ਮੁੱਖ ਮੰਤਰੀ ਵੱਲੋਂ ਮੁੱਖ ਧਾਰਾ ਵਾਲੇ ਮੀਡੀਆ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਚੰਡੀਗੜ, 13 ਜੁਲਾਈ:  (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਝੂਠੀਆਂ ਖਬਰਾਂ ਫੈਲਾਉਣ ਲਈ ਸੋਸ਼ਲ ਮੀਡੀਆ ਦੀ ਕੀਤੀ ਜਾ ਰਹੀ ਦੁਰਵਰਤੋਂ ਨੂੰ ਰੋਕਣ ਲਈ ਮੁੱਖ ਧਾਰਾ ਵਾਲੇ ਮੀਡੀਆ ਨੂੰ ਸਰਗਰਮ ਰੋਲ ਅਦਾ ਕਰਨ ਦਾ ਸੱਦਾ ਦਿੱਤਾ ਹੈ। ਉਨਾਂ ਕਿਹਾ ਕਿ ਅਜਿਹੀਆਂ ਝੂਠੀਆਂ ਖਬਰਾਂ ਦਾ ਮਕਸਦ ਸਮਾਜ ਵਿੱਚ ਫੁੱਟ ਪਾਉਣਾ ਅਤੇ ਨਫ਼ਰਤ ਫੈਲਾਉਣਾ ਹੁੰਦਾ ਹੈ। ਅੱਜ ਇੱਥੇ ਚੰਡੀਗੜ ਪ੍ਰੈਸ ਕਲੱਬ ਦੇ 38ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਨੇ ਹਾਲ ਹੀ ਵਿਚ ਹਜੂਮੀ ਗੁੰਡਾਗਰਦੀ ਸਮੇਤ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਇਨਾਂ ਘਟਨਾਵਾਂ ਦੀ ਪੈਦਾਇਸ਼ ਹੀ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਨਾਲ ਹੋਈ ਹੈ। ਉਨਾਂ ਕਿਹਾ ਕਿ ਅਜਿਹੀਆਂ ਹਾਲਤਾਂ ਵਿਚ ਮੁੱਖ ਧਾਰਾ ਵਾਲੇ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਧਾਰਾ ਵਾਲੇ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਉਸ ਦਾ ਅੰਦਰੂਨੀ ਕੰਟਰੋਲ ਹੁੰਦਾ ਹੈ ਪਰ ਸੋਸ਼ਲ ਮੀਡੀਆ ਇਕ ਬੇਲਗਾਮ ਘੋੜੇ ਵਾਂਗ ਉਭਰਿਆ ਹੈ ਜਿਸ ਦੀ ਲਗਾਮ ਕਿਸੇ ਦੇ ਹੱਥ ਵਿਚ ਨਹੀਂ। ਉਨਾਂ ਕਿਹਾ ਕਿ ਭਾਵੇਂ ਸਰਕਾਰ, ਨਿਆਂ ਪ੍ਰਣਾਲੀ ਅਤੇ ਹੋਰ ਏਜੰਸੀਆਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਆਪਣੇ ਪੱਧਰ ’ਤੇ ਯਤਨ ਕਰ ਰਹੀਆਂ ਹਨ ਪਰ ਇਸ ਖਤਰਨਾਕ ਰੁਝਾਨ ਨੂੰ ਠੱਲ ਪਾਉਣ ਲਈ ਮੁੱਖ ਧਾਰਾ ਵਾਲੇ ਪੱਤਰਕਾਰ ਹੀ ਸਹੀ ਮਾਅਨਿਆਂ ਵਿਚ ਕਾਰਗਰ ਰੋਲ ਅਦਾ ਕਰ ਸਕਦੇ ਹਨ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਆਪਣੇ ਸੰਖੇਪ ਭਾਸ਼ਣ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਪ੍ਰੈਸ ਨੇ ਭਾਰਤ ਦੀ ਧਰਮ-ਨਿਰਪੱਖਤਾ ਵਾਲੀ ਪਛਾਣ ਦੀ ਰਾਖੀ ਲਈ ਇਤਿਹਾਸਕ ਭੂਮਿਕਾ ਨਿਭਾਈ ਹੈ, ਉਸੇ ਤਰਾਂ ਅਜੋਕੇ ਸਮੇਂ ਵਿੱਚ ਮੁਲਕ ਨੂੰ ਦਰਪੇਸ਼ ਨਵੇਂ ਖਤਰਿਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਵੀ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ ਪ੍ਰੈਸ ਕਲੱਬ ਦੇ ਵਿਕਾਸ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਆਖਿਆ ਕਿ ਇਹ ਕਲੱਬ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰ ਦੇ ਨਕਸ਼ੇ ’ਤੇ ਮਿਸਾਲ ਬਣ ਕੇ ਉਭਰਿਆ ਹੈ। ਇੰਟਰਨੈਸ਼ਨਲ ਕੁਆਲਿਟੀ ਸਰਟੀਫਿਕੇਸ਼ਨ ਸਰਵਿਸਜ਼ ਵੱਲੋਂ ਚੰਡੀਗੜ ਪ੍ਰੈਸ ਕਲੱਬ ਨੂੰ ਜਾਰੀ ਕੀਤੇ ਗਏ ਰਜਿਸਟ੍ਰੇਸ਼ਨ ਸਰਟੀਫਿਕੇਟ ਆਈ.ਐਸ.ਓ. 9001:2015 ਨੂੰ ਵੀ ਮੁੱਖ ਮੰਤਰੀ ਨੇ ਰਿਲੀਜ਼ ਕੀਤਾ।ਮੁੱਖ ਮੰਤਰੀ ਨਾਲ ਉਨਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵੀ ਹਾਜ਼ਰ ਸਨ। ਇਸ ਮੌਕੇ ਪ੍ਰਸਿੱਧ ਨੂਰਾਂ ਭੈਣਾਂ ਨੇ ਸੂਫੀਆਨਾ ਅੰਦਾਜ਼ ’ਚ ਆਪਣੇ ਫਨ ਦਾ ਮੁਜ਼ਾਹਰਾ ਕੀਤਾ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ