ਮੱਛੀ ਪਾਲਣ ਸਬੰਧੀ ਮੁਫ਼ਤ ਸਿਖਲਾਈ ਕੈਪ 6 ਅਗਸਤ ਤੋ 10 ਅਗਸਤ ਤੱਕ, ਮੱਛੀ ਪਾਲਣ ਦਾ ਧੰਦਾ ਕਰਨ ਦੇ ਚਾਹਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਮੋਗਾ 3 ਅਗਸਤ(ਜਸ਼ਨ)-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਧੰਦੇ ਦੀ ਪ੍ਰਫੁੱਲਤਾ ਤੇ ਵਿਸਥਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਨਾਉਣ ਲਈ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਦਾ ਸਹਾਇਕ ਧੰਦਾ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਜਾਣਕਾਰੀ ਦਿੰਦਿਆਂ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ) ਮੋਗਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਉਪਲੱਭਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਤਹਿਤ ਮੱਛੀ ਪਾਲਣ ਸਬੰਧੀ ਮੁਫ਼ਤ ਸਿਖਲਾਈ ਕੈਪ 6 ਅਗਸਤ ਤੋਂ 10 ਅਗਸਤ ਤੱਕ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ), ਮੋਗਾ ਦੇ ਕਮਰਾ ਨੰਬਰ 320-322, ਸਤਲੁਜ ਬਲਾਕ, ਤੀਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕੈਪ ਵਿੱਚ ਜਿਲਾ ਮੋਗਾ ਦੇ ਮੱਛੀ ਪਾਲਣ ਦਾ ਧੰਦਾ ਕਰਨ ਲਈ ਚਾਹਵਾਨ ਵਿਅਕਤੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਟ੍ਰੇਨਿੰਗ ਉਪਰੰਤ ਮੱਛੀ ਪਾਲਣ ਦਾ ਧੰਦਾ ਕਰਨ ਲਈ ਚਾਹਵਾਨ ਵਿਅਕਤੀਆ ਨੂੰ ਬੈਕ ਪਾਸੋ ਕਰਜ਼ਾ ਅਤੇ ਸਬਸਿਡੀ ਵੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫ਼ੋਨ ਨੰਬਰ 01636-238272 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।