ਜ਼ਿਲਾ ਅਰਬਨ ਇਨਫ੍ਰਾਸਟਰਕਚਰ ਕਮੇਟੀ ਦੀ ਮੀਟਿੰਗ ‘ਚ ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਨਗਰ ਨਿਗਮ ਵੱਲੋਂ ਸ਼ੁਰੂ ਕੀਤੇ ਗਏ ਕੰਮਾਂ ਦਾ ਲਿਆ ਜਾਇਜ਼ਾ

ਮੋਗਾ 6 ਸਤੰਬਰ:(ਜਸ਼ਨ): ਮੋਗਾ ਸ਼ਹਿਰ ਦੀ ਸਾਫ਼-ਸਫ਼ਾਈ ਕਰਵਾ ਕੇ ਇਸ ਨੂੰ ਸੁੰਦਰ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਡੀ.ਪੀ.ਐਸ. ਖਰਬੰਦਾ ਨੇ ਅੱਜ ਨਗਰ ਨਿਗਮ ਮੋਗਾ ਵਿਖੇ ਜ਼ਿਲਾ ਅਰਬਨ ਇਨਫ੍ਰਾਸਟਰਕਚਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਨੀਤਾ ਦਰਸ਼ੀ, ਮੇਅਰ ਅਕਸ਼ਿਤ ਜੈਨ, ਸੀਨੀਅਰ ਡਿਪਟੀ ਮੇਅਰ ਅਨਿਲ ਬਾਂਸਲ, ਡਿਪਟੀ ਮੇਅਰ ਜਰਨੈਲ ਸਿੰਘ ਤੋ ਇਲਾਵਾ ਨਗਰ ਨਿਗਮ ਦੇ ਕੌਸਲਰ ਤੇ ਹੋਰ ਕਮੇਟੀ ਮੈਬਰ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਨਗਰ ਨਿਗਮ ਵੱਲੋ ਸ਼ੁਰੂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਅਤੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਦੱਸਿਆ ਕਿ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੇਨ ਬਜ਼ਾਰ ‘ਚ ਦੁਕਾਨਾਂ ਦੇ ਅੱਗੇ ਪੀਲੀ ਲਾਈਨ ਲਗਾਈ ਜਾਵੇਗੀ ਅਤੇ ਦੁਕਾਨਾਂ ਸਾਹਮਣੇ ਖੜੇ ਵਾਹਨਾਂ ਅਤੇ ਪਏ ਸਮਾਨ ਨੂੰ ਹਟਾਇਆ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਦੀ ਮੇਨ ਸੜਕ ‘ਤੇ ਐਲ.ਈ.ਡੀ. ਲਗਾਈਆਂ ਜਾਣਗੀਆਂ, ਤਾਂ ਜੋ ਰਾਹਗੀਰਾਂ ਨੂੰ ਰਾਤ ਵੇਲੇ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਕਮੇਟੀ ਮੈਬਰਾਂ ਵੱਲੋਂ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਜਾਨਵਰਾਂ ਬਾਰੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਉਣ ‘ਤੇ ਉਨਾਂ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦੇ ਕੇ ਸ਼ਹਿਰ ਵਾਸੀਆਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚੋ ਨਜਾਇਜ ਕਬਜੇ ਹਟਾਉਣ ਅਤੇ ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਵੀ ਉਚੇਚਾ ਧਿਆਨ ਦੇਣ ਲਈ ਆਖਿਆ।