ਰਾਸ਼ਟਰੀ ਲੋਕ ਅਦਾਲਤ ਵਿੱਚ ਨਿਪਟਾਏ ਗਏ 531 ਕੇਸਾਂ ‘ਚ 5,49,20,438 ਰੁਪਏ ਦੀ ਕੀਤੀ ਗਈ ਸੈਟਲਮੈਂਟ-ਸੀ.ਜੇ.ਐਮ ਵਿਨੀਤ ਕੁਮਾਰ ਨਾਰੰਗ

ਮੋਗਾ 15 ਜੁਲਾਈ:(ਜਸ਼ਨ): ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿੱਚ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਮਾਨਯੋਗ ਇੰਚਾਰਜ  ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ ਸ੍ਰੀ ਤਰਸੇਮ ਮੰਗਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। 
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਮੋਗਾ ਤੋ ਇਲਾਵਾ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਕੋਰਟ ਕੰਪਲੇੇੈਕਸ ਵਿਖੇ ਸਬ ਡਵੀਜ਼ਨ ਪੱਧਰ ‘ਤੇ ਵੀ ਇੱਕ-ਇੱਕ ਬੈਂਚ ਸਥਾਪਿਤ ਕੀਤਾ ਗਿਆ ਅਤੇ ਸਥਾਈ ਲੋਕ ਅਦਾਲਤ (ਪੀ.ਯੂ.ਅੇੈਸ) ਨੇੜੇ ਡੀ.ਸੀ.ਦਫਤਰ ਕੰਪਲੈਕਸ, ਮੋਗਾ ਵਿਖੇ ਵੀ ਲਗਾਈ ਗਈ। ਉਨਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕੁੱਲ 10 ਬੈਂਚ ਸਥਾਪਿਤ ਕੀਤੇ ਗਏ ਸਨ। ਉਨਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਕੁੱਲ 2082 ਕੇਸ ਰੱਖੇ ਗਏ ਸਨ, ਜਿਨਾਂ ਵਿੱਚੋਂ 531 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 5,49,20,438 ਰੁਪਏ ਦੀ ਸੈਟਲਮੈਂਟ ਕੀਤੀ ਗਈ। 
ਉਨਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹਰ ਤਰਾਂ ਦੇ ਕੇਸ ਜਿਵੇਂ ਕਿ ਸੀ.ਆਰ.ਪੀ.ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫ਼ੌਜ਼ਦਾਰੀ ਮਾਮਲਿਆਂ ਦੇ ਇਲਾਵਾ ਚੈਕ ਬਾਊਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪ੍ਰੀਵਾਰਕ ਝਗੜੇ, ਜ਼ਂਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲਾਂ ਦੇ ਝਗੜੇ, ਤਨਖਾਹ ਤੇ ਭੱਤਿਆਂ ਸਬੰਧੀ, ਕ੍ਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ ਕਲੇਮ ਟਿ੍ਰਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜਿਆਂ ਆਦਿ ਕੇਸ ਲਗਾਏ ਗਏ ਸਨ। ਉਨਾਂ ਇਹ ਵੀ ਦੱਸਿਆ ਕਿ 8 ਸਤੰਬਰ, 2018 ਨੂੰ ਵੀ ਨੈਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਨਾਂ ਲੋਕ ਅਦਾਲਤਾਂ ਵਿੱਚ ਆਪਸੀ ਰਾਜ਼ੀਨਾਮੇ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਜਿੱਥੇ ਦੋਵੇਂ ਧਿਰਾਂ ਦੀ ਆਪਸੀ ਰੰਜਿਸ ਖ਼ਤਮ ਹੁੰਦੀ ਹੈ, ਉੱਥੇ ਕੇਸ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਦੇ ਫ਼ੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਿਸ ਮਿਲ ਜਾਂਦੀ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਵਿਅਕਤੀ ਜ਼ਿਲਾ ਅਦਾਲਤਾਂ, ਮੋਗਾ ਸਥਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।