ਚੂਹੜਚੱਕ ਨਿਵਾਸੀਆਂ ਨੇ ਪਿੰਡ ਵਿੱਚੋਂ ਨਸ਼ਿਆਂ ਦੇ ਸਫ਼ਾਏ ਦਾ ਲਿਆ ਅਹਿਦ-ਗੁਰਪ੍ਰੀਤ ਸਿੰਘ ਤੂਰ

ਮੋਗਾ 30 ਜੁਲਾਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ  ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਜਾਗੋ ਨਸ਼ੇ ਤਿਆਗੋ‘ ਵਿਸ਼ੇ ‘ਤੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਲਈ ਪਿੰਡ ਦੇ ਸਮਾਜ ਸੇਵੀ ਰੇਸ਼ਮ ਸਿੰਘ ਨੇ ਭਰਪੂਰ ਯੋਗਦਾਨ ਪਾਇਆ। ਇਸ ਸੈਮੀਨਾਰ ਵਿੱਚ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਤੂਰ ਨੇ ਵਿਸ਼ੇਸ਼  ਤੌੌਰ ‘ਤੇ ਸ਼ਿਰਕਤ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨਾਂ ਕਿਹਾ ਕਿ ਲੋਕਾਂ ਦੇ ਪੂਰਣ ਸਹਿਯੋਗ ਸਦਕਾ ਹੀ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨਾ ਹੀ ‘ਮਿਸ਼ਨ ਤੰਦਰੁਸਤ ਪੰਜਾਬ‘ ਦੀ ਕਾਮਯਾਬੀ ਹੈ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਪ੍ਰਸ਼ਾਸ਼ਨ ਜ਼ਿਲੇ ਵਿੱਚੋਂ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਲਈ ਯਤਨਸ਼ੀਲ ਹੈ। ਉਨਾਂ ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਨਸ਼ਾ ਤਸਕਰਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਉਨਾਂ ਪਿੰਡ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਵੇਚਣ ਆਉੱਦਾ ਹੈ ਤਾਂ ਉਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋ ਬਚਾਇਆ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ. ਤੂਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਰੇਸ਼ਮ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ, ਇਸ ਲਈ ਨਸ਼ਾ ਤਸਕਰਾਂ ਨੂੰ ਆਪਣਾ ਬੋਰੀਆ ਬਿਸਤਰਾ ਲਪੇਟ ਕੇ ਪੰਜਾਬ ਵਿੱਚੋਂ ਕੂਚ ਕਰ ਜਾਣਾ ਚਾਹੀਦਾ ਹੈ। ਉਨਾਂ ਪਿੰਡ ਵਾਸੀਆਂ ਨੂੰ ਨਸ਼ਾ ਤਸਕਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਸਵੰਤ ਸਿੰਘ, ਰੂਪ ਸਿੰਘ ਕਲੇਰ, ਸਵਰਨ ਸਿੰਘ ਕਲੇਰ, ਬਿੰਦਰ ਸਿੰਘ ਕਲੇਰ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ