​ਪ੍ਰਧਾਨ ਮੰਤਰੀ ਜੁਮਲੇ ਸੁਣਾਉਣ ਦੀ ਬਜਾਏ ਕਿਸਾਨਾਂ ਦੀ ਬਾਤ ਸੁਣਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਐਲਾਨ ਕਰਨ --ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ, 10 ਜੁਲਾਈ  (ਜਸ਼ਨ):  ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਲਕੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸਹੀ ਅਰਥਾਂ ਵਿੱਚ ਲਾਗੂ ਕਰਵਾਉਣ ਦੀ ਮੰਗ ਰੱਖਣ ਜਿਸ ਨੂੰ ਲਾਗੂ ਕਰਨ ਦਾ ਭਰੋਸਾ ਨਰਿੰਦਰ ਮੋਦੀ ਨੇ 2014 ਵਿੱਚ ਲੋਕ ਸਭਾ ਦੀਆਂ ਚੋਣਾਂ ਮੌਕੇ ਬਠਿੰਡਾ ਵਿਖੇ ਰੈਲੀ ਦੌਰਾਨ ਕੀਤਾ ਸੀ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਤੋਂ ਪਹਿਲਾ ਬਿਹਾਰ ਦੀ ਤਰਜ਼ ’ਤੇ ਪੰਜਾਬ ਲਈ ਇਕ ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਣਾ ਚਾਹੀਦਾ ਹੈ ਅਤੇ ਪਹਾੜੀ ਰਾਜਾਂ ਨੂੰ ਸਨਅਤਾਂ ਲਈ ਮਿਲੀਆਂ ਰਿਆਇਤਾਂ ਵੀ ਪੰਜਾਬ ਲਈ ਮੰਗਣੀਆਂ ਚਾਹੀਦੀਆਂ ਹਨ ਤਾਂ ਫਿਰ ਪੰਜਾਬ ਨਾਲ ਸਹੀ ਮਾਅਨਿਆਂ ਵਿੱਚ ਇਨਸਾਫ ਹੋਵੇਗਾ।ਸ. ਰੰਧਾਵਾ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਕੱਲ ਪੰਜਾਬ ਲਈ ਕੋਈ ਪੈਕੇਜ ਦਾ ਐਲਾਨ ਕਰਨ ਤਾਂ ਕਾਂਗਰਸ ਪਾਰਟੀ ਖੁਦ ਧੰਨਵਾਦ ਸਮਾਗਮ ਕਰੇਗੀ ਪਰ ਪ੍ਰਧਾਨ ਮੰਤਰੀ ਸਿਰਫ ਜੇ ਪੰਜਾਬ ਆ ਕੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਚਲੇ ਜਾਣਗੇ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੀ ਪੰਜਾਬ ਦੇ ਲੋਕਾਂ ਸਾਹਮਣੇ ਪੋਲ ਖੁੱਲ ਜਾਵੇਗੀ ਅਤੇ ਪੰਜਾਬ ਦੇ ਲੋਕ ਨਾ ਹੀ ਅਕਾਲੀ ਦਲ ਅਤੇ ਨਾ ਹੀ ਪ੍ਰਧਾਨ ਮੰਤਰੀ ਨੂੰ ਮੰੂਹ ਲਾਉਣਗੇ।ਸ. ਰੰਧਾਵਾ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਪ੍ਰਧਾਨ ਮੰਤਰੀ ਆਪਣੀ ‘ਮਨ ਕੀ ਬਾਤ’ ਹੀ ਕਰਦੇ ਹਨ ਪ੍ਰੰਤੂ ਪੰਜਾਬ ਵਿੱਚ ਕੋਈ ਵੀ ਉਨਾਂ ਦੇ ‘ਜੁਮਲੇ’ ਨਹੀਂ ਸੁਣਨਾ ਪਸੰਦ ਕਰਦੇ ਹਨ ਅਤੇ ਪੰਜਾਬੀਆਂ ਨੇ ਮੋਦੀ ਨੂੰ 2014 ਤੇ 2017 ਦੋਵਾਂ ਵਾਰ ਰੱਦ ਕਰ ਦਿੱਤਾ ਸੀ। ਜੇ ਪ੍ਰਧਾਨ ਮੰਤਰੀ ਪੰਜਾਬ ਆ ਰਹੇ ਹਨ ਤਾਂ ਉਨਾਂ ਨੂੰ ਭਾਸ਼ਣ ਦੇਣ ਦੀ ਬਜਾਏ ਕਿਸਾਨ ਦੀ ਬਾਤ ਸੁਣਨੀ ਚਾਹੀਦੀ ਹੈ। ਕਿਸਾਨ ਭਾਈਚਾਰਾ ਇਸ ਵਾਧੇ ਤੋਂ ਖੁਸ਼ ਨਹੀਂ ਹੈ ਅਤੇ ਪਹਿਲਾਂ ਉਹ ਰੈਲੀ ਦੇ ਬਾਈਕਾਟ ਦਾ ਐਲਾਨ ਕਰ ਚੁੱਕਾ ਹੈ।ਉਨਾਂ ਕਿਹਾ ਕਿ ਇਹ ਸੱਚਾਈ ਹੈ ਕਿ ਐਨ.ਡੀ.ਏ. ਸਰਕਾਰ ਜਦੋਂ ਸੱਤਾ ਵਿੱਚ ਆਈ ਸੀ ਤਾਂ ਉਨਾਂ ਸੁਪਰੀਮ ਕੋਰਟ ਵਿੱਚ ਸਵਾਮੀਨਾਥਨ ਕਮਿਸ਼ਨ ਰਿਪੋਰਟ ਖਿਲਾਫ ਐਫੀਡੇਵਟ ਦਿੱਤਾ ਸੀ। ਸ਼ੋ੍ਰਮਣੀ ਅਕਾਲੀ ਦਲ ਵੱਲੋਂ ਧੰਨਵਾਦ ਰੈਲੀ ਕਰਨ ’ਤੇ ਵਿਅੰਗ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੋਨੇ ’ਤੇ ਕੀਤਾ 200 ਰੁਪਏ ਪ੍ਰਤੀ ਕੁਇੰਟਲ ਵਾਧਾ ਸਵਾਮੀਨਾਥਨ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਅਨੁਸਾਰ ਨਹੀਂ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਕੇਂਦਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਕਿਹੜੇ ਆਧਾਰ ’ਤੇ ਝੋਨੇ ਦੀ ਲਾਗਤ ਕੀਮਤ ਨਿਰਧਾਰਤ ਕੀਤੀ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਕੇਂਦਰੀ ਫੰਡਾਂ ਦੀ ਵੰਡ ਸਮਂੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।ਕਾਂਗਰਸੀ ਆਗੂ ਨੇ ਸੁਖਬੀਰ ਬਾਦਲ ਨੂੰ ਚੇਤੇ ਕਰਵਾਉਦਿਆਂ ਕਿਹਾ ਕਿ 2014 ਵਿੱਚ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਰੈਲੀ ਦੌਰਾਨ ਨਰਿੰਦਰ ਮੋਦੀ ਨੇ ਸਵਾਮੀਨਾਥਨ ਕਮਿਸ਼ਨ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਅਨੁਸਾਰ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2500 ਰੁਪਏ ਪ੍ਰਤੀ ਕੁਇੰਟਲ ਬਣਦਾ ਸੀ।ਮੋਗਾ 4 ਜੁਲਾਈ  
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ