ਸਪੀਕਰ ਰਾਣਾ ਕੇ.ਪੀ. ਸਿੰਘ ਨੇ ਡੋਪ ਟੈਸਟ ਕਰਾਇਆ, ਸਾਰਿਆਂ ਨੂੰ ਮਿਲ ਕੇ ਨਸ਼ਿਆਂ ਦਾ ਖਾਤਮਾ ਕਰਨ ਦਾ ਸੱਦਾ

ਚੰਡੀਗੜ, 6 ਜੁਲਾਈ: (ਪੱਤਰ ਪਰੇਰਕ): ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਨੂੰ ਜੜੋਂ ਪੁੱਟਣ ਦੀ ਮੁਹਿੰਮ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਐਸਏਐਸ ਨਗਰ ਦੇ ਸਿਵਲ ਹਸਪਤਾਲ ਵਿਖੇ ਆਪਣਾ ਡੋਪ ਟੈਸਟ ਕਰਾਇਆ। ਉਨਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਮੌਜੂਦਾ ਸਮੇਂ ਰਾਜ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਹਿਰਦ ਯਤਨਾਂ ਸਦਕਾ ਨਸ਼ਿਆਂ ਦਾ ਖਾਤਮਾ ਕਰਨ ਲਈ ਭਰਪੂਰ ਕੋਸ਼ਿਸ਼ਾਂ ਹੋ ਰਹੀਆਂ ਹਨ। ਉਨਾਂ ਸੱਦਾ ਦਿੱਤਾ ਕਿ ਇਸ ਬੁਰਾਈ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਨੂੰ ਮਿਲ ਕੇ ਹੰਭਲਾ ਮਾਰਨਾ ਹੋਵੇਗਾ।ਉਨਾਂ ਕਿਹਾ ਕਿ ਨੌਜਵਾਨਾਂ ਵਿਚ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ-ਭਾਰਤ ਦੀ ਪੰਜਾਬ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਵੀ ਚੌਕਸੀ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂ ਕਿ ਸਰਹੱਦ ਪਾਰ ਤੋਂ ਆ ਰਿਹਾ ਨਸ਼ਾ ਵੱਡਾ ਅਤੇ ਗੰਭੀਰ ਮਸਲਾ ਹੈ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਿਸੇ ਇਕ ਖਾਸ ਵਰਗ, ਗਰੁੱਪ ਜਾਂ ਉਮਰ ਵਰਗ ਦੀ ਸਮੱਸਿਆ ਨਹੀਂ ਅਤੇ ਇਸ ਨੂੰ ਦੂਰ ਕਰਨ ਲਈ ਵੀ ਸਾਂਝੇ ਯਤਨ ਕਰਨੇ ਹੋਣਗੇ। ਉਨਾਂ ਦਾਗੀ ਪੁਲਿਸ ਅਫਸਰਾਂ ’ਤੇ ਹੋ ਰਹੀ ਕਾਰਵਾਈ ਦੇ ਸੰਦਰਭ ਵਿਚ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਗਲਤ ਠਹਿਰਾਉਣਾ ਜਾਇਜ਼ ਨਹੀਂ ਕਿਉਂ ਕਿ ’ਕਾਲੀਆ ਭੇਡਾਂ’ ਕਿਸੇ ਵੀ ਥਾਂ ਹੋ ਸਕਦੀਆਂ ਹਨ। ਉਨਾਂ ਕਿਹਾ ਕਿ ਜਿਸ ਤਰਾਂ ਪੰਜਾਬ ਪੁਲਿਸ ਨੇ ਅੱਤਵਾਦ ਖਿਲਾਫ ਡਟ ਕੇ ਲੜਾਈ ਲੜੀ ਅਤੇ ਸੂਬੇ ’ਚ ਸ਼ਾਂਤੀ ਕਾਇਮ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਉਸੇ ਤਰਾਂ ਉਮੀਦ ਹੈ ਨਸ਼ਿਆਂ ਖਿਲਾਫ ਵੀ ਪੰਜਾਬ ਪੁਲਿਸ ਵਧੀਆ ਕਾਰਜ ਕਰਕੇ ਸਾਰਥਕ ਨਤੀਜੇ ਸਾਹਮਣੇ ਲਿਆਵੇਗੀ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸਿਆਸੀ ਆਗੂਆਂ ਨੂੰ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਖਿਲਾਫ ਜੰਗ ਲੜਨੀ ਚਾਹੀਦੀ ਹੈ ਅਤੇ ਆਪੋ-ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ੇ ਇਕ ਗੁੰਝਲਦਾਰ ਸਮੱਸਿਆ ਹਨ ਅਤੇ ਇਸ ’ਤੇ ਤੁਰੰਤ ਕਾਬੂ ਪਾਉਣਾ ਮੁਮਕਿਨ ਨਹੀਂ ਪਰ ਸਾਂਝੇ ਹੰਭਲਿਆ ਨਾਲ ਇਨਾਂ ਦਾ ਖਾਤਮਾ ਕੀਤਾ ਜਾ ਸਕਦਾ ਹੈ। ਸਪੀਕਰ ਨੇ ਕਿਹਾ ਕਿ ਨਸ਼ੱਈਆ ਨੂੰ ਹੌਂਸਲਾ ਦੇ ਕੇ ਮਜ਼ਬੂਤ ਇੱਛਾ ਸ਼ਕਤੀ ਨਾਲ ਨਸ਼ੇ ਛੱਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਨਾ ਕਿ ਉਨਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ। ਉਦਾਹਰਣ ਦਿੰਦਿਆਂ ਉਨਾਂ ਕਿਹਾ ਕਿ ਜੇਕਰ ਸਰੀਰ ’ਤੇ ਕੋਈ ਜ਼ਖਮ ਹੋ ਜਾਂਦਾ ਹੈ ਤਾਂ ਅਸੀਂ ਉਸ ਦਾ ਇਲਾਜ ਕਰਦੇ ਹਾਂ ਨਾ ਕਿ ਉਸ ਅੰਗ ਨੂੰ ਕੱਟ ਦਿੰਦੇ ਹਾਂ।