ਨਹਿਰੀ ਪਾਣੀ ਨੂੰ ਸੁੱਧ ਕਰਕੇ ਜ਼ਿਲੇ ਦੇ 85 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ

ਮੋਗਾ 12 ਜੁਲਾਈ:(ਜਸ਼ਨ) :ਨਹਿਰੀ ਪਾਣੀ ਨੂੰ ਸੁੱਧ ਕਰਕੇ ਜ਼ਿਲੇ ਦੇ 85 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਦੇ ਪਿੰਡ ਦੌਧਰ ਵਿਖੇ ਨਹਿਰੀ ਪਾਣੀ ਦੇ ਸੁੱਧੀਕਰਨ ਲਈ ਉੱਤਰੀ ਭਾਰਤ ਦਾ ਪਹਿਲਾ ਨਿਵੇਕਲਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨਾਂ ਕਿਹਾ ਕਿ ਮਿਸ਼ਨ ‘ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਲੋਕਾਂ ਨੂੰ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਬਾਰੇ ਜਂਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਜੇ.ਐਸ.ਚਾਹਲ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਹੁਸ਼ਿਆਰਪੁਰ ਦੀ ਟੀਮ ਵੱਲੋਂ ਜ਼ਿਲੇ ਦੇ ਪਿੰਡ ਦੌਧਰ ਵਿਖੇ ਚੱਲ ਰਹੇ ਜਲ ਸਪਲਾਈ ਪ੍ਰੋਜੈਕਟ ਦਾ ਵਿਸੇਸ਼ ਤੌਰ ‘ਤੇ ਦੌਰਾ ਕਰਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਆਰੰਭ ਕੀਤੀਆਂ ਗਈਆਂ ਜਲ ਸਪਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਟੀਮ ਵਿੱਚ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਆਦਿ ਅਧਿਕਾਰੀ/ਕ੍ਰਮਚਾਰੀ ਸ਼ਾਮਲ ਸਨ। ਉਨਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਪ੍ਰੋਂਜੈਕਟ ਦੀਆਂ ਗਤੀਵਿਧੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੇ ਜ਼ਿਲੇ ਵਿੱਚ ਇਸ ਪ੍ਰੋਜੈਕਟ ਨੂੰ ਲਾਗੂ ਕਰਨ ਦੀ ਸਹਿਮਤੀ ਪ੍ਰਗਟਾਈ। ਇਸ ਤੋਂ ਇਲਾਵਾ ਟੀਮ ਮੈਂਬਰਾਂ ਵੱਲੋਂ ਪਿੰਡ ਨੱਥੂਵਾਲਾ ਗਰਬੀ ਵਿਖੇ ਵੀ ਜਲ ਸਪਲਾਈ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਜਾਣਕਾਰੀ ਪ੍ਰਾਪਤ ਕੀਤੀ। ਸ. ਚਾਹਲ ਨੇ ਦੱਸਿਆ ਕਿ ਜ਼ਿਲੇ ਦੇ 316 ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜਲ ਸਪਲਾਈ ਸੇਵਾ ਸੁਧਾਰ ਅਧੀਨ 85 ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਹੈ ਅਤੇ ਬਾਕੀ ਪਿੰਡਾਂ ਵਿੱਚ ਪਹਿਲ ਦੇ ਅਧਾਰ ‘ਤੇ ਆਉਣ ਵਾਲੇ 2 ਸਾਲਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਹਰ ਘਰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦਾ ਟੀਚਾ ਹੈ। ਉਨਾਂ ਕਿਹਾ ਕਿ ਪਾਣੀ ਦੀ ਕੁਆਲਟੀ ਵਿੱਚ ਸੁਧਾਰ ਹਿੱਤ 202 ਆਰ.ਓ. ਲਗਾਏ ਗਏ ਹਨ ਅਤੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਲੋਕਾਂ ਨੂੰ ਜਲ ਸੰਭਾਲ ਮੁਹਿੰਮ ਤਹਿਤ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਮੌਕੇ ਵਿਭਾਗ ਦੇ ਉਪ ਮੰਡਲ ਅਫ਼ਸਰ ਕਾਰਤਿਕ ਜਿੰਦਲ, ਸਮੂਹ ਜੂਨੀਅਰ ਇੰਜੀਨੀਅਰ ਅਤੇ ਹੋਰ ਅਧਿਕਾਰੀ/ਕ੍ਰਮਚਾਰੀ ਆਦਿ ਹਾਜ਼ਰ ਸਨ।