ਨਸ਼ਾ ਮੁਕਤ ਪਿੰਡਾਂ ਲਈ ਸਰਪੰਚਾਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ: ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ,ਕਿਹਾ, ਕੇਵਲ ਉਨ੍ਹਾਂ ਨੁਮਾਇੰਦਿਆਂ ਨੂੰ ਹੀ ਸਰਪੰਚ ਬਣਾਇਆ ਜਾਵੇ ਜੋ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋਂ ਮੁਕਤ ਹੋਣ:

ਫ਼ਿਰੋਜ਼ਪੁਰ  3ਅਗਸਤ (PANKAJ KUMAR):ਸਹਿਕਾਰਤਾ ਤੇ ਜੇਲ੍ਹ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਲਈ ਸਰਪੰਚਾਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ ਹੈ। ਚੋਣਾਂ ਦੌਰਾਨ ਕੇਵਲ ਉਨ੍ਹਾਂ ਨੂੰ ਹੀ ਸਰਪੰਚ ਬਣਾਇਆ ਜਾਵੇ ਜੋ ਕਿਸੇ ਵੀ ਤਰ੍ਹਾਂ ਦੇ ਨਸ਼ੇ ਤੋ ਮੁਕਤ ਹੋਣ। ਉਹ ਅੱਜ ਭਸੀਨ ਪੈਲੇਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ''ਨਸ਼ਾ ਮੁਕਤ ਤੰਦਰੁਸਤ ਪੰਜਾਬ'' ਵਿਸ਼ੇ ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਸਿੰਘ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਜੀ ਤੋਂ ਇਲਾਵਾ ਕਮਿਸ਼ਨਰ ਫ਼ਿਰੋਜ਼ਪੁਰ ਡਵੀਜ਼ਨ ਸ੍ਰੀ ਸੁਮੇਰ ਗੁਰਜਰ ਅਤੇ ਡਿਪਟੀ ਕਮਿਸ਼ਨਰ  ਬਲਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।  ਆਪਣੇ  ਸੰਬੋਧਨ ਵਿੱਚ ਕੈਬਨਿਟ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਲਈ ਲੋਕਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਨਸ਼ਿਆਂ ਦਾ ਖ਼ਾਤਮਾ ਤਾਂ ਹੀ ਹੋ ਸਕਦਾ ਹੈ ਜੇਕਰ ਇਕ ਲੋਕ ਲਹਿਰ ਦੇ ਰੂਪ ਵਿੱਚ ਲੋਕ ਅੱਗੇ ਆ ਕੇ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰਨ।  ਉਨ੍ਹਾਂ ਨੇ ਕਿਹਾ ਕਿ ਚਾਹੇ ਕੋਈ ਨੇਤਾ, ਸਰਕਾਰੀ ਮੁਲਾਜ਼ਮ ਜਾਂ ਇਹ ਪਤਾ ਲੱਗਦਾ ਹੈ ਕਿ ਕਿਸੇ  ਵੱਲੋਂ ਕਿਸੇ ਤਰ੍ਹਾਂ ਦਾ ਨਸ਼ਾ ਵੇਚਿਆ ਜਾ ਰਿਹਾ ਹੈ ਤਾਂ ਇਸ ਦੇ ਖ਼ਿਲਾਫ਼ ਲੋਕਾਂ ਨੂੰ ਲੋਕ ਲਹਿਰ ਬਣ ਕੇ ਖੜ੍ਹਾ ਹੋਣਾ ਚਾਹੀਦਾ ਹੈ ਅਤੇ ਅਜਿਹੇ ਅਨਸਰਾਂ ਨੂੰ ਸਜ਼ਾ ਦਵਾਉਣੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ  ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਇਸ ਖੇਤਰ ਦੇ ਲੋਕਾਂ ਦਾ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਰਾਜ ਵਿੱਚ ਕਿਸੇ ਨੂੰ ਵੀ ਗ਼ੈਰ-ਕਾਨੂੰਨੀ ਖਣਨ ਦੀ ਇਜਾਜ਼ਤ ਨਹੀਂ ਹੈ ਜੇਕਰ ਕੋਈ ਗੈਰ ਕਾਨੂੰਨੀ ਰੇਤ ਦੀ ਮਾਈਨਿੰਗ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਹੇਠ ਨਾ ਕੰਮ ਕਰਨ ਸਬੰਧੀ ਪੁਲਿਸ ਨੂੰ ਪਹਿਲਾਂ ਹੀ ਨਿਰਦੇਸ਼ ਸਰਕਾਰ ਦੁਆਰਾ ਦਿੱਤੇ ਜਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਧ ਤੋਂ ਵੱਧ ਬੂਟੇ ਲਗਾਉਣ, ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ ਕਰਨ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਰੂਰਤਮੰਦਾਂ ਦੀ ਪਹਿਚਾਣ ਕਰਕੇ ਲਾਭ ਦਿਵਾਉਣ ਸਮੇਤ ਅਧਿਕਾਰੀਆਂ ਨੂੰ ਤਹਿ ਦਿਲ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ