾਊ ਕੇਂਦਰ ਜਨੇਰ ਦੇ ਪ੍ਰੋਜੈਕਟ ਕੋ-ਆਰਡੀਨੇਟਰ ਬਲਵੰਤ ਸਿੰਘ, ਐਨ.ਜੀ.ਓ ਐਸ.ਕੇ.ਬਾਂਸਲ, ਵੀ.ਪੀ.ਸੇਠੀ, ਪਿਊਸ ਅਰੋੜਾ, ਸਮੂਹ ਡੀ.ਐਸ.ਪੀਜ਼ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਹਾਜ਼ਰ ਸਨ।