ਜੁਆਇੰਟ ਸੈਕਟਰੀ ਆਰ.ਕੇ. ਚੌਧਰੀ ਨੇ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ 13 ਸਿਤੰਬਰ (ਸੰਦੀਪ ਕੰਬੋਜ ਜਈਆ) :-ਜੁਆਇੰਟ ਸੈਕਟਰੀ ਭਾਰਤ ਸਰਕਾਰ  ਸ੍ਰੀ ਆਰ.ਕੇ.ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ  ਵੱਖ-ਵੱਖ ਵਿਭਾਗਾਂ ਵੱਲੋਂ ਚਲਾਏ ਜਾਂਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਵਿੰਦਰਪਾਲ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਜੁਆਇੰਟ ਸੈਕਟਰੀ ਸ੍ਰੀ ਆਰ.ਕੇ.ਚੌਧਰੀ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਮੇਂ-ਸਮੇਂ ਤੇ ਸਰਕਾਰੀ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਤਾਂ ਜੋ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਵਿਕਾਸਸ਼ੀਲ ਜ਼ਿਲ੍ਹਿਆਂ ਦੀ ਕਤਾਰ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਨੇ  ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ  ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਭੂਮੀ ਰੱਖਿਆ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਪਹੁੰਚਾਉਣ ਲਈ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਇੰਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਮਿਲ ਜੁੱਲ ਕੇ ਹੱਲ ਲੱਭਣ ਲਈ ਅਧਿਕਾਰੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਨੇਕ ਸਿੰਘ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ,  ਮੁੱਖ ਖੇਤੀਬਾੜੀ ਅਫ਼ਸਰ ਸ. ਰਛਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।