ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ

ਚੰਡੀਗੜ,30 ਜੁਲਾਈ (ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀ, ਕੁਲ ਹਿੰਦ ਕਾਂਗਰਸ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ’ਚ ਅਹਿਦ ਲਿਆ ਕਿ ਉਹ ਆਪੋ ਆਪਣੇ ਅਦਾਰਿਆਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਨਤੀਜਿਆਂ ਤੋਂ ਜਾਣੂ ਕਰਵਾਉਣਗੇ। ਉਹਨਾਂ  ਕਿਹਾ ਕਿ ਉਹ ਨਸ਼ਿਆਂ ਖ਼ਿਲਾਫ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਫੈਲਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਅਤੇ ਵਿੱਦਿਅਕ ਅਦਾਰਿਆਂ ਦੇ ਭਾਰੀ ਗਿਣਤੀ ਸਟਾਫ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਸੁਚੱਜੇ ਢੰਗ ਨਾਲ ਲਾਗੂ ਕਰ ਕੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਜਾ ਸਕਦੇ ਹਨ। ਉਹਨਾਂ  ਕਿਹਾ ਕਿ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਨਾਲ ਨਸ਼ੇ ਘੱਟ ਹੋਏ ਹਨ ਅਤੇ ਨਸ਼ਿਆਂ ਨਾਲ ਮੌਤਾਂ ਤੋਂ ਬਾਅਦ ਇਸ ਅਲਾਮਤ ਦੇ ਖਤਰਿਆਂ ਨਾਲ ਜੂਝ ਰਹੇ ਨੌਜਵਾਨਾਂ ਨੇ ਇਲਾਜ ਲਈ ਹਸਪਤਾਲਾਂ ਵਿੱਚ ਆਉਣਾ ਸ਼ੁਰੂ ਕੀਤਾ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਪੜ੍ਹਾਈ ਮਿਆਰੀ ਵਿਦਿਆ ਨਸ਼ਿਆਂ ਖਿਲਾਫ਼ ਜੰਗ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ ਅਤੇ ਉਹਨਾਂ ਦੀ ਸਰਕਾਰ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਾਉਣ ਲਈ ਹੋਰਣਾ ਵਿਭਾਗਾਂ ਦੇ ਖਰਚਿਆਂ ਵਿੱਚ ਕਟੌਤੀ ਕੀਤੀ ਜਾਵੇਗੀ ਤਾਂ ਜੋ ਸਿੱਖਿਆ ਦਾ ਢਾਂਚਾ ਹੋਰ ਮਜ਼ਬੂਤ ਕੀਤਾ ਜਾ ਸਕੇ। ਵਿਦਿਅਕ ਅਦਾਰਿਆਂ ’ਚ ਖੇਡਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਗੱਲ ਕਹਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਖੇਡਾਂ ਅਤੇ ਹੋਰ ਸਰਗਰਮੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਉਨਾਂ ਵਿਚਲੀ ਊਰਜਾ ਨੂੰ ਸਾਰਥਕ ਪਾਸੇ ਲਾਇਆ ਜਾ ਸਕੇ। ਮਿਆਰੀ  ਅਤੇ ਕਦਰਾਂ-ਕੀਮਤਾਂ ’ਤੇ ਆਧਾਰਤ ਸਿੱਖਿਆ ਮੁਹੱਈਆ ਕਰਵਾਉਣ ਦੀ ਗੱਲ ’ਤੇ ਜੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪੱਖ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆਂ ਭਰ ਵਿੱਚ ਚੰਗੀਆਂ ਨੌਕਰੀਆਂ ਮਿਲ ਸਕਣ। ਉਨਾਂ ਸਾਂਝੀ ਐਕਸ਼ਨ ਕਮੇਟੀ ਨੂੰ ਕਿਹਾ ਕਿ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਲਈ ਉਹ ਜੰਗੀ ਪੱਧਰ ’ਤੇ ਮੁਹਿੰਮ ਵਿੱਢਣ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਨੌਜਵਾਨ ਪੀੜੀ ਨੂੰ ਜਾਣੂ ਕਰਵਾਉਣ। ਉਨਾਂ ਕਿਹਾ ਕਿ ਨਸ਼ਿਆਂ ਦੀ ਮਾਰ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਆਉਣ ਲਈ ਪ੍ਰੇਰਿਤ ਕਰਨ। ਉਹਨਾਂ ਕਿਹਾ ਕਿ ਲੋਕਾਂ ਨੂੰ ਵੀ ਨਸਿਆਂ ਦੇ ਸ਼ਿਕਾਰ ਲੋਕਾਂ ਨਾਲ ਪਿਆਰ ਅਤੇ ਹਲੀਮੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਉਹ ਇਸ ਸਮਾਜਿਕ ਬੁਰਾਈ ਤੋਂ ਉਭਰ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਰਾਜ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਖੇਡ ਨੀਤੀ ਜਲਦ ਹੀ ਲਿਆਂਦੀ ਜਾ ਰਹੀ ਹੈ ਜਿਸ ਨਾਲ ਬਚਪਨ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਹਨਾਂ  ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਯੁਵਕ ਮੇਲੇ ਕਰਵਾਏ ਜਾਇਆ ਕਰਨਗੇ। ਇਸ ਤੋਂ ਪਹਿਲਾਂ ਜਵਾਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਇਸ ਕਮੇਟੀ ਅਧੀਨ ਲਗਭਗ 1600 ਕਾਲਜਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀ ਡੈਪੋ ਵਲੰਟੀਅਰ ਵਜੋਂ ਰਜਿਸਟਰ ਹੋ ਚੁੱਕੇ ਹਨ ਅਤੇ ਇਸ ਤੋਂ ਇਲਾਵਾ 2000 ਮੁਲਾਜ਼ਮ ਹਨ। ਉਹਨਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਸੂਬਾ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ,ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ,ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਹਾਜ਼ਰ ਸਨ।