ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਆਦਿ ਵੱਲੋਂ ਬੇਅਦਬੀ ਕਾਂਡ ਨਾਲ ਸਬੰਧਤ ਪਿੰਡਾਂ ਦਾ ਦੌਰਾ

ਜੈਤੋ, 5 ਸਤੰਬਰ (ਮਨਜੀਤ ਸਿੰਘ ਢੱਲਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਰਗਾੜੀ, ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਮਿਸ਼ਨ ਕਾਇਮ ਕਰਨ ਦੇ ਫਰਜ਼ ਨੂੰ ਨਿਭਾਉਂਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਅਤੇ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਵਿੱਚ ਕਸੂਰਵਾਰ ਲੋਕਾਂ ਨੂੰ ਜਲਦੀ ਹੀ ਕਮਿਸ਼ਨ ਦੀ ਰਿਪੋਰਟ ਤੇ ਸਜ਼ਾ ਦਿਵਾਈ ਜਾਵੇਗੀ ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਫਰੀਦਕੋਟ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ । ਇਸ ਤੋਂ ਪਹਿਲਾਂ ਸ੍ਰੀ ਸੁਨੀਲ ਜਾਖੜ ਤੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ, ਸ੍ਰੀ ਬਲਬੀਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ ਆਦਿ ਮੰਤਰੀਆਂ ਅਤੇ ਵੱਡੀ ਗਿਣਤੀ ਵਿੱਚ ਵਿਧਾਇਕਾਂ ਨਾਲ ਬੇਅਦਬੀ ਕਾਂਡ ਨਾਲ ਸਬੰਧਤ ਉਨ੍ਹਾਂ ਪਿੰਡਾਂ ਦਾ ਵੀ ਦੌਰਾ ਕੀਤਾ ਜਿੱਥੇ ਉਸ ਸਮੇਂ ਪੁਲਿਸ ਵੱਲੋਂ ਹਾਕਮ ਧਿਰ ਦੀ ਸ਼ਹਿ ਤੇ ਬੇਕਸੂਰ ਲੋਕਾਂ ਤੇ ਅਣ-ਮਨੁੱਖੀ ਤਸਦੱਦ ਕੀਤਾ ਸੀ । ਉਨ੍ਹਾਂ ਵੱਲੋਂ ਪੰਜਗਰਾਈਂ ਖੁਰਦ, ਬੁਰਜ ਜਵਾਹਰ ਸਿੰਘ ਵਾਲਾ ਅਤੇ ਬਹਿਬਲ ਕਲਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ।ਇਸ ਮੌਕੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਿੰਡ ਦੀਆਂ ਔੌਰਤਾਂ ਨੇ ਸ੍ਰੀ ਸੁਨੀਲ ਜਾਖੜ ਅੱਗੇ ਮੰਗ ਰੱਖੀ ਕਿ ਜਿਨ੍ਹਾ ਨੇ ਵੀ ਗੁਰੂ ਪਾਵਨ ਸਰੂਪ ਦੀ ਬੇਦਅਬੀ ਕੀਤੀ ਹੈ ਉਨ੍ਹਾਂ ਖਿਲਾਫ ਸਰਕਾਰ ਸਖਤ ਕਾਰਵਾਈ ਕਰੇ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸਾਲ 2015 ਵਿੱਚ ਵਾਪਰੇ ਦੁਖਦਾਈ ਬੇਅਦਬੀ ਕਾਂਡ ਉਸ ਸਮੇਂ ਦੀ ਬਾਦਲ ਸਰਕਾਰ ਨੇ ਪੂਰੀ ਨਾ ਸਮਝੀ ਦਾ ਪ੍ਰਗਟਾਵਾ ਕੀਤਾ ਅਤੇ ਦੋਸ਼ੀਆਂ ਦਾ ਪਤਾ ਲੱਗ ਜਾਣ ਦੇ ਬਾਵਜੂਦ ਵੀ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ । ਉਨ੍ਹਾਂ ਕਿਹਾ ਕਿ ਅਕਤੂਬਰ 2015 ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਲੋਕਾਂ ਤੇ ਪੁਲਿਸ ਨੇ ਅੰਨ੍ਹੇਵਾਹ ਤਸਦੱਦ ਕੀਤਾ ਅਤੇ ਉਨ੍ਹਾਂ ਤੇ ਗੋਲੀਆਂ ਚਲਾਈਆਂ ਜਿਨ੍ਹਾਂ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ । ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕਾਇਮ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਸਾਫ ਲਿਖਿਆ ਹੈ ਕਿ ਉਸ ਸਮੇਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ, ਡੀ.ਜੀ.ਪੀ. ਸਮੇਤ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ  ਨੂੰ ਵੀ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਬਾਰੇ ਪੂਰੀ ਜਾਣਕਾਰੀ ਸੀ ਅਤੇ ਪੁਲਿਸ ਨੇ ਹਾਕਮ ਧਿਰ ਦੇ ਕਹਿਣ ਤੇ ਹੀ ਨਿਹੱਥੇ ਲੋਕਾਂ ਤੇ ਗੋਲੀਆਂ ਚਲਾਈਆਂ । ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਧਾਰਮਿਕ ਸੰਸਥਾਵਾ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆਂ । ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਦੇ ਕਹਿਣ ਤੇ ਹੀ ਅਕਾਲ ਤਖਤ ਦੇ ਜੱਥੇਦਾਰਾਂ ਅਤੇ ਸ੍ਰੋਮਣੀ ਕਮੇਟੀ ਵੱਲੋਂ ਡੇਰਾ ਸਿਰਸਾ ਦੇ ਮੁੱਖੀ ਨੂੰ  ਮੁਆਫੀ ਦਿੱਤੀ ਗਈ ਅਤੇ ਉਸ ਦੀ ਫਿਲਮ ਪੰਜਾਬ ਵਿੱਚ ਚਲਾਉਣ ਲਈ ਹੀ ਅਜਿਹਾ ਵਰਤਾਰਾ ਕੀਤਾ ਗਿਆ ਕਿਉਂਕਿ ਉਸ ਫਿਲਮ ਵਿੱਚ ਅਕਾਲੀ ਕਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦਾ ਵੀ ਹਿੱਸਾ ਸੀ । ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਲੋਕਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ । ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਤਸੱਦਦ ਲਈ ਉਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ । ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਦੇ ਨੌਜਵਾਨਾਂ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਵੱਡੀ ਗਿਣਤੀ ਵਿੱਚ ਲੋਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਇਸ ਤੋਂ ਪਹਿਲਾਂ ਪਿੰਡ ਬਹਿਬਲ ਕਲਾਂ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ, ਸ੍ਰੀ ਬਲਬੀਰ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋ ਸਮੇਤ ਵੱਡੀ ਗਿਣਤੀ ਵਿੱਚ ਬੁਲਾਰਿਆਂ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਵਾਪਰੇ ਬੇਅਦਬੀ ਕਾਂਡ ਦੀ ਘੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਤੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਇਸ ਘਟਨਾ ਲਈ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਗਿਆ ਚੋਣ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਬੇਅਦਬੀ ਕਾਂਡ ਅਤੇ ਗੋਲੀ ਕਾਂਡ ਨਾਲ ਸਬੰਧਤ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਸਜ਼ਾ ਦਿਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੋਣ ਜ਼ਾਬਤਾ ਖਤਮ ਹੋਣ ਮਗਰੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗ੍ਰੰਥੀ ਨੂੰ 5 ਲੱਖ ਰੁਪਏ ਅਤੇ ਪਿੰਡ ਪੰਜਗਰਾਈਂ ਖੁਰਦ ਨਾਲ ਸਬੰਧਤ ਤਸੱਦਦ ਦਾ ਸ਼ਿਕਾਰ 2 ਨੌਜਵਾਨਾਂ ਨੂੰ 15 ਲੱਖ ਰੁਪਏ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਬੁਲਾਰਿਆ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਆਉਣ ਵਾਲੇ ਅਕਾਲੀ ਦਲ ਦੇ ਆਗੂਆਂ ਨੂੰ ਉਹ ਇਹ ਸਵਾਲ ਜ਼ਰੂਰ ਪੁੱਛਣ ਕਿ ਬੇਦਅਬੀ ਕਾਂਡ ਕਿਉਂ ਹੋਇਆ , ਪੁਲਿਸ ਨੇ ਬੇਕਸੂਰ ਲੋਕਾਂ ਦਾ ਕਤਲ ਕਿਉਂ ਕੀਤਾ ਅਤੇ ਦੋਸ਼ੀਆਂ ਨੂੰ ਅਕਾਲੀ ਸਰਕਾਰ ਵੱਲੋਂ ਸਜ਼ਾ ਕਿਉਂ ਨਹੀਂ ਦਿਵਾਈ ਗਈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਹਰੇਕ ਥਾਂ ਤੇ ਮੂੰਹ ਛੁਪਾ ਕੇ ਭੱਜ ਰਿਹਾ ਅਤੇ ਡਰਦਾ ਲੋਕਾਂ ਦੀ ਕਚਹਿਰੀ ਵਿੱਚ ਵੀ ਨਹੀਂ ਜਾ ਰਿਹਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ ਕਿਉਂਕਿ ਆਕਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਲੋਕ ਹਿੱਤ ਦੀ ਥਾਂ ਤੇ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਅਤੇ ਪੰਜਾਬ ਨੂੰ  ਪੂਰੀ ਤਰ੍ਹਾ ਉਲਟਾ ਦਿੱਤਾ । ਇਸ ਮੌਕੇ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਸਮੂਹ ਮੰਤਰੀ ਸਹਿਬਾਨਾਂ, ਵਿਧਾਇਕਾਂ, ਪਾਰਟੀ ਆਗੂਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ । ਇਸ ਮੋਕੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸਾਬਕਾ ਵਿਧਾਇਕ ਮੁਹੰਮਦ ਸਦੀਕ, ਵਿਧਾਇਕ ਡਾ. ਹਰਕੰਵਲਜੋਤ ਮੋਗਾ, ਵਿਧਾਇਕ ਸ: ਦਰਸ਼ਨ ਸਿੰਘ ਬਰਾੜ, ਵਿਧਾਇਕ ਸ: ਗੁਰਦੀਪ ਸਿੰਘ ਵੈਦ ਤੋਂ ਇਲਾਵਾ ਭਾਈ ਰਾਹੁਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ ।