ਪੰਜਾਬ ’ਚ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੂੰਝਾ ਫੇਰਨ ਲਈ ਕਾਂਗਰਸ ਨੂੰ ਕਿਸੇ ਵੀ ਗਠਜੋੜ ਦੀ ਜ਼ਰੂਰਤ ਨਹੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ, 24 ਜੁਲਾਈ(ਪੱਤਰ ਪਰੇਰਕ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਨੂੰ 2019 ਦੀਆਂ ਲੋਕ ਸਭਾ ਚੋਣਾਂ ਲੜਨ ਲਈ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਇਹ ਖੁਦ ਸੁਖਾਲੇ ਢੰਗ ਨਾਲ ਹੀ ਇਨਾਂ ਚੋਣਾਂ ਦੌਰਾਨ ਜਿੱਤ ਹਾਸਲ ਕਰੇਗੀ। ਗੁਰਦਾਸਪੁਰ ਅਤੇ ਸ਼ਾਹਕੋਟ ਸਣੇ ਹਾਲ ਹੀ ਵਿੱਚ ਹੋਈਆਂ ਵੱਖ ਵੱਖ ਚੋਣਾਂ ਦੌਰਾਨ ਕਾਂਗਰਸ ਨੂੰ ਵੱਡੀ ਜਿੱਤ ਹਾਸਲ ਹੋਣ ਦੇ ਸਬੰਧ ਵਿੱਚ ਲੋਕ ਭਾਵਨਾਵਾਂ ਦਾ ਜ਼ਿਕਰ ਕਰਦੇ ਹੋਏ ਉਨਾਂ ਕਿਹਾ ਕਿ ਅਗਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਨੂੰ ਕਿਸੇ ਵੀ ਗਠਜੋੜ ਦੀ ਜ਼ਰੂਰਤ ਨਹੀਂ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰਾਂ ਖਿਸਕ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨਾਂ ਨੇ ਕਦੀ ਵੀ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗਠਜੋੜ ਦੀ ਗੱਲ ਨਹੀ ਆਖੀ। ਉਨਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ ਅਤੇ ਕਾਂਗਰਸ ਨੂੰ ਅਗਲੇ ਸਾਲ ਦੀਆਂ ਸੰਸਦੀ ਚੋਣਾਂ ਵਿੱਚ ਕਿਸੇ ਵੀ ਗਠਜੋੜ ਦੀ ਕੋਈ ਜ਼ਰੂਰਤ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਦੁਹਰਾਇਆ ਕਿ ਚੋਣਾਂ ਤੋਂ ਪਹਿਲਾਂ ਗਠਜੋੜ ਬਾਰੇ ਅੰਤਿਮ ਫੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਣਾ ਹੈ ਅਤੇ ਉਸ ਵਲੋਂ ਲਿਆ ਗਿਆ ਫੈਸਲਾ ਪੰਜਾਬ ਸਣੇ ਸਾਰੇ ਸੂਬਿਆਂ ਦੀਆਂ ਇਕਾਈਆਂ ਵਲੋਂ ਪ੍ਰਵਾਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਿਆਸੀ ਗਠਜੋੜ ਕਾਇਮ ਕਰਨਾ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਦੇ ਅਧਿਕਾਰ ਖੇਤਰ ਵਿੱਚ ਹੈ ਅਤੇ ਉਸ ਵਲੋਂ ਇਸ ਸਬੰਧੀ ਫੈਸਲਾ ਢੁਕਵੇ ਸਮੇਂ ’ਤੇ ਲਿਆ ਜਾਵੇਗਾ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਬਹੁਤ ਸਾਰੇ ਕਾਰਕ ਭੂਮਿਕਾ ਨਿਭਾਉਂਦੇ ਹਨ ਜਿਨਾਂ ਵਿੱਚ ਜਿੱਤਣ ਦੀ ਸਮਰੱਥਾ ਵੀ ਸ਼ਾਮਲ ਹੈ। ਇਸ ਕਰਕੇ ਗਠਜੋੜ ਤੋਂ ਪਹਿਲਾਂ ਆਮ ਤੌਰ ’ਤੇ ਪਾਰਟੀ ਵਲੋਂ ਇਨਾਂ ਗੱਲਾਂ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਥੋਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਬੰਧ ਹੈ ਇਸ ਵਲੋਂ ਆਪਣੇ ਵਿਚਾਰ ਪਾਰਟੀ ਹਾਈ ਕਮਾਂਡ ਦੇ ਸਾਹਮਣੇ ਉਸ ਵੇਲੇ ਰੱਖੇ ਜਾਣਗੇ ਜਦੋ ਹਾਈ ਕਮਾਂਡ ਇਸ ਵਾਸਤੇ ਕਹੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੇ ਵਾਂਗ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਹਰ ਸੂਬੇ ਵਿੱਚ ਜ਼ਮੀਨੀ ਸਥਿਤੀਆਂ ਨੂੰ ਧਿਆਨ ਵਿੱਚ ਰਖੇਗੀ ਅਤੇ ਕੋਈ ਵੀ ਗਠਜੋੜ ਕਰਨ ਤੋਂ ਪਹਿਲਾਂ ਸੂਬਾ ਇਕਾਈਆਂ ਦੀ ਰਾਇ ਪ੍ਰਾਪਤ ਕਰੇਗੀ। ਉਨਾਂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੀ ਇਸ ਮੁੱਦੇ ਬਾਰੇ ਅੰਦਰੂਨੀ ਵਿਚਾਰ ਕਰ ਰਹੀ ਹੈ ਅਤੇ ਜ਼ਰੂਰਤ ਪੈਣ ’ਤੇ ਇਸ ਮਾਮਲੇ ’ਤੇ ਆਮ ਸਹਮਤੀ  ਤਿਆਰ ਕੀਤੀ ਜਾਵੇਗੀ।