ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਡੀਪੋਰਟ ਕਰਨ ਦੇ ਮਾਮਲੇ ’ਤੇ ‘ਆਪ’ ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ

ਚੰਡੀਗੜ, 24 ਜੁਲਾਈ(ਪੱਤਰ ਪਰੇਰਕ):ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ।ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਲਿਖਣਗੇ ਤਾਂ ਜੋ ਇਸ ਮਸਲੇ ਉਤੇ ਢੁਕਵੀਂ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨਾਂ ਕਿਹਾ ਕਿ ਭਾਰਤ ਤੇ ਕੈਨੇਡਾ ਰਾਸ਼ਟਰਮੰਡਲ ਮੁਲਕ ਹਨ ਅਤੇ ਉਨਾਂ ਨੂੰ ਆਪਣੇ ਰਿਸ਼ਤਿਆਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਸ੍ਰੀ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਚੁਣੇ ਹੋਏ ਕਿਸੇ ਵੀ ਨੁਮਾਇੰਦੇ ਨਾਲ ਅਜਿਹਾ ਵਤੀਰਾ ਅਫਸੋਸਨਾਕ ਅਤੇ ਨਿੰਦਣਯੋਗ ਹੈ। ‘ਆਪ‘ ਦੇ ਇਸ ਵਫ਼ਦ ਵਿੱਚ ਹੋਰ ਵਿਧਾਇਕਾਂ ਤੋਂ ਇਲਾਵਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਵੀ ਸ਼ਾਮਲ ਸਨ।