ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 7 ਸਤੰਬਰ (ਜਸ਼ਨ)- ‘ਮਿਸ਼ਨ ਤੰਦਰੁਸਤ ਪੰਜਾਬ‘ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕਤਾ ਕੈਪਾਂ ਰਾਹੀ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਦਾਣਾ ਮੰਡੀ ਬਾਘਾਪੁਰਾਣਾ ਵਿਖੇ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਖੇਤੀਬਾੜੀ ਅਫਸਰ ਡਾ. ਜਰਨੈਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾੳੂ ਸ਼ਕਤੀ ਵੀ ਘੱਟਦੀ ਹੈ। ਇਸ ਤੋਂ ਇਲਾਵਾ ਜ਼ਮੀਨ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨਾ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨੇੜਲੇ ਖੇਤਾਂ ਵਿੱਚ ਖੜੀ ਫਸਲ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਅੱਗ ਲਗਾਉਣ ਨਾਲ ਉੱਠਦੇ ਧੂੰਏ ਕਾਰਨ ਜਿੱਥੇ ਮਨੁੱਖੀ ਸਰੀਰ ਨੂੰ ਕਈ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ ਉਥੇ ਹੀ ਕਈ ਸੜਕ ਹਾਦਸੇ ਵੀ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਅਜਿਹੇ ਹਾਦਸਿਆਂ ਵਿੱਚ ਕਈ ਅਨਮੋਲ ਮਨੁੱਖੀ ਜਾਨਾ ਅਜਾਂਈ ਚਲੀਆਂ ਜਾਂਦੀਆਂ ਹਨ। ਉਨਾ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਖੇਤ ਦੇ ਵਿੱਚ ਹੀ ਵਾਹ ਦੇਵੇ ਤਾਂ ਇਸ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇਗੀ, ਉਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੁੰਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਕਿ ਪੈਡੀ ਚੌਪਰ-ਕਮ-ਸਪਰੈਡਰ, ਮਲਚਰ, ਸੁਪਰ ਐਸਐਮਐਸ, ਬੇਲਰ ਅਤੇ ਰੇਕਰ ਦੀ ਵਰਤੋਂ ਕਰਨ। ਉਨਾ ਕਿਹਾ  ਕਿ ਜੇਕਰ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਤਾਂ ਇਸ ਨਾਲ ਜਿੱਥੇ ਕਿਸਾਨਾਂ ਦਾ ਖਰਚਾ ਘਟੇਗਾ, ਉਥੇ ਹੀ ਫ਼ਸਲ ਤੋਂ ਵਧੇਰੇ ਝਾੜ ਵੀ ਲਿਆ ਜਾ ਸਕਦਾ ਹੈ। ਉਨਾ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਖਾਦਾਂ ਅਤੇ ਕੀਟਨਾਸਕ ਦਵਾਈਆਂ ਦੀ ਵਰਤੋਂ ਕਰਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।