ਕਿਸਾਨ ਮਿੱਟੀ ਪਰਖ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ-ਡਾ: ਸੁਖਦੇਵ ਸਿੰਘ

ਮੋਗਾ 22 ਅਗਸਤ:(ਜਸ਼ਨ)-ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਦੀ ਅਗਵਾਈ ਹੇਠ ‘ਤੰਦਰੁਸਤ ਪੰਜਾਬ ਮਿਸ਼ਨ‘ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਤਲਵੰਡੀ ਮੱਲੀਆਂ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇੇ ਡਾ: ਸੁਖਦੇਵ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ-ਪੂਰਵਿਕ ਜਾਣਕਾਰੀ ਦਿੱਤੀ। ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਜ਼ਮੀਨ ਦੀ ਸਿਹਤ ਸੰਭਾਲ ਲਈ ਹਰੀ ਖਾਦ ਬਣਾਉਣ ਦੀ ਸਲਾਹ ਦਿੱਤੀ। ਖੇਤੀਬਾੜੀ ਅਫ਼ਸਰ ਡਾ: ਗੁਰਬਾਜ਼ ਸਿੰਘ ਨੇ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਵਿੱਚ ਐਸੀਫ਼ੈਟ, ਕਾਰਬੈਡਾਜਿਮ, ਥਾਇਓਮਿਥਾਕਸਮ, ਟਰਾਈਜੈਫ਼ਾਸ ਅਤੇ ਟਰਾਈਸਾਈਕਲਾਜ਼ੈਲ ਦਵਾਈਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਦੱਸਿਆ ਕਿ ਇਨਾਂ ਦਵਾਈਆਂ ਦੇ ਅੰਸ਼ ਬਾਸਮਤੀ ਵਿੱਚ ਰਹਿ ਜਾਣ ਕਾਰਣ ਕੌਮਾਂਤਰੀ ਮੰਡੀ ਵਿੱਚ ਇਸ ਦੇ ਨਿਰਯਾਤ ‘ਚ ਸਮੱਸਿਆ ਆਉਂਦੀ ਹੈ, ਜਿਸ ਕਾਰਣ ਕਿਸਾਨਾਂ ਨੂੰ ਫ਼ਸਲ ਦਾ ਲਾਹੇਵੰਦ ਭਾਅ ਨਹੀਂ ਮਿਲਦਾ। ਡਾ: ਗੁਰਲਵਲੀਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਿਫ਼ਾਰਸ ਅਨੁਸਾਰ ਹੀ ਯੂਰੀਆ ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਖਾਣ ਵਾਸਤੇ ਸ਼ਬਜ਼ੀਆਂ ਘਰੇਲੂ ਬਗੀਚੀ ਵਿੱਚ ਉਗਾਉਣੀਆਂ ਚਾਹੀਦੀਆਂ ਹਨ। ਡਾ: ਹਰਿੰਦਰਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਚਾਨਣਾ ਪਾਇਆ। ਉਨਾਂ ਕਿਸਾਨਾਂ ਨੂ੍ਵੰ ਝੋਨੇ ਦੀ ਪਰਾਲੀ ਖੇਤ ਵਿੱਚ ਹੀ ਗਾਲਣ ਅਤੇ ਵਿਭਾਗ ਵੱਲੋਂ ਪ੍ਰਚੱਲਿਤ ਤਕਨੀਕਾਂ ਤੇ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਭੂਮੀ ਰੱਖਿਆ ਅਫ਼ਸਰ ਨੇ ਕਿਸਾਨਾਂ ਨੂੰ ਜ਼ਮੀਨਦੋਜ਼ ਪਾਈਪ ਵਿਧੀ ਰਾਹੀਂ ਸਿੰਚਾਈ ਕਰਕੇ ਪਾਣੀ ਦੀ ਬੱਚਤ ਕਰਨ ਬਾਰੇ ਪ੍ਰੇਰਿਤ ਕੀਤਾ। ਅੰਤ ਵਿੱਚ ਡਾ: ਗੁਰਬਾਜ਼ ਸਿੰਘ ਨੇ ਕੈਂਪ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਂਜਸਵੀਰ ਸਿੰਘ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਭੂਮੀ ਰੱਖਿਆ ਵਿਭਾਗ ਦੇ ਉਪ ਨਿਰੀਖਕ ਅਤੇ ਸਰਵੇਅਰ ਆਦਿ ਹਾਜ਼ਰ ਸਨ।