ਸਿੱਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਫ਼ਤਹਿਗੜ ਸਾਹਿਬ ਜ਼ਿਲੇ ਦੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਕੀਤਾ ਦੌਰਾ

ਫ਼ਤਹਿਗੜ ਸਾਹਿਬ / ਚੰਡੀਗੜ, 10 ਅਗਸਤ:-(ਪੱਤਰ ਪਰੇਰਕ):ਪੰਜਾਬ ਵਿੱਚ ਪ੍ਰਦੂਸ਼ਣ ਮੁਕਤ ਉਦਯੋਗਾਂ ਨੂੰ ਪਹਿਲ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਨੂੰ ਪੂਰੀ ਤਰਾਂ ਪ੍ਰਦੂਸ਼ਣ ਮੁਕਤ ਕਰਨ ਦਾ ਬੀੜਾ ਚੁੱਕਿਆ  ਹੈ। ਜਿਸ ਦੇ ਸਾਰਥਕ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ। ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਵੇਗੀ ਅਤੇ ਇਨਾਂ ਦੋਹਾਂ ਖੇਤਰਾਂ ਦੇ ਵਿਕਾਸ ਲਈ ਕੈਪਟਨ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਪਿੰਡ ਨਬੀਪੁਰ ਵਿਖੇ ਪੈਗਰੋ ਫਰੋਜਨ ਫੂਡਜ਼ ਪ੍ਰਾਈਵੇਟ ਲਿਮ: ਦਾ ਦੌਰਾ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪੈਗਰੋ ਇੰਡਸਟਰੀ ਵੱਡੀ ਪੱਧਰ ‘ਤੇ ਕੰਟਰੈਕਟ ਫਾਰਮਿੰਗ ਰਾਹੀਂ ਕਿਸਾਨਾਂ ਤੋਂ ਸਬਜ਼ੀਆਂ ਬਿਜਵਾ ਕੇ ਉਨਾਂ ਨੂੰ ਡੱਬਾਬੰਦ ਕਰਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਭੇਜਦੀ ਹੈ। ਉਨਾਂ ਆਖਿਆ ਕਿ ਪੰਜਾਬ ਸਰਕਾਰ ਖੇਤੀਬਾੜੀ ‘ਤੇ ਅਧਾਰਤ ਹੋਰ ਵਧੇਰੇ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਬੜਾਵਾ ਦੇਵੇਗੀ ਜਿਸ ਨਾਲ ਜਿਥੇ ਕਿਸਾਨਾਂ ਨੂੰ ਉਨਾਂ ਦੀ ਉਪਜ ਦੇ ਲਾਹੇਵੰਦ ਭਾਅ ਮਿਲਣਗੇ ਉਥੇ ਹੀ ਹੋਰ ਵਧੇਰੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।ਸ਼੍ਰੀ ਸੋਨੀ ਨੇ ਕਿਹਾ ਕਿ ਮੰਡੀ ਗੋਬਿੰਦਗੜ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨਾਂ ਉਪਰਾਲਿਆਂ ਤਹਿਤ ਮੰਡੀ ਗੋਬਿੰਦਗੜ ਵਿਖੇ ਕੋਇਲੇ ਨਾਲ ਚੱਲਣ ਵਾਲੀਆਂ ਸਾਰੀਆਂ ਰੋਲਿੰਗ ਮਿਲਾਂ ਨੂੰ ਆਉਂਦੇ 6 ਮਹੀਨਿਆਂ ਵਿੱਚ ਪੀ.ਐਨ.ਜੀ. ਗੈਸ ਨਾਲ ਜੋੜ ਕੇ ਪੰਜਾਬ ਦੇ ਸਾਰੇ ਸ਼ਹਿਰਾਂ ਤੋਂ ਵੱਧ ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਸ਼ਹਿਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮਿ੍ਰਤਸਰ, ਜਲੰਧਰ, ਰੋਪੜ ਦੀਆਂ ਉਦਯੋਗਿਕ ਇਕਾਈਆਂ ਨੂੰ ਵੀ ਪ੍ਰਦੂਸ਼ਣ ਮੁਕਤ ਕਰਨ ਲਈ ਪੀ.ਐਨ.ਜੀ. ਗੈਸ ਨਾਲ ਜੋੜਨ ਦੀ ਪਹਿਲ ਕਦਮੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਸਾਰੇ ਹੀ ਸ਼ਹਿਰਾਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣੇ ਵੀ ਯਕੀਨੀ ਬਣਾਏ ਜਾਣਗੇ। ਉਨਾਂ ਆਖਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਤ ਕਰਨ ਵਾਲੀ ਕਿਸੇ ਵੀ ਸੰਸਥਾ ਜਾਂ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਉਦਯੋਗਿਕ ਇਕਾਈਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਉਦਯੋਗਾਂ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਯੰਤਰ ਲਗਾਉਣੇ ਯਕੀਨੀ ਬਣਾਉਣ।ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਪੜਾਈ ਨੂੰ ਸਭ ਤੋਂ ਵੱਧ ਅਹਿਮੀਅਤ ਦਿੱਤੀ ਜਾਵੇਗੀ ਅਤੇ ਕਿਸੇ ਵੀ ਅਧਿਆਪਕ ਨੂੰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਬਿਜਲੀ ਦੀ ਬੱਚਤ ਲਈ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸੋਲਰ ਪਾਵਰ ਪਲਾਂਟ ਲਗਾਏ ਜਾਣਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕਰੇਗੀ ਅਤੇ ਜਿਥੇ ਕਿਧਰੇ ਅਧਿਆਪਕ ਕੰਮ ਵਾਲੇ ਦਿਨ ਧਰਨਿਆਂ ਵਿੱਚ ਜਾਣਗੇ ਉਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਕੂਲਾਂ ਵਿੱਚ ਕਿਸੇ ਵੀ ਤਰਾਂ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਉਨਾਂ ਕਿਹਾ ਕਿ ਸਰਕਾਰ ਬੱਚਿਆਂ ਦੇ ਭਵਿੱਖ ਨੂੰ ਸੁਆਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ। ਉਨਾਂ ਦੱਸਿਆ ਕਿ ਸਕੂਲਾਂ ਵਿੱਚ ਅਧਿਆਪਕ ਭਰਤੀ ਕਰਨ ਦੇ ਨਾਲ-ਨਾਲ ਸੇਵਾਦਾਰ ਤੇ ਸਫਾਈ ਸੇਵਕ ਵੀ ਭਰਤੀ ਕੀਤੇ ਜਾਣਗੇ। ਉਨਾਂ ਆਖਿਆ ਕਿ ਬਾਰਡਰ ਏਰੀਏ ਵਿੱਚ 80 ਫੀਸਦੀ ਸਕੂਲਾਂ ਦੀਆਂ ਖਾਲੀ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਬਾਕੀ ਅਸਾਮੀਆਂ ਵੀ ਭਰ ਦਿੱਤੀਆਂ ਜਾਣਗੀਆਂ। ਇਸ ਮੌਕੇ ਵਾਤਾਵਰਣ ਮੰਤਰੀ ਨੇ ਪੈਗਰੋ ਇੰਡਸਟਰੀ ਦੇ ਪਾਰਕ ਵਿੱਚ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ।   ਪੈਗਰੋ ਇੰਡਸਟਰੀ ਦੇ ਸੀ.ਈ.ਓ. ਸਰਤਾਜ ਸਿੰਘ ਬਰਾੜ ਨੇ ਦੱਸਿਆ ਕਿ ਉਨਾਂ ਦੀ ਇੰਡਸਟਰੀ ਵੱਲੋਂ 3500 ਏਕੜ ਰਕਬੇ ਵਿੱਚ ਕੰਟਰੈਕਟ ਫਾਰਮਿੰਗ ਕਰਵਾਈ ਜਾਂਦੀ ਹੈ ਅਤੇ ਕਿਸਾਨਾਂ ਸਾਲ ਵਿੱਚ ਤਿੰਨ ਫਸਲਾਂ ਦੀ ਪੈਦਾਵਾਰ ਕਰਦੇ ਹਨ। ਉਨਾਂ ਇਹ ਵੀ ਦੱਸਿਆ ਕਿ 5500 ਲੋੜਵੰਦਾਂ ਨੂੰ ਸਿੱਧੇ ਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਉਨਾਂ ਦੇ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ: ਐਸ.ਐਸ. ਮਰਵਾਹਾ, ਮੈਂਬਰ ਸਕੱਤਰ ਇੰਜ: ਕਰੁਨੇਸ਼ ਗਰਗ, ਐਸ.ਪੀ. (ਹੈ/ਕੁ) ਸ. ਰਵਿੰਦਰਪਾਲ ਸਿੰਘ ਸੰਧੂ, ਪੈਗਰੋ ਦੇ, ਵਾਤਾਵਰਣ ਇੰਜਨੀਅਰ ਸ਼੍ਰੀ ਆਰ.ਕੇ. ਨਈਅਰ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।